- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੂਗਰ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਵਰਿੰਦਰ ਕੁਮਾਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਸ਼ਵ ਸ਼ੂਗਰ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਜੈਤੋ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਦੇ ਕਾਰਨਾਂ, ਲੱਛਣਾਂ, ਸਮੇਂ ਸਿਰ ਜਾਂਚ, ਇਲਾਜ ਅਤੇ ਇਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਸ਼ੂਗਰ ਇੱਕ ਗੰਭੀਰ ਬਿਮਾਰੀ ਹੈ, ਜਿਸ ਨੂੰ ਅਣਗੌਲਿਆ ਕਰਨ ਨਾਲ ਸਰੀਰ ਦੇ ਕਈ ਮਹੱਤਵਪੂਰਨ ਅੰਗ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਹਰ ਵਿਅਕਤੀ ਨੂੰ ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਆਮ ਤੌਰ ’ਤੇ ਬਹੁਤ ਜ਼ਿਆਦਾ ਪਿਆਸ ਲੱਗਣੀ, ਵਾਰ-ਵਾਰ ਪਿਸ਼ਾਬ ਆਉਣਾ, ਹਰ ਸਮੇਂ ਥਕਾਵਟ ਅਤੇ ਸੁਸਤੀ ਮਹਿਸੂਸ ਹੋਣਾ, ਨਜ਼ਰ ਧੁੰਦਲੀ ਪੈਣੀ, ਜ਼ਖ਼ਮਾਂ ਦਾ ਦੇਰ ਨਾਲ ਭਰਨਾ, ਹੱਥਾਂ-ਪੈਰਾਂ ਵਿੱਚ ਝੁਣਝੁਣਾਹਟ ਜਾਂ ਸੁੰਨ ਹੋਣਾ ਅਤੇ ਬਿਨਾਂ ਕਿਸੇ ਖ਼ਾਸ ਕਾਰਨ ਦੇ ਭਾਰ ਘਟਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਗਤੀਵਿਧੀਆਂ ਦੀ ਘਾਟ, ਕਸਰਤ ਨਾ ਕਰਨਾ, ਗ਼ੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਮੋਟਾਪਾ ਅਤੇ ਮਾਨਸਿਕ ਤਣਾਅ ਸ਼ੂਗਰ ਦੇ ਖ਼ਤਰੇ ਨੂੰ ਵਧਾ ਸਕਦੇ ਹਨ। ਇਸ ਤੋਂ ਇਲਾਵਾ ਪਰਿਵਾਰ ਵਿੱਚ ਕਿਸੇ ਮੈਂਬਰ ਨੂੰ ਸ਼ੂਗਰ ਹੋਣ ਦੀ ਸੂਰਤ ਵਿੱਚ ਹੋਰ ਮੈਂਬਰਾਂ ਨੂੰ ਵੀ ਇਸ ਬਿਮਾਰੀ ਦਾ ਖ਼ਤਰਾ ਵੱਧ ਸਕਦਾ ਹੈ। ਲੰਮੇ ਸਮੇਂ ਤੱਕ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਨਾ ਰਹਿਣ ਕਾਰਨ ਗੁਰਦਿਆਂ, ਅੱਖਾਂ ਅਤੇ ਨਸਾਂ ’ਤੇ ਮਾੜਾ ਅਸਰ ਪੈ ਸਕਦਾ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੋਜ਼ਾਨਾ ਸੈਰ ਅਤੇ ਕਸਰਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ। ਖਾਣੇ ਵਿੱਚ ਤਾਜ਼ੇ ਫਲਾਂ ਅਤੇ ਹਰੀਆਂ ਸਬਜ਼ੀਆਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਵੱਧ ਮਿੱਠੇ ਤੇ ਤਲੀਆਂ ਹੋਈਆਂ ਚੀਜ਼ਾਂ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਲਾਕੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸ਼ੂਗਰ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਬਿਲਕੁਲ ਮੁਫ਼ਤ ਉਪਲਬਧ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਮਾਰੀ ਤੋਂ ਬਚਾਅ ਅਤੇ ਇਸ ਨੂੰ ਕੰਟਰੋਲ ਵਿੱਚ ਰੱਖਣ ਲਈ ਨਿਯਮਤ ਜਾਂਚ ਕਰਵਾਉਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।