ਜਵਾਨੀ ਸੰਭਾਲ ਸਾਈਕਲ ਯਾਤਰਾ ਦਾਜੈਤੋ ’ਚ ਹੋਵੇਗਾ ਭਰਵਾਂ ਸਵਾਗਤ : ਕਾਂਗਰਸੀ ਆਗੂ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਜੈਤੋ ’ਚ ਹੋਵੇਗਾ ਭਰਵਾਂ ਸਵਾਗਤ
Publish Date: Sun, 15 Nov 2026 03:30 PM (IST)
Updated Date: Sun, 15 Nov 2026 03:33 PM (IST)
ਮੁਹੰਮਦ ਸਦੀਕ ਤੇ ਰਾਜਦੀਪ ਔਲਖ ਦੀ ਅਗਵਾਈ ਹੇਠ ਇਕੱਤਰ ਹੋਣਗੇ ਕਾਂਗਰਸੀ ਵਰਕਰ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਸਾਬਕਾ ਮੁੱਖ ਮੰਤਰੀ, ਲੋਕ ਸਭਾ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੱਲੋਂ ਆਰੰਭੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਅੱਜ 16 ਨਵੰਬਰ, ਸੋਮਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿੱਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ‘ਬੂਟਾ ਔਲਖ’, ਸਾਬਕਾ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ, ਪੰਚ ਅੰਗਰੇਜ਼ ਸਿੰਘ ਸੰਧੂ, ਪੰਚ ਸਾਹਿਬ ਸਿੰਘ, ਪੰਚ ਗੁਰਮੇਲ ਸਿੰਘ, ਸਾਬਕਾ ਪੰਚ ਰਾਜਾ ਸਿੰਘ, ਕੁਲਵਿੰਦਰ ਸਿੰਘ ਵਾਂਦਰ ‘ਕਾਲੀ’, ਮੱਖਣ ਸਿੰਘ ਔਲਖ, ਪਰਵਿੰਦਰ ਸਿੰਘ ਔਲਖ, ਅਮਨਦੀਪ ਸਿੰਘ ਔਲਖ, ਸੀਰਾ ਸਿੰਘ ਵਾਂਦਰ, ਬਲਕਰਨ ਸਿੰਘ ਸਿੱਧੂ, ਅੰਗਰੇਜ਼ ਸਿੰਘ ਗਿੱਲ, ਅਨੂੰਵਿੰਦਰ ਸਿੰਘ ਵਾਂਦਰ, ਜੂਪਾ ਸਿੰਘ ਔਲਖ, ਰਾਜਾ ਸਿੰਘ ਔਲਖ ਅਤੇ ਲਵ ਔਲਖ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ ਸਵੇਰੇ 10 ਵਜੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਪਹੁੰਚੇਗੀ। ਇੱਥੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਅਤੇ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਰੋਮਾਣਾ ਅਲਬੇਲ ਸਿੰਘ ਤੋਂ ਇਸ ਯਾਤਰਾ ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਿਜਾਇਆ ਜਾਵੇਗਾ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭਿਆਨਕ ਲਾਹਨਤ ਤੋਂ ਬਚਾਉਣਾ, ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਵਿੱਚ ਭਾਗੀਦਾਰ ਬਣਨ ਲਈ ਪ੍ਰੇਰਿਤ ਕਰਨਾ ਹੈ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਸ ਦੌਰਾਨ ਚਰਨਜੀਤ ਸਿੰਘ ਚੰਨੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਵੀ ਪਹੁੰਚਣਗੇ, ਜਿੱਥੇ ਉਹ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਉਪਰੰਤ ਉਹ ਪਿੰਡ ਦੀ ਸੱਥ ਵਿੱਚ ਹੋਣ ਵਾਲੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰਨ ਦਾ ਸਸ਼ਕਤ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਨੇੜਿਓਂ ਸੁਣਿਆ ਜਾਵੇਗਾ, ਉੱਥੇ ਹੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਸਬੰਧੀ ਵੀ ਸਵਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਗੰਭੀਰ ਸਮੱਸਿਆਵਾਂ ਤੋਂ ਨਿਜਾਤ ਪਾਉਣਾ ਚਾਹੁੰਦੇ ਹਨ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦਾ ਫ਼ਤਵਾ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੋਵੇਗਾ ਅਤੇ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮੁੜ ਸੱਤਾ ਵਿੱਚ ਆਵੇਗੀ। ਅੰਤ ਵਿੱਚ ਸਮੂਹ ਕਾਂਗਰਸੀ ਆਗੂਆਂ ਨੇ ਹਲਕਾ ਜੈਤੋ ਦੇ ਲੋਕਾਂ, ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਸਾਈਕਲ ਯਾਤਰਾ ਦੇ ਸਵਾਗਤ ਮੌਕੇ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।