- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕਰੇ ਕਾਂਗਰਸ ਹਾਈਕਮਾਂਡ : ਕਾਂਗਰਸੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਰਣਨੀਤੀਆਂ ਉਲੀਕਣ ਦੇ ਨਾਲ-ਨਾਲ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕੀਤੀ ਜਾਵੇ, ਤਾਂ ਜੋ ਉਮੀਦਵਾਰਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਚੋਣ ਸਰਗਰਮੀਆਂ ਸ਼ੁਰੂ ਕਰਨ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਲੋੜੀਂਦਾ ਸਮਾਂ ਮਿਲ ਸਕੇ। ਇਸ ਸਬੰਧੀ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ), ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਅਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਸਮੇਂ ਸਿਰ ਸ਼ੁਰੂ ਹੋਣੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਉਮੀਦਵਾਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਂਦਿਆਂ ਸਾਰੇ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਬਾਰੇ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਸਬੰਧੀ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਭਾਰਤੀ ਰਾਸ਼ਟਰੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦਾ ਧਿਆਨ ਇਸ ਅਹਿਮ ਮਾਮਲੇ ਵੱਲ ਦਿਵਾਇਆ। ਕਾਂਗਰਸੀ ਆਗੂਆਂ ਅਨੁਸਾਰ ਉਮੀਦਵਾਰਾਂ ਦਾ ਐਲਾਨ ਸਮੇਂ ਸਿਰ ਹੋਣ ਨਾਲ ਉਨ੍ਹਾਂ ਨੂੰ ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਜਾਣਨ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗਾਂ ਕਰਨ ਦਾ ਭਰਪੂਰ ਮੌਕਾ ਮਿਲੇਗਾ। ਇਸ ਤੋਂ ਇਲਾਵਾ ਬੂਥ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਚੋਣ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨੇੜੇ ਜਾ ਕੇ ਉਮੀਦਵਾਰਾਂ ਦਾ ਐਲਾਨ ਕਰਨ ਨਾਲ ਚੋਣ ਪ੍ਰਚਾਰ ਲਈ ਸਮਾਂ ਸੀਮਤ ਰਹਿ ਜਾਂਦਾ ਹੈ, ਜਿਸ ਕਾਰਨ ਹਲਕਿਆਂ ਵਿੱਚ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਜਥੇਬੰਦਕ ਤਿਆਰੀਆਂ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਲਈ ਕਾਂਗਰਸ ਹਾਈਕਮਾਂਡ ਨੂੰ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਿੱਚ ਬੇਲੋੜੀ ਦੇਰੀ ਨਹੀਂ ਕਰਨੀ ਚਾਹੀਦੀ, ਤਾਂ ਜੋ ਪਾਰਟੀ ਆਗੂ ਅਤੇ ਵਰਕਰ ਸਮੇਂ ਸਿਰ ਚੋਣ ਮੈਦਾਨ ਵਿੱਚ ਸਰਗਰਮ ਹੋ ਸਕਣ। ਉਨ੍ਹਾਂ ਕਿਹਾ ਕਿ ਦੇਰੀ ਹੋਣ ਦੀ ਸੂਰਤ ਵਿੱਚ ਵਿਰੋਧੀ ਪਾਰਟੀਆਂ ਨੂੰ ਸਿਆਸੀ ਲਾਹਾ ਮਿਲ ਸਕਦਾ ਹੈ।