ਰਾਸ਼ਟਰੀ ਪ੍ਰੈੱਸ ਦਿਵਸ’ ਮੌਕੇ ਵੱਖ-ਵੱਖ ਆਗੂਆਂ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਵਧਾਈ ਰਾਸ਼ਟਰੀ ਪ੍ਰੈੱਸ ਦਿਵਸ’ ਮੌਕੇ ਵੱਖ-ਵੱਖ ਆਗੂਆਂ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਵਧਾਈ
Publish Date: Sun, 15 Nov 2026 03:25 PM (IST)
Updated Date: Sun, 15 Nov 2026 03:27 PM (IST)
ਪੱਤਰਕਾਰਤਾ ਲੋਕਤੰਤਰ ਦਾ ਅਹਿਮ ਥੰਮ੍ਹ, ਨਿਰਪੱਖ ਪੱਤਰਕਾਰੀ ਸਮੇਂ ਦੀ ਮੁੱਖ ਲੋੜ : ਆਗੂ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ‘ਰਾਸ਼ਟਰੀ ਪ੍ਰੈੱਸ ਦਿਵਸ’ ਮੌਕੇ ਟਾਈਪਿਸਟ ਯੂਨੀਅਨ, ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਦੇ ਵਾਈਸ ਪ੍ਰਧਾਨ ਸੁਰਿੰਦਰ ਅਰੋੜਾ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਉੱਘੇ ਸਮਾਜ ਸੇਵੀ ਸ਼ੇਖਰ ਸ਼ਰਮਾ, ਸਮਾਜ ਸੇਵਕ ਮਨਜਿੰਦਰ ਸਿੰਘ ਭੰਗੂ ਮੋਨੂ ਅਤੇ ਸਮਾਜ ਸੇਵੀ ਪ੍ਰਿੰਸ ਸੈਨ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਰਾਸ਼ਟਰੀ ਪ੍ਰੈੱਸ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਆਗੂਆਂ ਨੇ ਕਿਹਾ ਕਿ ਹਰ ਸਾਲ 16 ਨਵੰਬਰ ਨੂੰ ‘ਰਾਸ਼ਟਰੀ ਪ੍ਰੈੱਸ ਦਿਵਸ’ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਵਿੱਚ ਸੁਤੰਤਰ, ਨਿਰਪੱਖ ਅਤੇ ਜ਼ਿੰਮੇਵਾਰ ਪ੍ਰੈੱਸ ਦੀ ਮੌਜੂਦਗੀ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਪੱਤਰਕਾਰੀ ਦੇ ਉੱਚੇ ਆਦਰਸ਼ਾਂ, ਪ੍ਰੈੱਸ ਦੀ ਆਜ਼ਾਦੀ ਅਤੇ ਇਸ ਨਾਲ ਜੁੜੀਆਂ ਸਮਾਜਿਕ ਜ਼ਿੰਮੇਵਾਰੀਆਂ ਦੀ ਯਾਦ ਵੀ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਪ੍ਰੈੱਸ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਮੀਡੀਆ ਆਮ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਜ਼ਰੂਰਤਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਇੱਕ ਮਜ਼ਬੂਤ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੱਤਰਕਾਰੀ ਦਾ ਦਾਇਰਾ ਬਹੁਤ ਵਿਸ਼ਾਲ ਹੋ ਚੁੱਕਾ ਹੈ। ਅਖ਼ਬਾਰਾਂ, ਟੈਲੀਵਿਜ਼ਨ ਅਤੇ ਡਿਜੀਟਲ ਮੀਡੀਆ ਰਾਹੀਂ ਪੱਤਰਕਾਰ ਨਾ ਸਿਰਫ਼ ਦੇਸ਼-ਵਿਦੇਸ਼ ਦੀਆਂ ਘਟਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਂਦੇ ਹਨ, ਸਗੋਂ ਸਿੱਖਿਆ, ਸਿਹਤ, ਸਮਾਜਿਕ ਜਾਗਰੂਕਤਾ, ਮਨੋਰੰਜਨ ਅਤੇ ਲੋਕ ਭਲਾਈ ਨਾਲ ਸਬੰਧਤ ਜਾਣਕਾਰੀ ਵੀ ਲੋਕਾਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਅਨੁਸਾਰ ਇੱਕ ਜ਼ਿੰਮੇਵਾਰ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੁੰਦਾ ਹੈ, ਜੋ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣ ਦੇ ਨਾਲ-ਨਾਲ ਸਮਾਜ ਵਿੱਚ ਚੰਗੀ ਸੋਚ ਅਤੇ ਉਸਾਰੂ ਤਬਦੀਲੀ ਲਿਆਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦਾ ਫਰਜ਼ ਸਿਰਫ਼ ਖ਼ਬਰਾਂ ਲੋਕਾਂ ਤੱਕ ਪਹੁੰਚਾਉਣਾ ਹੀ ਨਹੀਂ, ਸਗੋਂ ਸਮਾਜ ਦੇ ਅਣਗੌਲੇ, ਪਛੜੇ ਅਤੇ ਲੋੜਵੰਦ ਵਰਗਾਂ ਦੀਆਂ ਸਮੱਸਿਆਵਾਂ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਨਾ ਹੈ। ਪੱਤਰਕਾਰਾਂ ਨੂੰ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਅਤੇ ਸਿਆਸਤ ਦਾ ਆਪਸੀ ਸਬੰਧ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਮਹੱਤਵ ਰੱਖਦਾ ਹੈ। ਜਦੋਂ ਮੀਡੀਆ ਅਤੇ ਲੋਕ ਨੁਮਾਇੰਦੇ ਆਪਸੀ ਤਾਲਮੇਲ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਦੇ ਹਨ ਤਾਂ ਲੋਕ ਭਲਾਈ ਸਕੀਮਾਂ, ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੱਤਰਕਾਰਤਾ ਦੀ ਭਰੋਸੇਯੋਗਤਾ ਬਣਾਈ ਰੱਖਣ ਲਈ ਨਿਰਪੱਖਤਾ, ਸੱਚਾਈ ਅਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਅੰਤ ਵਿੱਚ ਸਮੂਹ ਆਗੂਆਂ ਨੇ ਕਿਹਾ ਕਿ ‘ਰਾਸ਼ਟਰੀ ਪ੍ਰੈੱਸ ਦਿਵਸ’ ਸਿਰਫ਼ ਵਧਾਈਆਂ ਦੇਣ ਦਾ ਦਿਨ ਨਹੀਂ, ਸਗੋਂ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਮੁੜ ਯਾਦ ਕਰਨ ਦਾ ਮੌਕਾ ਵੀ ਹੈ। ਇਸ ਮੌਕੇ ਸਾਨੂੰ ਸਾਰਿਆਂ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਸਮਾਜ ਅਤੇ ਦੇਸ਼ ਦੀ ਬਿਹਤਰੀ, ਲੋਕਤੰਤਰ ਦੀ ਮਜ਼ਬੂਤੀ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਹੋਰ ਵੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇ।