ਕਿਸ਼ੋਰ ਅਵਸਥਾ ਦੌਰਾਨ ਸਿਹਤ ਸਿੱਖਿਆ ਦੀ ਸਹੀ ਜਾਣਕਾਰੀ ਬੇਹੱਦ ਜ਼ਰੂਰੀ : ਅਸ਼ਵਨੀ ਗਰਗ ਕਿਸ਼ੋਰ ਅਵਸਥਾ ਦੌਰਾਨ ਸਿਹਤ ਸਿੱਖਿਆ ਦੀ ਸਹੀ ਜਾਣਕਾਰੀ ਬੇਹੱਦ ਜ਼ਰੂਰੀ : ਅਸ਼ਵਨੀ ਗਰਗ
Publish Date: Thu, 19 Nov 2026 03:23 PM (IST)
Updated Date: Thu, 19 Nov 2026 03:25 PM (IST)
ਕਿਸ਼ੋਰ ਅਵਸਥਾ ਦੌਰਾਨ ਸਿਹਤ ਸਿੱਖਿਆ ਦੀ ਸਹੀ ਜਾਣਕਾਰੀ ਬੇਹੱਦ ਜ਼ਰੂਰੀ : ਅਸ਼ਵਨੀ ਗਰਗਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ, ਸਰੀਰਕ ਤਬਦੀਲੀਆਂ ਅਤੇ ਜੀਵਨ ਦੀਆਂ ਚੁਣੌਤੀਆਂ ਬਾਰੇ ਸਹੀ ਜਾਣਕਾਰੀ ਦੇਣਾ ਵੀ ਬੇਹੱਦ ਜ਼ਰੂਰੀ ਹੈ। ਖ਼ਾਸ ਕਰਕੇ ਕਿਸ਼ੋਰ ਅਵਸਥਾ ਦੌਰਾਨ ਬੱਚਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਜੀਵਨ ਵਿੱਚ ਕਈ ਤਬਦੀਲੀਆਂ ਆਉਂਦੀਆਂ ਹਨ। ਜੇਕਰ ਇਸ ਸਮੇਂ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਮਿਲੇ ਤਾਂ ਉਹ ਆਪਣੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ-ਨਾਲ ਸਿਹਤਮੰਦ ਜੀਵਨ ਜਿਊਣ ਦੀ ਸਹੀ ਦਿਸ਼ਾ ਵੀ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ, ਬਨੂੜ (ਚੰਡੀਗੜ੍ਹ) ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਪੰਚਾਇਤੀ ਗਊਸ਼ਾਲਾ ਰੋਡ ’ਤੇ ਸਥਿਤ ਸਕੂਲ ਵਿੱਚ ਕਰਵਾਏ ਗਏ ਜਾਗਰੂਕਤਾ ਸੈਸ਼ਨ ਦੌਰਾਨ ਉਨ੍ਹਾਂ ਕਿਸ਼ੋਰ ਅਵਸਥਾ ਨਾਲ ਸਬੰਧਤ ਵੱਖ-ਵੱਖ ਸਿਹਤਮੰਦ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ਼ੋਰ ਅਵਸਥਾ ਆਮ ਤੌਰ ’ਤੇ 10 ਤੋਂ 19 ਸਾਲ ਦੀ ਉਮਰ ਦਾ ਸਮਾਂ ਹੁੰਦਾ ਹੈ। ਇਹ ਬਚਪਨ ਤੋਂ ਬਾਲਗ ਅਵਸਥਾ ਵੱਲ ਵਧਣ ਦਾ ਮਹੱਤਵਪੂਰਨ ਪੜਾਅ ਹੈ। ਇਸ ਦੌਰਾਨ ਲੰਬਾਈ ਅਤੇ ਭਾਰ ਵਿੱਚ ਵਾਧਾ, ਚਮੜੀ ’ਤੇ ਕਿੱਲ-ਮੁਹਾਸੇ, ਲੜਕਿਆਂ ਦੀ ਆਵਾਜ਼ ਵਿੱਚ ਭਾਰੀਪਣ, ਦਾੜ੍ਹੀ-ਮੁੱਛਾਂ ਦਾ ਆਉਣਾ ਅਤੇ ਮਾਸਪੇਸ਼ੀਆਂ ਦਾ ਵਿਕਾਸ ਹੋਣਾ ਆਮ ਸਰੀਰਕ ਤਬਦੀਲੀਆਂ ਹਨ। ਇਸੇ ਤਰ੍ਹਾਂ ਬੱਚਿਆਂ ਦੀ ਸੋਚ, ਸੁਭਾਅ, ਰੁਚੀਆਂ ਅਤੇ ਭਾਵਨਾਵਾਂ ਵਿੱਚ ਵੀ ਬਦਲਾਅ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਉਮਰ ਵਿੱਚ ਬੱਚੇ ਆਪਣੀ ਦਿੱਖ ਅਤੇ ਸ਼ਖ਼ਸੀਅਤ ਪ੍ਰਤੀ ਵਧੇਰੇ ਸੁਚੇਤ ਹੋ ਜਾਂਦੇ ਹਨ। ਕਈ ਵਾਰ ਮਾਪਿਆਂ ਨਾਲ ਵਿਚਾਰਾਂ ਦਾ ਮਤਭੇਦ, ਚਿੜਚਿੜਾਪਣ ਅਤੇ ਭਾਵਨਾਤਮਕ ਉਤਰਾਅ-ਚੜ੍ਹਾਅ ਵੀ ਦੇਖਣ ਨੂੰ ਮਿਲਦੇ ਹਨ। ਅਜਿਹੇ ਸਮੇਂ ਬੱਚਿਆਂ ਨੂੰ ਝਿੜਕਣ ਜਾਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਪਿਆਰ ਅਤੇ ਸਮਝਦਾਰੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਕਿਸ਼ੋਰਾਂ ਨੂੰ ਸਹੀ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ। ਸੰਤੁਲਿਤ ਖੁਰਾਕ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ’ਤੇ ਦਿੱਤਾ ਜ਼ੋਰ ਸਿਹਤ ਸਿੱਖਿਆ ਦੇ ਮਹੱਤਵ ਬਾਰੇ ਗੱਲ ਕਰਦਿਆਂ ਅਸ਼ਵਨੀ ਕੁਮਾਰ ਗਰਗ ਨੇ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਸਰੀਰ ਦੇ ਤੇਜ਼ੀ ਨਾਲ ਵਿਕਾਸ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ ਹੁੰਦੀ ਹੈ। ਜੇਕਰ ਇਸ ਉਮਰ ਵਿੱਚ ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤ ਨਾ ਮਿਲਣ ਤਾਂ ਅਨੀਮੀਆ, ਖੂਨ ਦੀ ਕਮੀ, ਮੋਟਾਪਾ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੰਕ ਫੂਡ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਸਰੀਰ ਦੀ ਤੰਦਰੁਸਤੀ ’ਤੇ ਮਾੜਾ ਪ੍ਰਭਾਵ ਪਾ ਸਕਦੀਆਂ ਹਨ। ਇਸ ਦੇ ਨਾਲ ਹੀ ਜ਼ਿੰਕ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਕਮੀ ਵੀ ਸਰੀਰਕ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਘਰ ਦਾ ਪੌਸ਼ਟਿਕ ਭੋਜਨ ਖਾਣ, ਹਰੀਆਂ ਸਬਜ਼ੀਆਂ, ਫਲਾਂ ਅਤੇ ਹੋਰ ਸਿਹਤਮੰਦ ਖੁਰਾਕ ਨੂੰ ਆਪਣੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਅਤੇ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਅਤੇ ਸੰਤੁਲਿਤ ਮਨ ਹੀ ਬੱਚਿਆਂ ਨੂੰ ਪੜ੍ਹਾਈ ਅਤੇ ਜੀਵਨ ਦੇ ਹੋਰ ਖੇਤਰਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਂਦੇ ਹਨ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਅਤੇ ਇਨ੍ਹਾਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖ ਦੇ ਭਵਿੱਖ ਦੀ ਨੀਂਹ ਹੁੰਦਾ ਹੈ, ਇਸ ਲਈ ਇਸ ਉਮਰ ਵਿੱਚ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਚੰਗੀਆਂ ਸਰਗਰਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ, ਚੰਗੀਆਂ ਆਦਤਾਂ ਅਪਣਾਉਣ ਅਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਨਾਲ ਸਬੰਧਤ ਸਿਹਤ ਸਿੱਖਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ। ਅਜਿਹੇ ਜਾਗਰੂਕਤਾ ਸੈਸ਼ਨ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਦੀਆਂ ਵੱਖ-ਵੱਖ ਸਥਿਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ , ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਹਾਜ਼ਰ ਸਨ।