ਮਿਸ਼ਨ 2027 ਲਈ ਅਰਸ਼ ਸੱਚਰ ਨੇ ਵਿੱਢੀ ਸੂਬਾ ਪੱਧਰੀ ਸਰਗਰਮੀ ਮਿਸ਼ਨ 2027 ਲਈ ਅਰਸ਼ ਸੱਚਰ ਨੇ ਵਿੱਢੀ ਸੂਬਾ ਪੱਧਰੀ ਸਰਗਰਮੀ, ਸਾਂਝਾ
Publish Date: Sun, 15 Nov 2026 03:22 PM (IST)
Updated Date: Sun, 15 Nov 2026 03:24 PM (IST)
ਵਪਾਰ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਕੇ ਫ਼ਰੀਦਕੋਟ ਦਾ ਰੋਡਮੈਪ ਕੀਤਾ ਸਾਂਝਾ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਫ਼ਰੀਦਕੋਟ ਦੀ ਸਿਆਸਤ ਵਿੱਚ ਆਪਣੀ ਸਰਗਰਮੀ ਵਧਾ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਰਸ਼ ਸੱਚਰ ਸੰਗਠਨਾਤਮਕ ਪੱਧਰ ’ਤੇ ਵੀ ਆਪਣੀ ਪਕੜ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ। ਫ਼ਰੀਦਕੋਟ ਹਲਕੇ ਲਈ ਮਿਸ਼ਨ 2027 ਦੇ ਆਪਣੇ ਏਜੰਡੇ ਨੂੰ ਸਪੱਸ਼ਟ ਕਰਨ ਦੇ ਨਾਲ-ਨਾਲ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਪਾਰ ਵਿੰਗ ਦੇ ਆਗੂਆਂ ਨਾਲ ਤਾਲਮੇਲ ਵਧਾ ਰਹੇ ਹਨ। ਇਸੇ ਕੜੀ ਵਿੱਚ ਰਾਮਪੁਰਾ ਵਿਖੇ ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਵਪਾਰ ਵਿੰਗ ਤੇ ਟਰੇਡ ਕਮਿਸ਼ਨ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਰਸ਼ ਸੱਚਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਉਣ ਬਾਰੇ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਤੋਂ ਬਾਅਦ ਫ਼ਰੀਦਕੋਟ ਲਈ ਆਪਣੇ ਸਿਆਸੀ ਅਤੇ ਵਿਕਾਸ ਪੱਖੀ ਏਜੰਡੇ ਬਾਰੇ ਗੱਲ ਕਰਦਿਆਂ ਅਰਸ਼ ਸੱਚਰ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਮੁਤਾਬਕ ਕਿਸੇ ਵੀ ਹਲਕੇ ਦੀ ਤਰੱਕੀ ਸਿਰਫ਼ ਸੜਕਾਂ ਅਤੇ ਇਮਾਰਤਾਂ ਦੇ ਨਿਰਮਾਣ ਨਾਲ ਨਹੀਂ ਮਾਪੀ ਜਾ ਸਕਦੀ, ਸਗੋਂ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ, ਨਸ਼ਿਆਂ ਤੋਂ ਮੁਕਤੀ ਅਤੇ ਵਪਾਰਕ ਵਰਗ ਨੂੰ ਮਿਲਣ ਵਾਲੇ ਮਾਹੌਲ ਨਾਲ ਵੀ ਇਸ ਦਾ ਮੁਲਾਂਕਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿੱਚ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ, ਸਰਕਾਰੀ ਹਸਪਤਾਲਾਂ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸੰਤੁਲਿਤ ਵਿਕਾਸ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਜਿਹਾ ਸਨਮਾਨਜਨਕ ਤੇ ਸੁਖਾਵਾਂ ਮਾਹੌਲ ਮਿਲਣਾ ਚਾਹੀਦਾ ਹੈ, ਜਿਸ ਵਿੱਚ ਉਹ ਬਿਨਾਂ ਕਿਸੇ ਬੇਲੋੜੀ ਮੁਸ਼ਕਲ ਦੇ ਆਪਣਾ ਕਾਰੋਬਾਰ ਚਲਾ ਸਕਣ। ਅਰਸ਼ ਸੱਚਰ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸਿਆਸੀ ਮੰਚਾਂ ਤੱਕ ਸੀਮਤ ਰੱਖਣ ਦੀ ਬਜਾਏ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਪੈਰਵੀ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਕੇਵਲ ਚੋਣ ਲੜਨ ਜਾਂ ਵਿਧਾਇਕ ਬਣਨ ਦੇ ਟੀਚੇ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਬਲਕਿ ਇਸ ਨੂੰ ਹਲਕੇ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਦੀ ਜ਼ਿੰਮੇਵਾਰੀ ਵਜੋਂ ਲਿਆ ਜਾਣਾ ਚਾਹੀਦਾ ਹੈ। ਸੂਬਾ ਪੱਧਰੀ ਮੀਟਿੰਗ ਦੌਰਾਨ ਉਨ੍ਹਾਂ ਵਪਾਰ ਵਿੰਗ ਦੇ ਅਹੁਦੇਦਾਰਾਂ ਨੂੰ ਆਪੋ-ਆਪਣੇ ਇਲਾਕਿਆਂ ਦੇ ਬਾਜ਼ਾਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਜਾ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਕਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਵਪਾਰੀਆਂ ਦੇ ਮਸਲਿਆਂ ਦਾ ਰਿਕਾਰਡ ਤਿਆਰ ਕਰਕੇ ਸਰਕਾਰ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜਥੇਬੰਦੀ ਦੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅਰਸ਼ ਸੱਚਰ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਲੋਕਾਂ ਦਾ ਭਰੋਸਾ, ਜਥੇਬੰਦਕ ਮਜ਼ਬੂਤੀ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਕੰਮ ਹੀ ਕਿਸੇ ਵੀ ਆਗੂ ਦੀ ਅਸਲ ਪੂੰਜੀ ਹੋਣਗੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਲਕੇ ਨੂੰ ਨਸ਼ਾ ਮੁਕਤ, ਸਿਹਤਮੰਦ ਤੇ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ ਰਹਿਣਗੇ। ਮੀਟਿੰਗ ਦੇ ਅੰਤ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਹੁਦੇਦਾਰਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਸੀ ਤਾਲਮੇਲ ਵਧਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਦਾ ਸੰਕਲਪ ਲਿਆ।