- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਸਪਲਾਈ ਨੈੱਟਵਰਕ ਖੰਗਾਲਣ ’ਚ ਜੁਟੀ ਫਰੀਦਕੋਟ ਪੁਲਿਸ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ ਤੋਂ ਇਲਾਵਾ ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ ਅਤੇ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਸ਼ੇ ਦੀ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿਹੜੇ ਵਿਅਕਤੀਆਂ ਤੱਕ ਇਸ ਦੀ ਸਪਲਾਈ ਕੀਤੀ ਜਾਣੀ ਸੀ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 17 ਨਵੰਬਰ ਨੂੰ ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਟੀਮ ਜੁਬਲੀ ਚੌਕ ਤੋਂ ਕੋਟਕਪੂਰਾ ਰੋਡ ਵੱਲ ਸਰਹਿੰਦ ਨਹਿਰ ਦੇ ਨਾਲ ਲੱਗਦੀ ਅੰਦਰਲੀ ਪਟੜੀ ਰਾਹੀਂ ਜਾ ਰਹੀ ਸੀ ਤਾਂ ਡੋਗਰ ਬਸਤੀ ਵੱਲ ਉਤਰਦੇ ਰਸਤੇ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਕਾਲੇ ਰੰਗ ਦੇ ਲਿਫ਼ਾਫ਼ੇ ਵਿਚ ਕੁਝ ਫਰੋਲਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਦੋਵੇਂ ਨੌਜਵਾਨ ਘਬਰਾ ਗਏ ਅਤੇ ਲਿਫ਼ਾਫ਼ਾ ਸੁੱਟ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਇਕ ਕੰਪਿਊਟਰ ਕੰਡਾ, ਇਕ ਮੋਬਾਈਲ ਫੋਨ ਅਤੇ ਇਕ ਪਾਰਦਰਸ਼ੀ ਲਿਫ਼ਾਫ਼ੇ ਵਿਚ ਪਈ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਚਿਨ ਵਾਸੀ ਡੋਗਰ ਬਸਤੀ ਫਰੀਦਕੋਟ ਅਤੇ ਰੋਹਿਤ ਕੁਮਾਰ ਵਾਸੀ ਸੰਜੇ ਨਗਰ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਮੌਜੂਦ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 626 ਮਿਤੀ 17 ਨਵੰਬਰ 2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ), 61 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਅੱਗੇ ਸਪਲਾਈ ਕਰਨ ਦੇ ਇਰਾਦੇ ਨਾਲ ਜਾ ਰਹੇ ਸਨ। ਪੁਲਿਸ ਵੱਲੋਂ ਹੁਣ ਦੋਵਾਂ ਮੁਲਜ਼ਮਾਂ ਦੇ ਸੰਪਰਕਾਂ, ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀਆਂ ਅਤੇ ਇਸ ਧੰਦੇ ਨਾਲ ਜੁੜੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਇਕ ਹੋਰ ਅਹਿਮ ਤੱਥ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਰੋਹਿਤ ਕੁਮਾਰ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਫਰੀਦਕੋਟ ਵਿਖੇ ਨਸ਼ਾ ਤਸਕਰੀ ਦੇ ਦੋਸ਼ ਹੇਠ ਮੁਕੱਦਮਾ ਨੰਬਰ 78 ਮਿਤੀ 9 ਮਾਰਚ 2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਬੀ), 29, 61 ਅਤੇ 85 ਤਹਿਤ ਦਰਜ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।