- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
56 ਹਜ਼ਾਰ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਫਰੀਦਕੋਟ ਸਿਹਤ ਵਿਭਾਗ ਨੇ ਖਿੱਚੀ ਤਿਆਰੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਭਾਰਤ ਨੂੰ ਪੋਲੀਓ ਮੁਕਤ ਦੇਸ਼ ਦਾ ਦਰਜਾ ਮਿਲਣ ਦੇ ਬਾਵਜੂਦ ਇਸ ਬਿਮਾਰੀ ਦੇ ਮੁੜ ਪੈਦਾ ਹੋਣ ਦੀ ਸੰਭਾਵਨਾ ਨੂੰ ਖ਼ਤਮ ਕਰਨ ਅਤੇ ਹੁਣ ਤੱਕ ਹਾਸਲ ਕੀਤੀ ਸਫ਼ਲਤਾ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ 22 ਤੋਂ 24 ਨਵੰਬਰ ਤੱਕ ਜ਼ਿਲ੍ਹਾ ਫਰੀਦਕੋਟ ਵਿੱਚ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਲਗਭਗ 56 ਹਜ਼ਾਰ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੋਲੀਓ ਮੁਕਤ ਭਾਰਤ ਦੇ ਦਰਜੇ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਪੰਜ ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਸਿਰਫ਼ ਸਿਹਤ ਵਿਭਾਗ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਵਿੱਚ ਹੋਰਨਾਂ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੀ ਸਰਗਰਮ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਦੌਰਾਨ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨ ਪਾਲ ਸਿੱਧੂ ਨੇ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 56 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਕਵਰ ਕਰਨ ਲਈ 332 ਪੋਲੀਓ ਬੂਥ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 1242 ਵੈਕਸੀਨੇਟਰ, 61 ਸੁਪਰਵਾਈਜ਼ਰ ਅਤੇ 11 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਨਿਰਧਾਰਤ ਪ੍ਰੋਗਰਾਮ ਅਨੁਸਾਰ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਬੱਚਿਆਂ ਨੂੰ ਵੱਖ-ਵੱਖ ਬੂਥਾਂ ’ਤੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਦੀ ਪਛਾਣ ਕਰਨਗੀਆਂ, ਜਿਹੜੇ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕੇ। ਇਸ ਤਰ੍ਹਾਂ ਵੱਧ ਤੋਂ ਵੱਧ ਬੱਚਿਆਂ ਨੂੰ ਮੁਹਿੰਮ ਦੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਇਸ ਮੁਹਿੰਮ ਦੀ ਸਫ਼ਲਤਾ ਦੀ ਅਹਿਮ ਕੜੀ ਹੈ। ਉਨ੍ਹਾਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ ਲੋਕਾਂ ਨੂੰ ਪੋਲੀਓ ਬੂੰਦਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਅਤੇ ਮਾਪਿਆਂ ਨੂੰ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਇਹ ਬੂੰਦਾਂ ਜ਼ਰੂਰ ਪਿਲਾਉਣ ਲਈ ਪ੍ਰੇਰਿਤ ਕਰਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।