- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ਼ ਯਾਤਰਾ ‘ਆਪ’ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ : ਅਵਤਾਰ ਸੰਧਵਾਂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਅਨੁਸਾਰ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹਾ ਕੋਈ ਖੇਤਰ ਨਜ਼ਰ ਨਹੀਂ ਆਉਂਦਾ, ਜਿੱਥੇ ਲੋਕਾਂ ਨੂੰ ਉਮੀਦਾਂ ਮੁਤਾਬਕ ਰਾਹਤ ਮਿਲੀ ਹੋਵੇ। ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਗੈਂਗਸਟਰਵਾਦ ਨੇ ਆਮ ਲੋਕਾਂ ਵਿੱਚ ਚਿੰਤਾ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਨ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ। ਉਨ੍ਹਾਂ ਪੰਜਾਬ ਦੀ ਆਰਥਿਕ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦਾ ਲਗਾਤਾਰ ਵਧ ਰਿਹਾ ਕਰਜ਼ਾ ਅਤੇ ਖ਼ਜ਼ਾਨੇ ਦੀ ਸਥਿਤੀ ਵੀ ਗੰਭੀਰ ਵਿਚਾਰ-ਵਟਾਂਦਰੇ ਦੀ ਮੰਗ ਕਰਦੀ ਹੈ। ਸਰਕਾਰ ਨੂੰ ਸੂਬੇ ਦੀ ਆਰਥਿਕਤਾ, ਆਮਦਨ ਅਤੇ ਖ਼ਰਚਿਆਂ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜਿਆਂ ਦੀ ਲੋੜ ਹੈ। ਕਾਂਗਰਸ ਪਾਰਟੀ ਵੱਲੋਂ ਕੱਢੀ ਜਾ ਰਹੀ ਇਨਸਾਫ਼ ਯਾਤਰਾ ਬਾਰੇ ਗੱਲ ਕਰਦਿਆਂ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਨਸਾਫ਼ ਯਾਤਰਾ ਰਾਹੀਂ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਨਤਾ ਨੂੰ ਜਵਾਬ ਮੰਗਣ ਲਈ ਜਾਗਰੂਕ ਕਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਪਲੇਟਫਾਰਮ ਰਾਹੀਂ ਉਠਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।