ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ : ਡਾ. ਲਛਮਣ ਸ਼ਰਮਾ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ : ਡਾ. ਲਛਮਣ ਸ਼ਰਮਾ
Publish Date: Mon, 16 Nov 2026 04:53 PM (IST)
Updated Date: Mon, 16 Nov 2026 04:54 PM (IST)
ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਕੀਤੀ ਮੁਲਾਕਾਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਆਸਥਾ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਦਲ ਸਿੰਘ ਵਾਲਾ ਵਿਖੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ‘ਤੀਰਥ ਯਾਤਰੀ ਸਭਾ ਸਰਵਣ ਪੁੱਤ ਮਾਨ ਨੂੰ ਬਜ਼ੁਰਗਾਂ ਦਾ ਆਸ਼ੀਰਵਾਦ’ ਮੁਹਿੰਮ ਤਹਿਤ ਉਨ੍ਹਾਂ ਨੇ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ ਅਤੇ ਪੂਰੀ ਨਿਮਰਤਾ ਤੇ ਸਤਿਕਾਰ ਨਾਲ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਤੀਰਥ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ, ਆਵਾਜਾਈ, ਰਹਿਣ-ਸਹਿਣ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਯਾਤਰਾ ਦੌਰਾਨ ਬਜ਼ੁਰਗਾਂ ਦੇ ਤਜਰਬੇ ਸੁਣਨ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਵੀ ਜਾਣੇ। ਇਸ ਦੌਰਾਨ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਉਨ੍ਹਾਂ ਨੂੰ ਬਿਨਾਂ ਕਿਸੇ ਵੱਡੀ ਮੁਸ਼ਕਲ ਦੇ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦਾ ਜੀਵਨ ਤਜਰਬਾ, ਸੂਝ-ਬੂਝ ਅਤੇ ਅਗਵਾਈ ਨਵੀਂ ਪੀੜ੍ਹੀ ਲਈ ਵੱਡਮੁੱਲੀ ਪ੍ਰੇਰਨਾ ਦਾ ਸਰੋਤ ਹੈ। ਬਜ਼ੁਰਗਾਂ ਦਾ ਮਾਣ-ਸਤਿਕਾਰ ਕਰਨਾ, ਉਨ੍ਹਾਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀਆਂ ਦੁਆਵਾਂ ਪ੍ਰਾਪਤ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਸਮਾਜ ਦੀ ਮਜ਼ਬੂਤੀ ਵਿੱਚ ਬਜ਼ੁਰਗਾਂ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡੇ ਚੰਗੇ ਸੰਸਕਾਰਾਂ ਦੀ ਅਸਲ ਪਛਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਤਜਰਬੇ ਸੁਣਨਾ ਅਤੇ ਆਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਬਜ਼ੁਰਗਾਂ ਵੱਲੋਂ ਮਿਲੇ ਪਿਆਰ, ਸਨੇਹ ਅਤੇ ਅਸੀਸਾਂ ਨੇ ਉਨ੍ਹਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਲਈ ਹੋਰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਲਾਲ ਸਿੰਘ ਬਰਾੜ, ਸਰਪੰਚ ਕੁਲਵਿੰਦਰ ਕੌਰ ਬਰਾੜ, ਪੰਚ ਵੀਰਪਾਲ ਕੌਰ, ਪੰਚ ਮਨਦੀਪ ਕੌਰ, ਪੰਚ ਕੁਲਦੀਪ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਸਤਿਨਾਮ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।