- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਬੀਰ ਸਿੰਘ ਮੱਤਾ ਦੀ ਅਕਾਲੀ ਦਲ ’ਚ ਘਰ ਵਾਪਸੀਸੁਖਬੀਰ ਸਿੰਘ ਬਾਦਲ ਨੇ ਸਿਰੋਪਾਉ ਦੇ ਕੇ ਪਾਰਟੀ ਵਿੱਚ ਕੀਤਾ ਸ਼ਾਮਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਮਾਲਵੇ ਦੇ ਪ੍ਰਸਿੱਧ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਅਤੇ ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਮੁੜ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਈ ਇਸ ਘਰ ਵਾਪਸੀ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕੁਲਬੀਰ ਸਿੰਘ ਮੱਤਾ ਨੂੰ ਸਿਰੋਪਾਉ ਦੇ ਕੇ ਪਾਰਟੀ ਵਿੱਚ ਸਨਮਾਨ ਸਹਿਤ ਸ਼ਾਮਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ। ਅਕਾਲੀ ਆਗੂਆਂ ਨੇ ਕੁਲਬੀਰ ਸਿੰਘ ਮੱਤਾ ਦਾ ਪਾਰਟੀ ਵਿੱਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਸਰਗਰਮੀਆਂ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਲਬੀਰ ਸਿੰਘ ਮੱਤਾ ਦਾ ਪਰਿਵਾਰ ਟਕਸਾਲੀ ਅਕਾਲੀ ਪਰਿਵਾਰ ਹੈ, ਜਿਸ ਦੀਆਂ ਕਈ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਮਰਪਿਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤਜਰਬੇਕਾਰ ਅਤੇ ਪੁਰਾਣੀ ਸਾਂਝ ਰੱਖਣ ਵਾਲੇ ਪਰਿਵਾਰਾਂ ਦੀ ਪਾਰਟੀ ਵਿੱਚ ਵਾਪਸੀ ਨਾਲ ਜਥੇਬੰਦੀ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਕੁਲਬੀਰ ਸਿੰਘ ਮੱਤਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਮੱਤਾ ਨੇ ਕਿਹਾ ਕਿ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਮਾਨਸਿਕ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਕਾਰਨਾਂ ਕਰਕੇ ਉਹ ਪਿਛਲੇ ਸਮੇਂ ਦੌਰਾਨ ਪਾਰਟੀ ਤੋਂ ਵੱਖ ਹੋ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਚਲੇ ਗਏ ਸਨ, ਪਰ ਸ਼੍ਰੋਮਣੀ ਅਕਾਲੀ ਦਲ ਨਾਲ ਉਨ੍ਹਾਂ ਦੇ ਪਰਿਵਾਰ ਦੀ ਪੁਰਾਣੀ ਸਾਂਝ ਅਤੇ ਭਾਵਨਾਤਮਕ ਲਗਾਅ ਹਮੇਸ਼ਾ ਬਰਕਰਾਰ ਰਿਹਾ। ਉਨ੍ਹਾਂ ਲਈ ਇਹ ਸਿਰਫ਼ ਕਿਸੇ ਸਿਆਸੀ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦਾ ਮਾਮਲਾ ਨਹੀਂ, ਸਗੋਂ ਆਪਣੇ ਪਰਿਵਾਰ ਦੀ ਪੁਰਾਣੀ ਵਿਚਾਰਧਾਰਕ ਸਾਂਝ ਅਤੇ ਵਿਰਾਸਤ ਨਾਲ ਮੁੜ ਜੁੜਨ ਦਾ ਅਹਿਮ ਮੌਕਾ ਹੈ। ਕੁਲਬੀਰ ਸਿੰਘ ਮੱਤਾ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵਰਗੀ ਸ. ਰਾਜਿੰਦਰ ਸਿੰਘ ਮੱਤਾ ਅਤੇ ਦਾਦਾ ਜੀ ਸਵਰਗੀ ਸ. ਕਰਨੈਲ ਸਿੰਘ ਮੱਤਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਰਹੀਆਂ ਹਨ ਅਤੇ ਪਰਿਵਾਰਕ ਮੈਂਬਰਾਂ ਨੇ ਪਾਰਟੀ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਇਸੇ ਕਰਕੇ ਅਕਾਲੀ ਦਲ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਅਤੇ ਜਜ਼ਬਾਤੀ ਸਾਂਝ ਵਾਲਾ ਵੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪੁਰਖਿਆਂ ਵੱਲੋਂ ਸਿੰਜੀ ਗਈ ਇਸ ਸਿਆਸੀ ਵਿਰਾਸਤ ਨਾਲ ਮੁੜ ਜੁੜਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦਾ ਪਰਿਵਾਰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪੰਥਕ ਸਿਧਾਂਤਾਂ ਨਾਲ ਜੁੜਿਆ ਰਿਹਾ ਹੈ। ਇਸੇ ਭਾਵਨਾ ਤਹਿਤ ਉਨ੍ਹਾਂ ਨੇ ਮੁੜ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਫ਼ੈਸਲਾ ਕੀਤਾ ਹੈ। ਕੁਲਬੀਰ ਸਿੰਘ ਮੱਤਾ ਦੀ ਪਾਰਟੀ ਵਿੱਚ ਵਾਪਸੀ ਨੂੰ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਦੀ ਇਲਾਕੇ ਵਿੱਚ ਲੰਮੇ ਸਮੇਂ ਤੋਂ ਬਣੀ ਪਛਾਣ ਅਤੇ ਪਾਰਟੀ ਨਾਲ ਪੁਰਾਣੀ ਸਾਂਝ ਨੂੰ ਦੇਖਦਿਆਂ ਇਸ ਘਰ ਵਾਪਸੀ ਨੂੰ ਸਥਾਨਕ ਸਿਆਸੀ ਹਲਕਿਆਂ ਵਿੱਚ ਵੀ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।