- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ’ਚ ਮੁੜ ਜਿੱਤ ਦਰਜ ਕਰੇਗੀ ‘ਆਪ’ : ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ, ਵਰਕਰਾਂ ਦੀ ਕਾਰਗੁਜ਼ਾਰੀ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਜੈਤੋ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਪਾਰਟੀ ਵਰਕਰ ਪੂਰੇ ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਸਮਝਣ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਨੂੰ ਲੈ ਕੇ ਬੇਹੱਦ ਗੰਭੀਰ ਹਨ। ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਨਾਲ ਜੁੜੇ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਵਰਕਰਾਂ ਦੀ ਮਿਹਨਤ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।