ਪ੍ਰਦੂਸ਼ਿਤ ਹਵਾ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ, ਸਾਹ ਦੇ ਮਰੀਜ਼ ਵਧੇ ਪ੍ਰਦੂਸ਼ਿਤ ਹਵਾ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ, ਸਾਹ ਦੇ ਮਰੀਜ਼ ਵਧੇ
Publish Date: Sat, 14 Nov 2026 04:14 PM (IST)
Updated Date: Sat, 14 Nov 2026 04:15 PM (IST)
ਖਾਂਸੀ-ਜ਼ੁਕਾਮ ਤੇ ਛਾਤੀ ਜਾਮ ਹੋਣ ਦੀਆਂ ਸ਼ਿਕਾਇਤਾਂ ਵਧੀਆਂ ਜੈਤੋ ਸਿਵਲ ਹਸਪਤਾਲ ਦੀ ਓਪੀਡੀ ’ਚ 25 ਫੀਸਦੀ ਵਾਧਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਵਾਤਾਵਰਣ ਵਿੱਚ ਘੁਲ ਰਿਹਾ ਜ਼ਹਿਰੀਲਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਲਗਾਤਾਰ ਵਿਗੜ ਰਹੀ ਹਵਾ ਦੀ ਗੁਣਵੱਤਾ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਤ ਇਹ ਹਨ ਕਿ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ, ਅੱਖਾਂ ਵਿੱਚ ਜਲਣ, ਗਲੇ ਵਿੱਚ ਖਰਾਸ਼, ਖਾਂਸੀ, ਜ਼ੁਕਾਮ ਅਤੇ ਛਾਤੀ ਵਿੱਚ ਬਲਗਮ ਜਮਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜ਼ਹਿਰੀਲੀ ਹਵਾ ਦਾ ਸਭ ਤੋਂ ਵੱਧ ਮਾੜਾ ਅਸਰ ਪਹਿਲਾਂ ਤੋਂ ਹੀ ਸਾਹ ਅਤੇ ਦਮੇ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ’ਤੇ ਪੈ ਰਿਹਾ ਹੈ, ਜਦਕਿ ਛੋਟੇ ਬੱਚੇ ਅਤੇ ਬਜ਼ੁਰਗ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਵਾਧਾ ਹੋਣ ਨਾਲ ਹਰ ਸਾਲ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਜਾਂਦੀ ਹੈ। ਖੇਤਾਂ ਵਿੱਚੋਂ ਉੱਠਦਾ ਧੂੰਆਂ ਵਾਤਾਵਰਣ ਵਿੱਚ ਫੈਲ ਕੇ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਸਿਹਤ ’ਤੇ ਮਾੜੇ ਪ੍ਰਭਾਵ ਪੈ ਰਹੇ ਹਨ। ਇਸ ਦਾ ਅਸਰ ਹੁਣ ਸਿਹਤ ਸੰਸਥਾਵਾਂ ਵਿੱਚ ਵੀ ਸਪੱਸ਼ਟ ਦਿਖਾਈ ਦੇਣ ਲੱਗਾ ਹੈ। ਖਰਾਬ ਮੌਸਮ ਅਤੇ ਪ੍ਰਦੂਸ਼ਿਤ ਹਵਾ ਕਾਰਨ ਖਾਂਸੀ, ਜ਼ੁਕਾਮ, ਸਾਹ ਦੀ ਤਕਲੀਫ਼ ਅਤੇ ਛਾਤੀ ਵਿੱਚ ਬਲਗਮ ਜਮਣ ਦੀਆਂ ਸ਼ਿਕਾਇਤਾਂ ਲੈ ਕੇ ਮਰੀਜ਼ ਵੱਡੀ ਗਿਣਤੀ ਵਿੱਚ ਹਸਪਤਾਲਾਂ ਦਾ ਰੁਖ਼ ਕਰ ਰਹੇ ਹਨ। ਇਸ ਕਾਰਨ ਹਸਪਤਾਲਾਂ ਦੀ ਰੋਜ਼ਾਨਾ ਓਪੀਡੀ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੈਤੋ ਦੇ ਸੇਠ ਰਾਮ ਨਾਥ ਸਿਵਲ ਹਸਪਤਾਲ ਵਿੱਚ ਵੀ ਪ੍ਰਦੂਸ਼ਣ ਕਾਰਨ ਪ੍ਰਭਾਵਿਤ ਮਰੀਜ਼ਾਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਹਸਪਤਾਲ ਦੀ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਲਗਭਗ 25 ਫ਼ੀਸਦੀ ਵਧਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਿਹਤ ਵਿਭਾਗ ਵੱਲੋਂ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਨੂੰ ਨੋਡਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਾਖ਼ਲ ਕਰਕੇ ਉਨ੍ਹਾਂ ਦਾ ਬਿਹਤਰ ਇਲਾਜ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪ੍ਰਦੂਸ਼ਿਤ ਹਵਾ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਮਾਹਿਰਾਂ ਅਨੁਸਾਰ ਹਵਾ ਵਿੱਚ ਮੌਜੂਦ ਪ੍ਰਦੂਸ਼ਿਤ ਕਣ ਸਾਹ ਰਾਹੀਂ ਸਰੀਰ ਅੰਦਰ ਦਾਖਲ ਹੋ ਕੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੇ ਹਨ। ਇਸ ਨਾਲ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਛੋਟੇ ਬੱਚਿਆਂ ਦੇ ਫੇਫੜੇ ਵਿਕਾਸ ਅਧੀਨ ਹੋਣ ਅਤੇ ਬਜ਼ੁਰਗਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੋਣ ਕਾਰਨ ਉਨ੍ਹਾਂ ਨੂੰ ਪ੍ਰਦੂਸ਼ਣ ਦਾ ਵਧੇਰੇ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਹਵਾ ਪ੍ਰਦੂਸ਼ਣ ਦਾ ਪ੍ਰਭਾਵ ਸਿਰਫ਼ ਸਾਹ ਪ੍ਰਣਾਲੀ ਤੱਕ ਹੀ ਸੀਮਤ ਨਹੀਂ ਰਹਿੰਦਾ, ਸਗੋਂ ਇਹ ਦਿਲ ਅਤੇ ਖੂਨ ਦੀਆਂ ਨਾੜੀਆਂ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ ਵੀ ਵਧਾ ਸਕਦਾ ਹੈ। ਇਸ ਤੋਂ ਇਲਾਵਾ ਦਮੇ ਦੀ ਬਿਮਾਰੀ, ਫੇਫੜਿਆਂ ਦੇ ਰੋਗ, ਨਿਮੋਨੀਆ, ਫੇਫੜਿਆਂ ਦੇ ਕੈਂਸਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਵੀ ਪ੍ਰਦੂਸ਼ਣ ਦਾ ਸਬੰਧ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਲੰਮੇ ਸਮੇਂ ਤੱਕ ਪ੍ਰਦੂਸ਼ਿਤ ਹਵਾ ਵਿੱਚ ਰਹਿਣ ਨਾਲ ਦਿਲ ਦੀਆਂ ਬਿਮਾਰੀਆਂ, ਸਟ੍ਰੋਕ ਅਤੇ ਮਾਨਸਿਕ ਸਿਹਤ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਅਜਿਹੇ ਹਾਲਾਤ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਡੱਬੀ ਖਰਾਬ ਮੌਸਮ ਕਾਰਨ ਮਰੀਜ਼ਾਂ ਦੀ ਗਿਣਤੀ ਵਧੀ : ਡਾ. ਵਰਿੰਦਰ ਕੁਮਾਰ ਜੈਤੋ ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਫੈਲ ਰਹੇ ਧੂੰਏਂ ਕਾਰਨ ਲੋਕਾਂ ਨੂੰ ਦਰਪੇਸ਼ ਸਿਹਤ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਕਾਰਨ ਹਸਪਤਾਲ ਵਿੱਚ ਮਰੀਜ਼ਾਂ ਦੀ ਆਮਦ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਹੀ ਦਮੇ ਜਾਂ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਵਿੱਚ ਇਨ੍ਹਾਂ ਬਿਮਾਰੀਆਂ ਦੇ ਲੱਛਣ ਵਧੇਰੇ ਗੰਭੀਰ ਹੋ ਰਹੇ ਹਨ। ਪ੍ਰਦੂਸ਼ਿਤ ਹਵਾ ਕਾਰਨ ਲੋਕਾਂ ਨੂੰ ਅੱਖਾਂ ਵਿੱਚ ਜਲਣ, ਸਾਹ ਲੈਣ ਵਿੱਚ ਤਕਲੀਫ਼, ਥਕਾਵਟ ਅਤੇ ਚਿੜਚਿੜੇਪਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗੰਭੀਰ ਸਮੱਸਿਆ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣ। ਡੱਬੀ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ : ਡਾ. ਵਰਿੰਦਰ ਕੁਮਾਰ ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਧੂੰਏਂ ਅਤੇ ਪ੍ਰਦੂਸ਼ਿਤ ਹਵਾ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਕੁਝ ਅਹਿਮ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਹਵਾ ਦੀ ਗੁਣਵੱਤਾ ਖਰਾਬ ਹੋਵੇ ਤਾਂ ਖੁੱਲ੍ਹੇ ਵਿੱਚ ਸੈਰ ਕਰਨ, ਸਾਈਕਲਿੰਗ ਅਤੇ ਦੌੜਨ ਤੋਂ ਗੁਰੇਜ਼ ਕੀਤਾ ਜਾਵੇ। ਬੇਹੱਦ ਜ਼ਰੂਰੀ ਹੋਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਜਾਣ ਸਮੇਂ ਮੂੰਹ ਅਤੇ ਨੱਕ ਨੂੰ ਢੁੱਕਵੇਂ ਮਾਸਕ ਨਾਲ ਢੱਕਿਆ ਜਾਵੇ। ਉਨ੍ਹਾਂ ਕਿਹਾ ਕਿ ਸਾਹ ਅਤੇ ਦਮੇ ਦੇ ਮਰੀਜ਼ ਆਪਣੀਆਂ ਨਿਰਧਾਰਤ ਦਵਾਈਆਂ ਅਤੇ ਇਨਹੇਲਰ ਹਮੇਸ਼ਾ ਆਪਣੇ ਨਾਲ ਰੱਖਣ ਅਤੇ ਡਾਕਟਰ ਵੱਲੋਂ ਦਿੱਤੀ ਹਦਾਇਤ ਅਨੁਸਾਰ ਹੀ ਵਰਤੋਂ ਕਰਨ। ਇਸ ਤੋਂ ਇਲਾਵਾ ਘਰਾਂ ਅਤੇ ਆਲੇ-ਦੁਆਲੇ ਧੂੜ ਉੱਡਣ ਤੋਂ ਰੋਕਣ ਲਈ ਲੋੜ ਅਨੁਸਾਰ ਪਾਣੀ ਦਾ ਛਿੜਕਾਅ ਕੀਤਾ ਜਾਵੇ। ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਇਕੱਠੇ ਹੋਏ ਘਾਹ, ਪੱਤਿਆਂ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਢੁੱਕਵੇਂ ਢੰਗ ਨਾਲ ਨਿਪਟਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੁਰੱਖਿਆ ਨੂੰ ਪਹਿਲ ਦੇਣ।