- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਭਿਆਨਕ ਬੱਸ ਹਾਦਸੇ ਵਿੱਚ ਬਰਗਾੜੀ ਦੇ ਬਲਬੀਰ ਰਾਮ ਦੀ ਮੌਤ, ਪਿੰਡ ਵਿੱਚ ਛਾਈ ਸੋਗ ਦੀ ਲਹਿਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਨੇੜੇ ਬੀਤੇ ਦਿਨ ਤੀਰਥ ਯਾਤਰਾ ’ਤੇ ਜਾ ਰਹੀਆਂ ਬੱਸਾਂ ਦੀ ਆਪਸ ਵਿੱਚ ਹੋਈ ਟੱਕਰ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੇ ਵਸਨੀਕ ਬਲਬੀਰ ਰਾਮ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦਰਦਨਾਕ ਹਾਦਸੇ ਵਿੱਚ ਪਿੰਡ ਦੇ ਕਈ ਹੋਰ ਸ਼ਰਧਾਲੂ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਦੁਖਦਾਈ ਖ਼ਬਰ ਜਿਵੇਂ ਹੀ ਪਿੰਡ ਬਰਗਾੜੀ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਅਤੇ ਹਰ ਕੋਈ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਗੇ ਆਇਆ। ਜਾਣਕਾਰੀ ਅਨੁਸਾਰ ਪਿੰਡ ਬਰਗਾੜੀ ਤੋਂ ਕੁੱਲ 27 ਸ਼ਰਧਾਲੂ ਤੀਰਥ ਯਾਤਰਾ ਲਈ ਬੱਸ ਰਾਹੀਂ ਰਵਾਨਾ ਹੋਏ ਸਨ। ਜਦੋਂ ਇਹ ਬੱਸਾਂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਨੇੜੇ ਪਹੁੰਚੀਆਂ ਤਾਂ ਆਪਸ ਵਿੱਚ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਈ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਤਰਨਤਾਰਨ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਪਿੰਡ ਬਰਗਾੜੀ ਦੇ ਸਰਪੰਚ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਖ਼ੁਦ ਮੌਕੇ ’ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿੰਡ ਦੇ 27 ਸ਼ਰਧਾਲੂ ਤੀਰਥ ਯਾਤਰਾ ਲਈ ਗਏ ਹੋਏ ਸਨ ਅਤੇ ਹਾਦਸੇ ਵਿੱਚ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਨੇ ਜ਼ਖ਼ਮੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਜ਼ਖ਼ਮੀਆਂ ਵਿੱਚੋਂ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕੁਝ ਦੀ ਹਾਲਤ ਗੰਭੀਰ ਦੱਸੀ ਗਈ। ਸਰਪੰਚ ਪ੍ਰਤਾਪ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਹਾਦਸੇ ਵਿੱਚ ਬਲਬੀਰ ਰਾਮ ਪੁੱਤਰ ਕਾਲੂ ਰਾਮ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਗੰਭੀਰ ਸੱਟਾਂ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਬਲਬੀਰ ਰਾਮ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪਿੰਡ ਦੇ ਲੋਕਾਂ ਵਿੱਚ ਵੀ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਐਤਵਾਰ ਨੂੰ ਮ੍ਰਿਤਕ ਬਲਬੀਰ ਰਾਮ ਦਾ ਅੰਤਿਮ ਸੰਸਕਾਰ ਪਿੰਡ ਬਰਗਾੜੀ ਵਿਖੇ ਕੀਤਾ ਗਿਆ। ਇਸ ਮੌਕੇ ਪੂਰਾ ਮਾਹੌਲ ਬੇਹੱਦ ਗਮਗੀਨ ਹੋ ਗਿਆ ਅਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਅੰਤਿਮ ਸੰਸਕਾਰ ਮੌਕੇ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਮਾਜਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਇਸ ਦੁੱਖ ਦੀ ਘੜੀ ਵਿੱਚ ਪਹੁੰਚੇ ਲੋਕਾਂ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ਵਿੱਚ ਸਮੁੱਚਾ ਪਿੰਡ ਅਤੇ ਇਲਾਕਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਬਲਬੀਰ ਰਾਮ ਦੀ ਮੌਤ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਪੂਰੇ ਪਿੰਡ ਬਰਗਾੜੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਿੰਡ ਵਾਸੀਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ। ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਸ਼ਰਧਾਲੂਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।