ਪਰਾਲੀ ਸਾੜਨ ਤੋਂ ਰੋਕਣ ਲਈ ਨਿੱਤਰੀ ਖੇਤੀ ਵਿਰਾਸਤ ਮਿਸ਼ਨ ਦੀ ਟੀਮ ਪਰਾਲੀ ਸਾੜਨ ਤੋਂ ਰੋਕਣ ਲਈ ਚਾਰ ਜ਼ਿਲ੍ਹਿਆਂ ਦੇ 120 ਪਿੰਡਾਂ ’ਚ ਉਤਰੀ ਖੇਤੀ ਵਿਰਾਸਤ ਮਿਸ਼ਨ ਦੀ ਟੀਮ
Publish Date: Sat, 14 Nov 2026 05:08 PM (IST)
Updated Date: Sat, 14 Nov 2026 05:09 PM (IST)
3 ਹਜ਼ਾਰ ਤੋਂ ਵੱਧ ਕਿਸਾਨਾਂ ਨਾਲ ਕੀਤਾ ਸੰਪਰਕ, ਨੁੱਕੜ ਨਾਟਕਾਂ ਰਾਹੀਂ ਪਰਾਲੀ ਪ੍ਰਬੰਧਨ ਦਾ ਸੁਨੇਹਾ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪਰਾਲੀ ਸਾੜਨ ਦੀ ਸਮੱਸਿਆ ਦੇ ਪੱਕੇ ਹੱਲ ਲਈ ਸਿਰਫ਼ ਪਾਬੰਦੀਆਂ ਅਤੇ ਜੁਰਮਾਨਿਆਂ ’ਤੇ ਨਿਰਭਰ ਰਹਿਣ ਦੀ ਬਜਾਏ ਕਿਸਾਨਾਂ ਦੀ ਸੋਚ ਬਦਲਣ ਅਤੇ ਉਨ੍ਹਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਨਾਲ ਜੋੜਨ ਦੀ ਲੋੜ ਹੈ। ਇਸੇ ਮਕਸਦ ਨਾਲ ਖੇਤੀ ਵਿਰਾਸਤ ਮਿਸ਼ਨ ਵੱਲੋਂ ਆਰਈਸੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰੋਜੈਕਟ ਊਰਜਾ ਤਹਿਤ ਫ਼ਰੀਦਕੋਟ ਸਮੇਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੇ 120 ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 25 ਅਕਤੂਬਰ 2026 ਤੋਂ ਸ਼ੁਰੂ ਹੋਈ ਇਸ ਮੁਹਿੰਮ ਦੌਰਾਨ ਹੁਣ ਤੱਕ 3 ਹਜ਼ਾਰ ਤੋਂ ਵੱਧ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਚੁੱਕਾ ਹੈ, ਜਦਕਿ 60 ਨੁੱਕੜ ਨਾਟਕਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ ਹੈ। ਇਸ ਮੁਹਿੰਮ ਦਾ ਅਸਰ ਇਹ ਵੀ ਸਾਹਮਣੇ ਆਇਆ ਹੈ ਕਿ 1000 ਤੋਂ ਵੱਧ ਕਿਸਾਨਾਂ ਨੇ ਪਰਾਲੀ ਦੇ ਬਦਲਵੇਂ ਪ੍ਰਬੰਧਨ ਤਰੀਕੇ ਅਪਣਾਉਣ ਵਿੱਚ ਦਿਲਚਸਪੀ ਦਿਖਾਈ ਹੈ। ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਰੱਖ ਕੇ ਕਣਕ ਦੀ ਬਿਜਾਈ ਕਰਨ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਵਿੱਚ ਸ਼੍ਰੈਡਰ-ਸੀਡਰ-ਸਪ੍ਰੈਡਰ (3ਐੱਸ ਮਸ਼ੀਨ), ਹੈਪੀ ਸੀਡਰ, ਸਮਾਰਟ ਸੀਡਰ ਅਤੇ ਜ਼ੀਰੋ ਟਿੱਲ ਡਰਿੱਲ ਵਰਗੀਆਂ ਮਸ਼ੀਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਖੇਤਾਂ ਵਿੱਚ ਵਾਰ-ਵਾਰ ਵਾਹੀ ਕਰਨ ਦੀ ਲੋੜ ਵੀ ਘਟਾਈ ਜਾ ਸਕਦੀ ਹੈ। ਮਿਸ਼ਨ ਅਨੁਸਾਰ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਵਿਚਕਾਰ ਸਿਰਫ਼ 15 ਤੋਂ 20 ਦਿਨਾਂ ਦਾ ਸਮਾਂ ਹੋਣ ਕਾਰਨ ਕਿਸਾਨਾਂ ਸਾਹਮਣੇ ਪਰਾਲੀ ਦੇ ਨਿਪਟਾਰੇ ਦੀ ਵੱਡੀ ਚੁਣੌਤੀ ਖੜ੍ਹੀ ਹੁੰਦੀ ਹੈ। ਇਸ ਸਮੇਂ ਦੌਰਾਨ ਮਸ਼ੀਨਰੀ ਦੀ ਉਪਲਬਧਤਾ, ਤਕਨੀਕੀ ਸਲਾਹ ਅਤੇ ਲੋੜੀਂਦੀ ਆਰਥਿਕ ਸਹਾਇਤਾ ਮਿਲਣਾ ਬਹੁਤ ਜ਼ਰੂਰੀ ਹੈ। ਖੇਤੀ ਵਿਰਾਸਤ ਮਿਸ਼ਨ ਵੱਲੋਂ ਸਾਲ 2018 ਵਿੱਚ ਚਾਰ ਜ਼ਿਲ੍ਹਿਆਂ ਦੇ 647 ਕਿਸਾਨਾਂ ’ਤੇ ਕੀਤੇ ਗਏ ਵਿਹਾਰਕ ਅਧਿਐਨ ਵਿੱਚ ਸਾਹਮਣੇ ਆਇਆ ਸੀ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੇ ਫ਼ੈਸਲਿਆਂ ਨੂੰ ਆਰਥਿਕ ਖਰਚਾ, ਮਸ਼ੀਨਾਂ ਦੀ ਉਪਲਬਧਤਾ ਅਤੇ ਅਗਲੀ ਫ਼ਸਲ ਦੇ ਨੁਕਸਾਨ ਦਾ ਡਰ ਪ੍ਰਭਾਵਿਤ ਕਰਦਾ ਹੈ। ਇਸੇ ਕਾਰਨ ਮੌਜੂਦਾ ਮੁਹਿੰਮ ਵਿੱਚ ਸਿਰਫ਼ ਜਾਗਰੂਕਤਾ ਫੈਲਾਉਣ ਤੱਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਕਿਸਾਨਾਂ ਦੇ ਤਜਰਬੇ ਵੀ ਸਾਂਝੇ ਕੀਤੇ ਜਾ ਰਹੇ ਹਨ, ਜਿਹੜੇ ਬਿਨਾਂ ਪਰਾਲੀ ਸਾੜੇ ਖੇਤੀ ਕਰ ਰਹੇ ਹਨ। ਮਿਸ਼ਨ ਦਾ ਮੰਨਣਾ ਹੈ ਕਿ ਪਰਾਲੀ ਪ੍ਰਬੰਧਨ ਨੂੰ ਸਿਰਫ਼ ਹਵਾ ਪ੍ਰਦੂਸ਼ਣ ਰੋਕਣ ਦੀ ਮੁਹਿੰਮ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਜ਼ਮੀਨ ਦੀ ਸਿਹਤ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਟਿਕਾਊ ਖੇਤੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ, ਖੇਤੀਬਾੜੀ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਪੈਣਗੇ। ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖਾਦ ਬਣਾਉਣ ’ਤੇ ਜ਼ੋਰ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਅਨੁਸਾਰ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਕਾਰ ਰਹਿੰਦ-ਖੂੰਹਦ ਨਹੀਂ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੀ ਕੁਦਰਤੀ ਸੰਪਤੀ ਹੈ। ਪਰਾਲੀ ਵਿੱਚ ਕਾਰਬਨ, ਪੋਟਾਸ਼ ਅਤੇ ਹੋਰ ਕਈ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਜੇਕਰ ਇਸ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਹੀ ਸਹੀ ਢੰਗ ਨਾਲ ਸੰਭਾਲਿਆ ਜਾਵੇ ਤਾਂ ਇਹ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਕਾਇਮ ਰੱਖਣ, ਨਮੀ ਬਚਾਉਣ ਅਤੇ ਪੌਸ਼ਟਿਕ ਤੱਤਾਂ ਦੇ ਮੁੜ ਵਰਤੋਂ ਯੋਗ ਬਣਨ ਵਿੱਚ ਸਹਾਇਕ ਹੋ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਸਮੱਸਿਆ ਦੀ ਬਜਾਏ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਦੇਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।