ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਇਤਿਹਾਸਕ ਪਹਿਲਕਦਮੀ : ਕਾਂਗਰਸੀ ਆਗੂ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਇਤਿਹਾਸਕ ਪਹਿਲਕਦਮੀ : ਕਾਂਗਰਸੀ ਆਗੂ
Publish Date: Sat, 14 Nov 2026 03:51 PM (IST)
Updated Date: Sat, 14 Nov 2026 03:54 PM (IST)
ਭਲਕੇ ਹਲਕਾ ਜੈਤੋ ਪਹੁੰਚੇਗੀ ਯਾਤਰਾ; ਹਰ ਨਾਗਰਿਕ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਨੌਜਵਾਨ ਪੀੜ੍ਹੀ ਦਰਮਿਆਨ ਵਧ ਰਹੀ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਅਤੇ ਸੂਬੇ ਦੇ ਭਵਿੱਖ ਨੂੰ ਲੈ ਕੇ ਬਣੀਆਂ ਚਿੰਤਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸਮਾਜ ਵਿੱਚ ਨਵੀਂ ਚੇਤਨਾ ਪੈਦਾ ਕਰਨ ਵੱਲ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਪਹਿਲਕਦਮੀ ਕਰਾਰ ਦਿੱਤਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ), ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਅਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ। ਨੌਜਵਾਨ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਿਹਤਮੰਦ ਸੋਚ ਤੇ ਸਮਰੱਥਾ ਨਾਲ ਹੀ ਪੰਜਾਬ ਦੀ ਤਰੱਕੀ ਸੰਭਵ ਹੈ। ਇਸ ਲਈ ਨੌਜਵਾਨਾਂ ਨੂੰ ਸਹੀ ਦਿਸ਼ਾ, ਬਿਹਤਰ ਮੌਕੇ ਅਤੇ ਅੱਗੇ ਵਧਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਰਾਹੀਂ ਨੌਜਵਾਨਾਂ ਦੇ ਭਵਿੱਖ ਅਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਯਾਤਰਾ ਦਾ ਮਕਸਦ ਕੇਵਲ ਇੱਕ ਸਥਾਨ ਤੋਂ ਦੂਜੇ ਸਥਾਨ ਤੱਕ ਪਹੁੰਚਣਾ ਨਹੀਂ, ਬਲਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਜਾਗਰੂਕਤਾ ਪੈਦਾ ਕਰਦਿਆਂ ਹਰ ਵਰਗ ਨੂੰ ਪੰਜਾਬ ਦੀ ਜਵਾਨੀ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਹ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 16 ਨਵੰਬਰ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਇਲਾਕੇ ਦੇ ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਸ਼ਮੂਲੀਅਤ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਮਿਸ਼ਨ 2027 ਤਹਿਤ ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੇ ਖ਼ਾਤਮੇ, ਰੁਜ਼ਗਾਰ ਅਤੇ ਸੂਬੇ ਦੇ ਵਿਕਾਸ ਵਰਗੇ ਮੁੱਦੇ ਅਹਿਮ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਲਈ ਪਰਿਵਾਰਾਂ, ਸਮਾਜਿਕ ਜਥੇਬੰਦੀਆਂ ਅਤੇ ਹਰ ਨਾਗਰਿਕ ਨੂੰ ਮਿਲ ਕੇ ਜ਼ਮੀਨੀ ਪੱਧਰ ’ਤੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ, ਵਿੱਦਿਅਕ ਸੰਸਥਾਵਾਂ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਹੀ ਇੱਕ ਸਿਹਤਮੰਦ ਅਤੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਜੇਕਰ ਪੰਜਾਬ ਦੀ ਜਵਾਨੀ ਸੁਰੱਖਿਅਤ ਰਹੇਗੀ ਤਾਂ ਸੂਬੇ ਦਾ ਭਵਿੱਖ ਵੀ ਸੁਰੱਖਿਅਤ ਰਹੇਗਾ। ਅੰਤ ਵਿੱਚ ਕਾਂਗਰਸੀ ਆਗੂਆਂ ਨੇ ਹਲਕਾ ਜੈਤੋ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ, ਕਾਂਗਰਸੀ ਆਗੂਆਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ 16 ਨਵੰਬਰ ਨੂੰ ਸਵੇਰੇ 10 ਵਜੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਪਹੁੰਚ ਰਹੀ ਇਸ ਸਾਈਕਲ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।