- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਜੈਤੋ 'ਚ ਅੱਜ ਪੁੱਜੇਗੀ ਚੰਨੀ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ'

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਵੀ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ 16 ਨਵੰਬਰ, ਸੋਮਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿੱਚ ਪਹੁੰਚ ਰਹੀ ਹੈ। ਇਸ ਸਬੰਧੀ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮੀ ਰੰਧਾਵਾ’ (ਸਾਬਕਾ ਸਰਪੰਚ ਭਗਤੂਆਣਾ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ‘ਜੱਸੀ’, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ) ਅਤੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ ਨੇ ਦੱਸਿਆ ਕਿ ਇਹ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸਵੇਰੇ 10 ਵਜੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਪਹੁੰਚੇਗੀ, ਜਿੱਥੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਯਾਤਰਾ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਰੋਮਾਣਾ ਅਲਬੇਲ ਸਿੰਘ ਤੋਂ ਯਾਤਰਾ ਨੂੰ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਵੱਡੇ ਕਾਫ਼ਲੇ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਿਜਾਇਆ ਜਾਵੇਗਾ। ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ, ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਨਸ਼ਾ ਵਿਰੋਧੀ ਚੇਤਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਸਹੀ ਦਿਸ਼ਾ ਵੱਲ ਲਿਜਾਣ ਦੀ ਹੈ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਸ ਦੌਰਾਨ ਚਰਨਜੀਤ ਸਿੰਘ ਚੰਨੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਉਪਰੰਤ ਉਹ ਪਿੰਡ ਦੀ ਸੱਥ ਵਿੱਚ ਹੋਣ ਵਾਲੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਯਾਤਰਾ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿੱਚ ਬਦਲਾਅ ਅਤੇ ਲੋਕ ਮਸਲਿਆਂ ਨੂੰ ਤਰਜੀਹ ਦੇਣ ਵਾਲੀ ਸਿਆਸਤ ਦੀ ਉਮੀਦ ਰੱਖਦੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ਿਆਂ, ਬੇਰੁਜ਼ਗਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਅੰਤ ਵਿੱਚ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਹਲਕਾ ਜੈਤੋ ਦੇ ਸਮੂਹ ਕਾਂਗਰਸੀ ਵਰਕਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਾਈਕਲ ਯਾਤਰਾ ਦੇ ਸਵਾਗਤ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।