ਪ੍ਰਾਇਮਰੀ ਸਿੱਖਿਆ ਸਰਵਪੱਖੀ ਵਿਕਾਸ ਦੀ ਮਜ਼ਬੂਤ ਬੁਨਿਆਦ : ਜਗਤਾਰ ਸਿੰਘ ਮਾਨ ਪ੍ਰਾਇਮਰੀ ਸਿੱਖਿਆ ਸਰਵਪੱਖੀ ਵਿਕਾਸ ਦੀ ਮਜ਼ਬੂਤ ਬੁਨਿਆਦ : ਜਗਤਾਰ ਸਿੰਘ ਮਾਨ
Publish Date: Mon, 16 Nov 2026 04:31 PM (IST)
Updated Date: Mon, 16 Nov 2026 04:33 PM (IST)
ਜ਼ਿਲ੍ਹਾ ਪੱਧਰੀ ਖੇਡਾਂ ’ਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪ੍ਰਾਇਮਰੀ ਸਿੱਖਿਆ ਬੱਚਿਆਂ ਦੇ ਜੀਵਨ ਦੀ ਉਹ ਮਜ਼ਬੂਤ ਨੀਂਹ ਹੈ, ਜਿਸ ਉੱਪਰ ਉਨ੍ਹਾਂ ਦੇ ਬੌਧਿਕ, ਸਰੀਰਕ, ਮਾਨਸਿਕ, ਸਮਾਜਿਕ ਅਤੇ ਨੈਤਿਕ ਵਿਕਾਸ ਦੀ ਇਮਾਰਤ ਉਸਰਦੀ ਹੈ। ਪ੍ਰਾਇਮਰੀ ਪੱਧਰ ਸਿਰਫ਼ ਕਿਤਾਬੀ ਗਿਆਨ ਹਾਸਲ ਕਰਨ ਦਾ ਹੀ ਨਹੀਂ, ਸਗੋਂ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਬੁਨਿਆਦ ਤਿਆਰ ਕਰਨ ਦਾ ਅਹਿਮ ਪੜਾਅ ਹੈ। ਇਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਜਗਤਾਰ ਸਿੰਘ ਮਾਨ ਨੇ ਸਥਾਨਕ ਬਲਾਕ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹਨ। ਖੇਡਾਂ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਅਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਹੀ ਉਨ੍ਹਾਂ ਅੰਦਰ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਹਿਯੋਗ, ਸਹਿਣਸ਼ੀਲਤਾ ਅਤੇ ਆਤਮ-ਵਿਸ਼ਵਾਸ ਵਰਗੇ ਗੁਣਾਂ ਦਾ ਵਿਕਾਸ ਵੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੀਆਂ ਲੁਕੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਯੋਗਤਾ ਦਿਖਾਉਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨਾ ਅਧਿਆਪਕਾਂ ਦੀ ਅਹਿਮ ਜ਼ਿੰਮੇਵਾਰੀ ਹੈ। ਖੇਡਾਂ ਬੱਚਿਆਂ ਨੂੰ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਅਤੇ ਜੀਵਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਪ੍ਰੇਰਨਾ ਵੀ ਦਿੰਦੀਆਂ ਹਨ। ਬੀ.ਪੀ.ਈ.ਓ. ਜਗਤਾਰ ਸਿੰਘ ਮਾਨ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਵੱਲੋਂ ਨਿਭਾਈ ਗਈ ਮਿਹਨਤ, ਲਗਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਆਯੋਜਨ ਦੀ ਸਫ਼ਲਤਾ ਪਿੱਛੇ ਅਧਿਆਪਕਾਂ ਦੀ ਸਾਂਝੀ ਟੀਮ ਭਾਵਨਾ, ਯੋਜਨਾਬੱਧ ਕਾਰਜਸ਼ੈਲੀ ਅਤੇ ਨਿਰੰਤਰ ਮਿਹਨਤ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਇਸੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਰਨਵੀਰ ਸਿੰਘ, ਰਾਜਵਿੰਦਰ ਕੌਰ ਬਰਗਾੜੀ, ਪ੍ਰਦੀਪ ਸਿੰਘ ਡੋਡ, ਮਨਪ੍ਰੀਤ ਸਿੰਘ ਹਰੀ ਨੌਂ, ਰੀਤੂ ਜੈਤੋ ਮੁੰਡੇ ਅਤੇ ਡੀ.ਆਰ.ਸੀ. ਵਕੀਲ ਸਿੰਘ ਕਮ ਸੈਂਟਰ ਮੁੱਖ ਅਧਿਆਪਕ ਨੇ ਵੀ ਸੰਬੋਧਨ ਕਰਦਿਆਂ ਖੇਡਾਂ ਦੀ ਮਹੱਤਤਾ ਅਤੇ ਅਧਿਆਪਕਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਬਲਾਕ ਖੇਡ ਅਫ਼ਸਰ ਮਨਜੀਤ ਸਿੰਘ, ਸੁਖਜੀਤ ਸਿੰਘ, ਬੀ.ਆਰ.ਸੀ. ਸੁਖਪਿੰਦਰ ਸਿੰਘ, ਆਸ਼ੀਸ਼ ਕੁਮਾਰ, ਕਲਰਕ ਪੰਕਜ ਕੁਮਾਰ, ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮਾਗਮ ਦਾ ਮੰਚ ਸੰਚਾਲਨ ਰਣਜੀਤ ਸਿੰਘ ਖੱਚੜਾਂ ਨੇ ਬਾਖ਼ੂਬੀ ਨਿਭਾਇਆ। ਅੰਤ ਵਿੱਚ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ।