- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਜਨਤਾ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਲਈ ਉਤਾਵਲੀ : ਕਾਂਗਰਸੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੀ ਹੈ ਅਤੇ ਹੁਣ ਪੰਜਾਬ ਵਿੱਚ ਸੱਤਾ ਤਬਦੀਲੀ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਮੁੜ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਵਿਨੀਤ ਕੁਮਾਰ 'ਆਸ਼ੂ ਮਿੱਤਲ', ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ, ਯੂਥ ਕਾਂਗਰਸ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਬਲਵਿੰਦਰ ਸਿੰਘ 'ਜੱਸੀ' ਜੈਤੋ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਕਾਨੂੰਨ ਵਿਵਸਥਾ ਵਰਗੇ ਅਹਿਮ ਮੁੱਦਿਆਂ ਵੱਲ ਗੰਭੀਰਤਾ ਨਾਲ ਧਿਆਨ ਦੇਵੇ। ਉਨ੍ਹਾਂ ਅਨੁਸਾਰ ਸੂਬੇ ਨੂੰ ਸਿਰਫ਼ ਵੱਡੇ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਵਾਲੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਠੋਸ ਹੱਲ ਦੀ ਲੋੜ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ, ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਪੂਰੀ ਤਿਆਰੀ ਅਤੇ ਮਜ਼ਬੂਤੀ ਨਾਲ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਕਾਂਗਰਸ ਦੀ ਜਿੱਤ ਦਾ ਰਾਹ ਪੱਧਰਾ ਕਰੇਗਾ। ਕਾਂਗਰਸੀ ਆਗੂਆਂ ਨੇ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਤਰਜੀਹ ਦਿੱਤੀ ਗਈ ਸੀ, ਪਰ ਮੌਜੂਦਾ ਸਰਕਾਰ ਇਨ੍ਹਾਂ ਕਾਰਜਾਂ ਨੂੰ ਉਮੀਦ ਮੁਤਾਬਕ ਅੱਗੇ ਵਧਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਅਤੇ ਰੁਕੇ ਹੋਏ ਵਿਕਾਸ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਨਸ਼ਿਆਂ ਦੇ ਕਾਰੋਬਾਰ ’ਤੇ ਸਖ਼ਤੀ ਨਾਲ ਨਕੇਲ ਕੱਸਣ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾਵੇਗੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਵਚਨਬੱਧ ਹੈ।