- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ’ਤੇ26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਵੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫ਼ਲ ਅਤੇ ਯਾਦਗਾਰੀ ਬਣਾਉਣ ਲਈ ਵਿਆਪਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਗਰਮ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਅਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਦੱਸਿਆ ਕਿ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਇਹ ਵਿਸ਼ਾਲ ਰੈਲੀ ਪਾਰਟੀ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸ ਵਿਸ਼ਾਲ ਇਕੱਠ ਨੂੰ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਦੋਵਾਂ ਪ੍ਰਮੁੱਖ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪਾਰਟੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਆਮ ਲੋਕਾਂ ਦੇ ਹੱਕਾਂ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਤਰਜੀਹ ਦੇਣ ਦਾ ਸੰਕਲਪ ਲਿਆ ਹੈ। ਸਥਾਪਨਾ ਦਿਵਸ ਮੌਕੇ ਹੋਣ ਵਾਲਾ ਇਹ ਵਿਸ਼ਾਲ ਇਕੱਠ ਸੂਬੇ ਭਰ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਅਹਿਮ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰਾਂ ਅਤੇ ਸਮਰਪਿਤ ਸਮਰਥਕਾਂ ਵਿੱਚ ਹੁੰਦੀ ਹੈ। ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਸਮਰਪਣ ਹੀ ਜਥੇਬੰਦੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜੈਤੋ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਪਾਰਟੀ ਵਿਧਾਇਕਾਂ, ਆਗੂਆਂ, ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ, ਮਿਹਨਤੀ ਵਰਕਰਾਂ ਅਤੇ ਸਮਰਥਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਸਾਥੀ ਆਪਸੀ ਤਾਲਮੇਲ, ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੋਗਾ ਵਿਖੇ ਪਹੁੰਚਣ, ਤਾਂ ਜੋ ਪੰਜਾਬ ਭਰ ਵਿੱਚੋਂ ਹੋਣ ਵਾਲੀ ਵੱਡੀ ਸ਼ਮੂਲੀਅਤ ਰਾਹੀਂ ਇਸ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। ਅੰਤ ਵਿੱਚ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਮੁੱਚੇ ਪੰਜਾਬ ਦੇ ਪਾਰਟੀ ਪਰਿਵਾਰ ਅਤੇ ਸੂਬਾ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਹਰ ਆਗੂ, ਵਰਕਰ ਅਤੇ ਸਮਰਥਕ ਦੀ ਸ਼ਮੂਲੀਅਤ ਅਹਿਮ ਹੈ। ਉਨ੍ਹਾਂ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਮੋਗਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੈਲੀ ਦੀ ਸ਼ਾਨ ਵਧਾਉਣ ਅਤੇ ਇਸ ਮਹੱਤਵਪੂਰਨ ਸਮਾਗਮ ਦਾ ਹਿੱਸਾ ਬਣਨ।