ਅੱਖਾਂ ਦੀ ਸਾਂਭ-ਸੰਭਾਲ ਕਰਨੀ ਅਤਿ ਜ਼ਰੂਰੀ : ਸੰਤ ਰਿਸ਼ੀ ਰਾਮ ਜੀ ਅੱਖਾਂ ਦੀ ਸਾਂਭ-ਸੰਭਾਲ ਕਰਨੀ ਅਤਿ ਜ਼ਰੂਰੀ : ਸੰਤ ਰਿਸ਼ੀ ਰਾਮ ਜੀ
Publish Date: Sun, 15 Nov 2026 03:27 PM (IST)
Updated Date: Sun, 15 Nov 2026 03:30 PM (IST)
ਮੋਬਾਈਲ ਅਤੇ ਕੰਪਿਊਟਰ ਦੀ ਵਧਦੀ ਵਰਤੋਂ ਬੱਚਿਆਂ ਦੀ ਨਜ਼ਰ ਲਈ ਚਿੰਤਾ ਦਾ ਵਿਸ਼ਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅੱਖਾਂ ਮਨੁੱਖੀ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹਨ ਅਤੇ ਇਨ੍ਹਾਂ ਰਾਹੀਂ ਹੀ ਅਸੀਂ ਆਪਣੇ ਆਲੇ-ਦੁਆਲੇ ਦੀ ਦੁਨੀਆ ਨੂੰ ਦੇਖਣ ਅਤੇ ਸਮਝਣ ਦੇ ਯੋਗ ਹੁੰਦੇ ਹਾਂ। ਇਸ ਲਈ ਅੱਖਾਂ ਦੀ ਸਿਹਤ ਅਤੇ ਸਾਂਭ-ਸੰਭਾਲ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਵਰਤਣੀ ਚਾਹੀਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ.) ਚੈਨਾ ਰੋਡ, ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ ਚੈਨਾ ਰੋਡ, ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਮੋਬਾਈਲ ਫੋਨ, ਕੰਪਿਊਟਰ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਲਗਾਤਾਰ ਵਰਤੋਂ ਕਾਰਨ ਬੱਚਿਆਂ ਦੀਆਂ ਅੱਖਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਬੱਚਿਆਂ ਨੂੰ ਮੋਬਾਈਲ ਅਤੇ ਕੰਪਿਊਟਰ ਦੀ ਵਰਤੋਂ ਸਿਰਫ਼ ਲੋੜ ਅਨੁਸਾਰ ਅਤੇ ਸੀਮਤ ਸਮੇਂ ਲਈ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਛੋਟੀ ਉਮਰ ਵਿੱਚ ਹੀ ਬੱਚਿਆਂ ਨੂੰ ਨਜ਼ਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਬੱਚਿਆਂ ਨੂੰ ਚੌਥੀ-ਪੰਜਵੀਂ ਜਮਾਤ ਤੱਕ ਪਹੁੰਚਦਿਆਂ ਹੀ ਐਨਕਾਂ ਲਗਵਾਉਣੀਆਂ ਪੈ ਰਹੀਆਂ ਹਨ। ਬੱਚਿਆਂ ਵਿੱਚ ਨਜ਼ਰ ਦੀ ਕਮਜ਼ੋਰੀ ਉਨ੍ਹਾਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਗਤੀਵਿਧੀਆਂ ਅਤੇ ਸਰਵਪੱਖੀ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸੰਤ ਰਿਸ਼ੀ ਰਾਮ ਜੀ ਨੇ ਅੱਖਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਵੈਲਡਿੰਗ ਦੌਰਾਨ ਨਿਕਲਣ ਵਾਲੀ ਤੇਜ਼ ਰੌਸ਼ਨੀ, ਧੂੰਏਂ, ਮਿੱਟੀ-ਘੱਟੇ ਅਤੇ ਹੋਰ ਹਾਨੀਕਾਰਕ ਤੱਤਾਂ ਤੋਂ ਅੱਖਾਂ ਦੀ ਸੁਰੱਖਿਆ ਕਰਨੀ ਬੇਹੱਦ ਜ਼ਰੂਰੀ ਹੈ। ਬਿਨਾਂ ਸੁਰੱਖਿਆ ਉਪਕਰਨਾਂ ਦੇ ਤੇਜ਼ ਰੌਸ਼ਨੀ ਵੱਲ ਸਿੱਧਾ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਅੱਖਾਂ ਦੀਆਂ ਸਮੱਸਿਆਵਾਂ ਦੇ ਸੰਭਾਵੀ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਵਿੱਚ ਦਬਾਅ ਜਾਂ ਥਕਾਵਟ ਮਹਿਸੂਸ ਹੋਣਾ, ਦੂਰ ਜਾਂ ਨੇੜੇ ਦੀਆਂ ਚੀਜ਼ਾਂ ਸਾਫ਼ ਨਾ ਦਿਖਾਈ ਦੇਣਾ, ਅੱਖਾਂ ਵਿੱਚ ਖੁਸ਼ਕੀ, ਘੱਟ ਰੌਸ਼ਨੀ ਵਿੱਚ ਦੇਖਣ ਵਿੱਚ ਮੁਸ਼ਕਲ ਆਉਣਾ, ਧੁੰਦਲਾ ਦਿਖਾਈ ਦੇਣਾ, ਅੱਖਾਂ ਵਿੱਚ ਲਾਲੀ ਜਾਂ ਦਰਦ ਹੋਣਾ ਅਜਿਹੇ ਸੰਕੇਤ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੀ ਕੋਈ ਵੀ ਸਮੱਸਿਆ ਮਹਿਸੂਸ ਹੋਣ ਤੇ ਮਾਹਿਰ ਡਾਕਟਰ ਤੋਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਨਾਲ ਭਰਪੂਰ ਭੋਜਨ ਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਸੰਤ ਰਿਸ਼ੀ ਰਾਮ ਜੀ ਨੇ ਖ਼ਾਸ ਤੌਰ ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਕਰੀਨ ਦੀ ਵਰਤੋਂ ਦੌਰਾਨ 20-20-20 ਨਿਯਮ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਹਰ 20 ਮਿੰਟ ਬਾਅਦ 20 ਸਕਿੰਟ ਦਾ ਬ੍ਰੇਕ ਲੈ ਕੇ ਲਗਭਗ 20 ਫੁੱਟ ਦੂਰ ਪਈ ਕਿਸੇ ਵਸਤੂ ਵੱਲ ਦੇਖਣਾ ਚਾਹੀਦਾ ਹੈ। ਇਸ ਨਾਲ ਸਕਰੀਨ ਦੀ ਲਗਾਤਾਰ ਵਰਤੋਂ ਕਾਰਨ ਹੋਣ ਵਾਲੀ ਅੱਖਾਂ ਦੀ ਥਕਾਵਟ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ-ਸਮੇਂ ਤੇ ਅੱਖਾਂ ਦੀ ਜਾਂਚ ਕਰਵਾਈ ਜਾਵੇ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਣ ਤੇ ਤੁਰੰਤ ਯੋਗ ਅੱਖਾਂ ਦੇ ਮਾਹਿਰ ਨਾਲ ਸੰਪਰਕ ਕਰਨਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਜਾਂਚ ਅਤੇ ਇਲਾਜ ਰਾਹੀਂ ਨਜ਼ਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ।