- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਦੇ ਚੌਕਾਂ ਤੇ ਜਨਤਕ ਥਾਵਾਂ ’ਤੇ ਲੱਗਣਗੇ 40 ਸੀਸੀਟੀਵੀ ਕੈਮਰੇ, ਸਪੀਕਰ ਸੰਧਵਾਂ ਨੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਕੋਟਕਪੂਰਾ ਵਿੱਚ ਨਿਗਰਾਨੀ ਪ੍ਰਬੰਧਾਂ ਦਾ ਘੇਰਾ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ’ਤੇ ਕਰੀਬ 40 ਸੀਸੀਟੀਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਨਾਲ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ਪੁਲਿਸ ਦੀ ਨਿਗਰਾਨੀ ਹੇਠ ਆਉਣਗੀਆਂ ਅਤੇ ਆਵਾਜਾਈ ਦੇ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ਼ਹਿਰਾਂ ਦੀ ਸੁਰੱਖਿਆ ਲਈ ਆਧੁਨਿਕ ਤਕਨੀਕ ਦੀ ਵਰਤੋਂ ਬੇਹੱਦ ਜ਼ਰੂਰੀ ਹੈ। ਸੀਸੀਟੀਵੀ ਕੈਮਰੇ ਨਾ ਸਿਰਫ਼ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਿੱਚ ਸਹਾਇਕ ਸਾਬਤ ਹੁੰਦੇ ਹਨ, ਸਗੋਂ ਕਿਸੇ ਘਟਨਾ ਦੇ ਵਾਪਰਨ ਤੋਂ ਬਾਅਦ ਉਸ ਦੀ ਜਾਂਚ ਅਤੇ ਦੋਸ਼ੀਆਂ ਤੱਕ ਪਹੁੰਚਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਸੁਖਾਵੀਂ ਘਟਨਾ ਸਬੰਧੀ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ, ਖਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਸਪੀਕਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਟਕਪੂਰਾ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਇਸ ਮੌਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਜ਼ਿਆਦਾਤਰ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮ ਵੀ ਜਲਦ ਪੂਰੇ ਕਰ ਲਏ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਵਪਾਰ ਮੰਡਲ ਦੇ ਚੇਅਰਮੈਨ ਨਰੇਸ਼ ਸਿੰਗਲਾ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ, ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।