ਕਰਤਾਰ ਸਿੰਘ ਸਰਾਭਾ ਪੰਜਾਬ ਦਾ ਸ਼ੇਰ, ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਡਾ. ਤੱਗੜ ਕਰਤਾਰ ਸਿੰਘ ਸਰਾਭਾ ਪੰਜਾਬ ਦਾ ਸ਼ੇਰ, ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਡਾ. ਤੱਗੜ
Publish Date: Sun, 15 Nov 2026 03:34 PM (IST)
Updated Date: Sun, 15 Nov 2026 03:36 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੇਵਾ ਦੇਸ਼ ਦੀ ਜ਼ਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਇਨ੍ਹਾਂ ਸਤਰਾਂ ਨੂੰ ਆਪਣੇ ਜੀਵਨ ਦਾ ਆਦਰਸ਼ ਬਣਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਤਸੀਹੇ ਝੱਲਣ ਅਤੇ ਹੱਸਦਿਆਂ-ਹੱਸਦਿਆਂ ਫਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਕੁਰਬਾਨੀਆਂ ਭਰਿਆ ਜੀਵਨ ਅੱਜ ਵੀ ਹਰ ਦੇਸ਼ ਵਾਸੀ ਲਈ ਮਾਣ ਅਤੇ ਪ੍ਰੇਰਨਾ ਦਾ ਸਰੋਤ ਹੈ। ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਦੇਸ਼ ਭਗਤੀ, ਦ੍ਰਿੜ੍ਹ ਇਰਾਦੇ ਅਤੇ ਕੌਮੀ ਆਜ਼ਾਦੀ ਲਈ ਕੀਤੇ ਸੰਘਰਸ਼ ਤੋਂ ਵੱਡੀ ਸੇਧ ਮਿਲਦੀ ਹੈ। ਸ਼ਹੀਦ ਭਗਤ ਸਿੰਘ ਵੀ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਆਦਰਸ਼, ਮਾਰਗ ਦਰਸ਼ਕ ਅਤੇ ਗੁਰੂ ਮੰਨਦੇ ਸਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਡਾ. ਪਰਮਿੰਦਰ ਸਿੰਘ ਤੱਗੜ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦਾ ਇਤਿਹਾਸ ਹਜ਼ਾਰਾਂ ਅਜਿਹੇ ਸੂਰਬੀਰਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਜਿਨ੍ਹਾਂ ਨੇ ਆਪਣੀ ਜਵਾਨੀ, ਸੁੱਖ-ਸਹੂਲਤਾਂ ਅਤੇ ਇੱਥੋਂ ਤੱਕ ਕਿ ਆਪਣੀਆਂ ਜਾਨਾਂ ਵੀ ਦੇਸ਼ ਦੇ ਲੇਖੇ ਲਾ ਦਿੱਤੀਆਂ। ਇਨ੍ਹਾਂ ਮਹਾਨ ਦੇਸ਼ ਭਗਤਾਂ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਮ ਬੇਹੱਦ ਸਤਿਕਾਰ ਅਤੇ ਮਾਣ ਨਾਲ ਲਿਆ ਜਾਂਦਾ ਹੈ। ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਦਾ ਸੁਪਨਾ ਲੈ ਕੇ ਇਨਕਲਾਬੀ ਸੰਘਰਸ਼ ਵਿੱਚ ਕੁੱਦਣ ਵਾਲੇ ਸਰਾਭਾ ਨੇ ਆਪਣੀ ਦਲੇਰੀ, ਸੂਝ-ਬੂਝ ਅਤੇ ਕੁਰਬਾਨੀ ਦੀ ਭਾਵਨਾ ਨਾਲ ਇਤਿਹਾਸ ਵਿੱਚ ਅਜਿਹੀ ਅਮਿੱਟ ਛਾਪ ਛੱਡੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਸਿਰਫ਼ ਇੱਕ ਆਜ਼ਾਦੀ ਘੁਲਾਟੀਏ ਹੀ ਨਹੀਂ ਸਨ, ਸਗੋਂ ਉਹ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਚਿਣਗ ਜਗਾਉਣ ਵਾਲੇ ਮਹਾਨ ਇਨਕਲਾਬੀ ਵੀ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਹਰ ਪਲ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤਾ ਅਤੇ ਅੰਗਰੇਜ਼ ਹਕੂਮਤ ਦੇ ਜ਼ੁਲਮਾਂ ਅੱਗੇ ਝੁਕਣ ਦੀ ਬਜਾਏ ਹੱਸਦਿਆਂ ਮੌਤ ਨੂੰ ਗਲੇ ਲਗਾਉਣਾ ਵਧੇਰੇ ਚੰਗਾ ਸਮਝਿਆ। ਉਨ੍ਹਾਂ ਦੀ ਸ਼ਹਾਦਤ ਇਸ ਗੱਲ ਦੀ ਗਵਾਹ ਹੈ ਕਿ ਦੇਸ਼ ਅਤੇ ਕੌਮ ਦੀ ਖ਼ਾਤਰ ਕੀਤੀ ਕੁਰਬਾਨੀ ਕਦੇ ਵਿਅਰਥ ਨਹੀਂ ਜਾਂਦੀ। ਡਾ. ਪਰਮਿੰਦਰ ਸਿੰਘ ਤੱਗੜ ਨੇ ਅਜੋਕੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਗ਼ਲਤ ਸੰਗਤ, ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਹੋ ਕੇ ਆਪਣਾ ਕੀਮਤੀ ਜੀਵਨ ਬਰਬਾਦ ਕਰ ਰਹੇ ਹਨ। ਅਜਿਹੇ ਨੌਜਵਾਨਾਂ ਨੂੰ ਗ਼ਦਰ ਲਹਿਰ ਦੇ ਮਹਾਨ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸੰਘਰਸ਼ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਨਸ਼ਿਆਂ ਤੇ ਗ਼ਲਤ ਰੁਝਾਨਾਂ ਤੋਂ ਦੂਰ ਰੱਖ ਕੇ ਸਿੱਖਿਆ, ਸਮਾਜ ਸੇਵਾ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਨੌਜਵਾਨਾਂ ਨੂੰ ਅਜਿਹੇ ਚੰਗੇ ਕਾਰਜ ਕਰਨੇ ਚਾਹੀਦੇ ਹਨ, ਜਿਨ੍ਹਾਂ ਨਾਲ ਉਨ੍ਹਾਂ ਦੇ ਮਾਪਿਆਂ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਹੋਵੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮਕਸਦ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਸ਼ਹੀਦਾਂ ਦੇ ਜੀਵਨ ਨਾਲ ਸਬੰਧਤ ਸੈਮੀਨਾਰ, ਵਿਚਾਰ-ਚਰਚਾਵਾਂ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ। ਵਿਦਿਅਕ ਸੰਸਥਾਵਾਂ ਵਿੱਚ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ ਲਗਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਇਤਿਹਾਸ, ਸੰਘਰਸ਼ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਨਾਲ ਜੁੜੀ ਰਹਿ ਸਕੇ। ਅੰਤ ਵਿੱਚ ਡਾ. ਪਰਮਿੰਦਰ ਸਿੰਘ ਤੱਗੜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸ਼ਹੀਦਾਂ ਦੇ ਜੀਵਨ, ਦੇਸ਼ ਭਗਤੀ ਅਤੇ ਉੱਚੇ ਨੈਤਿਕ ਆਦਰਸ਼ਾਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਅੰਦਰ ਦੇਸ਼ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਾਂਗੇ ਤਾਂ ਹੀ ਇੱਕ ਚੰਗੇ, ਸੂਝਵਾਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਭਵ ਹੋ ਸਕੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸੂਰਮਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਦਿਖਾਏ ਮਾਰਗ ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।