- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 29 ’ਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ, ਸਪੀਕਰ ਸੰਧਵਾਂ ਨੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ ਸ਼ਹਿਰ ਦੇ ਵਾਰਡ ਨੰਬਰ 29 ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਵੱਲ ਕਦਮ ਵਧਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਉਨ੍ਹਾਂ ਦਾ ਮਕਸਦ ਨਿੱਜੀ ਲਾਹਾ ਲੈਣਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨਾ ਅਤੇ ਖ਼ਾਸ ਕਰਕੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਕੀਮਤੀ ਵੋਟਾਂ ਅਤੇ ਵਿਸ਼ਵਾਸ ਰਾਹੀਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹ ਇਸ ਮੁਕਾਮ ਤੱਕ ਲੋਕਾਂ ਦੇ ਪਿਆਰ ਅਤੇ ਸਮਰਥਨ ਸਦਕਾ ਪਹੁੰਚੇ ਹਨ, ਨਾ ਕਿ ਸ਼ਰਾਬ, ਨਸ਼ੇ ਜਾਂ ਪੈਸੇ ਵੰਡ ਕੇ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਵਿੱਚ ਇੰਟਰਲਾਕ ਟਾਈਲਾਂ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਦੌਰਾਨ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਮੇਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਪੈਦਾ ਕਰਨ ਦੇ ਯਤਨ ਵੀ ਹੁੰਦੇ ਹਨ, ਪਰ ਇਨ੍ਹਾਂ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ ਨਹੀਂ ਹੋਣ ਦਿੱਤੇ ਜਾਣਗੇ। ਸਪੀਕਰ ਨੇ ਕਿਹਾ ਕਿ ਕੋਟਕਪੂਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਇਸ ਮੌਕੇ ਐਮਸੀ ਧਰਮਪਾਲ, ਐਮਸੀ ਅਜੈ ਮੋਰੀਆ, ਮਨੋਜ ਕੁਮਾਰ, ਗੋਰਾ, ਰਾਜਾ ਰਾਮ, ਚਰਨ ਦਾਸ, ਬੰਸੀ ਲਾਲ, ਹਰੀ, ਕੁਲਵਿੰਦਰ ਸਿੰਘ, ਬਲਵੰਤ ਰਾਏ, ਬਲਵਿੰਦਰ ਸਿੰਘ, ਜਰਨੈਲ ਸਿੰਘ, ਸ਼ੰਕਰ ਸਿੰਘ, ਮੁੰਸ਼ੀ ਰਾਮ, ਸਤੀਸ਼ ਕੁਮਾਰ (ਟੀਟੀਈ), ਮੁੰਦਰੀ, ਸੁਜਾਨ ਭਾਨ, ਬਲਦੇਵ ਰਾਜ, ਭਗਵਾਨ ਦਾਸ ਅਤੇ ਛੋਟੂ ਫੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।