- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਦੀ ਸਹੂਲਤ ਲਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਲੋਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਖੁਦ ਦਰਜ ਕਰਵਾ ਸਕਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਤੋਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਖਾਲਾ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਰਾਹੀਂ ਨਾਗਰਿਕ ਅਧਿਕਾਰਤ ਪੋਰਟਲ https://se.census.gov.in/ ’ਤੇ ਜਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ। ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਘਰ ਬੈਠੇ ਹੀ ਦਰਜ ਕਰਵਾਉਣ ਦੀ ਸਹੂਲਤ ਮਿਲੇਗੀ ਅਤੇ ਜਨਗਣਨਾ ਦੇ ਕੰਮ ਵਿੱਚ ਵੀ ਸਹਿਯੋਗ ਮਿਲੇਗਾ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨਾਗਰਿਕਾਂ ਨੂੰ ਇੱਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਪ੍ਰਾਪਤ ਹੋਵੇਗੀ। ਇਸ ਆਈ.ਡੀ. ਨੂੰ ਆਪਣੇ ਕੋਲ ਸੰਭਾਲ ਕੇ ਰੱਖਣਾ ਜ਼ਰੂਰੀ ਹੈ, ਕਿਉਂਕਿ ਜਦੋਂ ਜਨਗਣਨਾ ਕਰਮਚਾਰੀ ਘਰ ਪਹੁੰਚਣਗੇ ਤਾਂ ਸਵੈ-ਗਣਨਾ ਕਰ ਚੁੱਕੇ ਨਾਗਰਿਕਾਂ ਨੂੰ ਇਹ ਆਈ.ਡੀ. ਸਬੰਧਤ ਗਣਨਾਕਾਰ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਤੋਂ ਲੋੜੀਂਦੀ ਜਾਣਕਾਰੀ ਇਕੱਤਰ ਕਰਨਗੇ। ਇਸ ਦੌਰਾਨ ਜਿਨ੍ਹਾਂ ਲੋਕਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਆਪਣੀ ਆਈ.ਡੀ. ਮੁਹੱਈਆ ਕਰਵਾ ਕੇ ਇਸ ਪ੍ਰਕਿਰਿਆ ਵਿੱਚ ਸਹਿਯੋਗ ਦੇ ਸਕਣਗੇ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਹਲਕਾ ਜੈਤੋ ਸਮੇਤ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰ ਦੇ ਵੇਰਵੇ ਸਹੀ ਢੰਗ ਨਾਲ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ, ਭਵਿੱਖ ਦੀਆਂ ਯੋਜਨਾਵਾਂ ਅਤੇ ਲੋਕ ਭਲਾਈ ਨਾਲ ਸਬੰਧਤ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੁੰਦੀ ਹੈ। ਇਸ ਲਈ ਹਰ ਨਾਗਰਿਕ ਨੂੰ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।