- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਖਪਤਕਾਰਾਂ ਨੂੰ ਮਾਨ ਸਰਕਾਰ ਦੀ ਵੱਡੀ ਰਾਹਤ : ‘ਆਪ’ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦੇਣ ਲਈ ਬਕਾਇਆ ਬਿਜਲੀ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਦੀ 100 ਫ਼ੀਸਦੀ ਰਕਮ ਮੁਆਫ਼ ਕਰਨ ਦਾ ਲਿਆ ਗਿਆ ਫ਼ੈਸਲਾ ਬੇਹੱਦ ਸ਼ਲਾਘਾਯੋਗ ਅਤੇ ਲੋਕ-ਪੱਖੀ ਕਦਮ ਹੈ। ਇਸ ਨਾਲ ਆਰਥਿਕ ਤੰਗੀ ਕਾਰਨ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰ ਸਕਣ ਵਾਲੇ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਕਮੁਸ਼ਤ ਨਿਪਟਾਰਾ ਯੋਜਨਾ (ਓਟੀਐੱਸ) ਤਹਿਤ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਦੀ 100 ਫ਼ੀਸਦੀ ਰਕਮ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਅਧੀਨ ਸੂਬੇ ਦੇ ਕਰੀਬ 24.86 ਲੱਖ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਲਗਭਗ 518 ਕਰੋੜ ਰੁਪਏ ਦੇ ਜੁਰਮਾਨੇ ਅਤੇ ਵਿਆਜ ਮੁਆਫ਼ ਹੋਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਕੁੱਲ ਕਰੀਬ 2,516 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਸ਼ਾਮਲ ਕੀਤੇ ਗਏ ਹਨ। ਧਰਮਜੀਤ ਸਿੰਘ ਰਾਮੇਆਣਾ ਅਤੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਸਰਕਾਰ ਨੇ ਆਮ ਲੋਕਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਬਕਾਇਆ ਰਕਮ ਦੀ ਅਦਾਇਗੀ ਆਸਾਨ ਕਿਸ਼ਤਾਂ ਵਿੱਚ ਕਰਨ ਦੀ ਸਹੂਲਤ ਵੀ ਦਿੱਤੀ ਹੈ। ਇਹ ਯੋਜਨਾ 45 ਦਿਨਾਂ ਤੱਕ ਲਾਗੂ ਰਹੇਗੀ, ਜਿਸ ਨਾਲ ਖਪਤਕਾਰਾਂ ਨੂੰ ਆਪਣੇ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਬਿਜਲੀ ਬਿੱਲਾਂ ਦੇ ਲੰਮੇ ਸਮੇਂ ਤੋਂ ਚੱਲ ਰਹੇ ਬਕਾਇਆਂ ਦੇ ਨਿਪਟਾਰੇ ਵਿੱਚ ਵੀ ਸਹਾਈ ਹੋਵੇਗਾ। ਉਨ੍ਹਾਂ ਇਸ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ।