- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਡ ਸਾਹਿਬ ਦੇ ਸਰਕਾਰੀ ਸਕੂਲ ’ਚ ਆਧੁਨਿਕ ਸਾਇੰਸ ਲੈਬ ਤਿਆਰ, ਵਿਦਿਆਰਥੀਆਂ ਨੂੰ ਮਿਲਣਗੀਆਂ ਡਿਜੀਟਲ ਤੇ ਪ੍ਰੈਕਟੀਕਲ ਸਿੱਖਿਆ ਦੀਆਂ ਸਹੂਲਤਾਂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਦਲਦੇ ਸਰੂਪ ਦੇ ਨਾਲ ਹੁਣ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਾਤਮਕ ਸਿੱਖਿਆ ਦੇਣ ਵੱਲ ਵੀ ਕਦਮ ਵਧਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਅਤਿ-ਆਧੁਨਿਕ ਸਾਇੰਸ ਲੈਬ ਤਿਆਰ ਕੀਤੀ ਗਈ ਹੈ, ਜਿਸ ਦਾ ਉਦਘਾਟਨ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਨਵੀਂ ਲੈਬ ਵਿੱਚ ਆਧੁਨਿਕ ਤਕਨੀਕ ਅਤੇ ਵਿਗਿਆਨਕ ਉਪਕਰਨਾਂ ਦੀ ਉਪਲਬਧਤਾ ਨਾਲ ਵਿਦਿਆਰਥੀਆਂ ਨੂੰ ਵਿਗਿਆਨ ਦੇ ਵਿਸ਼ਿਆਂ ਨੂੰ ਸਮਝਣ ਅਤੇ ਖੁਦ ਪ੍ਰਯੋਗ ਕਰਨ ਦੇ ਵਧੇਰੇ ਮੌਕੇ ਮਿਲਣਗੇ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਤਿਆਰ ਕੀਤੀ ਗਈ ਇਸ ਪ੍ਰਯੋਗਸ਼ਾਲਾ ਵਿੱਚ 3ਡੀ ਇੰਟਰਐਕਟਿਵ ਪੈਨਲ, ਸਮਾਰਟ ਬੋਰਡ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਲਈ ਲੋੜੀਂਦੇ ਆਧੁਨਿਕ ਵਿਗਿਆਨਕ ਉਪਕਰਨ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਉਪਕਰਨਾਂ ਦੀ ਸੁਰੱਖਿਅਤ ਸੰਭਾਲ ਲਈ ਵੱਖਰਾ ਸਟੋਰ ਰੂਮ ਅਤੇ ਸਾਇੰਸ ਅਧਿਆਪਕ ਲਈ ਵਿਸ਼ੇਸ਼ ਕਮਰਾ ਵੀ ਬਣਾਇਆ ਗਿਆ ਹੈ। ਉਦਘਾਟਨ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਸਹੂਲਤਾਂ ਦੇਣਾ ਹੈ, ਜਿਨ੍ਹਾਂ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਲੈਬਾਰਟਰੀਆਂ ਅਤੇ ਅਧਿਆਪਕਾਂ ਦੀ ਸਮਰੱਥਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਲਗਭਗ 870 ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਵਰਗੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਅਤੇ ਲੋੜੀਂਦੀਆਂ ਸਹੂਲਤਾਂ ਮਿਲਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ, ਵਿਗਿਆਨਕ ਸੋਚ ਅਪਣਾਉਣ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਅਕਾਦਮਿਕ, ਸਹਿ-ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਚੰਗੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰਿੰਸੀਪਲ ਨੇ ਸਕੂਲ ਦੇ ਬਹੁਮੰਤਵੀ ਹਾਲ ਦੀ ਵੱਡੇ ਪੱਧਰ ’ਤੇ ਮੁਰੰਮਤ ਕਰਵਾਉਣ ਦੀ ਲੋੜ ਵੀ ਵਿਧਾਇਕ ਦੇ ਧਿਆਨ ਵਿੱਚ ਲਿਆਂਦੀ। ਉਨ੍ਹਾਂ ਕਿਹਾ ਕਿ ਇਸ ਹਾਲ ਨੂੰ ਬਿਹਤਰ ਬਣਾਉਣ ਨਾਲ ਵਿਦਿਆਰਥੀਆਂ ਦੀਆਂ ਸੱਭਿਆਚਾਰਕ, ਸਾਹਿਤਕ, ਖੇਡ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਮਿਲ ਸਕਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਹਰਜਿੰਦਰ ਸਿੰਘ ਵੱਲੋਂ ਦਿੱਤੇ ਗਏ ਵਿਚਾਰ-ਉਤਸ਼ਾਹਕ ਭਾਸ਼ਣ ਨੇ ਵੀ ਹਾਜ਼ਰੀਨ ਦਾ ਧਿਆਨ ਖਿੱਚਿਆ। ਮੰਚ ਸੰਚਾਲਨ ਜਗਪ੍ਰੀਤ ਸਿੰਘ ਨੇ ਕੀਤਾ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਟੀਮ ਦੇ ਮੈਂਬਰ ਅਮਰਜੀਤ ਸਿੰਘ ਪਰਮਾਰ, ਜਗਮੋਹਨ ਸਿੰਘ ਲੱਕੀ, ਵਰਿੰਦਰਦੀਪ ਸਿੰਘ ਅਤੇ ਬਲਕਰਨ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿੱਚ ਸਕੂਲ ਇੰਚਾਰਜ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ, ਉਨ੍ਹਾਂ ਦੀ ਟੀਮ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲ ਪ੍ਰਬੰਧਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਜੰਡ ਸਾਹਿਬ ਦੇ ਸਰਕਾਰੀ ਸਕੂਲ ਵਿੱਚ ਬਣੀ ਇਹ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਤ ਰਹਿਣ ਦੀ ਬਜਾਏ ਵਿਗਿਆਨਕ ਸਿਧਾਂਤਾਂ ਨੂੰ ਪ੍ਰਯੋਗਾਂ ਰਾਹੀਂ ਸਮਝਣ ਦਾ ਮੌਕਾ ਦੇਵੇਗੀ। ਇਸ ਨਾਲ ਸਕੂਲ ਵਿੱਚ ਵਿਗਿਆਨ ਦੀ ਪੜ੍ਹਾਈ ਨੂੰ ਹੋਰ ਦਿਲਚਸਪ ਅਤੇ ਵਿਹਾਰਕ ਬਣਾਉਣ ਦੀ ਉਮੀਦ ਹੈ।