- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਜੈਤੋ ਤੋਂ ਵੱਡੀ ਗਿਣਤੀ ’ਚ ਵਰਕਰ ਮੋਗਾ ਰੈਲੀ ’ਚ ਪੁੱਜਣਗੇ : ਧਰਮਜੀਤ ਰਾਮੇਆਣਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਜਿੱਥੇ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ, ਵਰਕਰਾਂ, ਸਮਰਥਕਾਂ ਅਤੇ ਇਲਾਕਾ ਵਾਸੀਆਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੀ ਵਿਚਾਰਧਾਰਾ, ਸਿਧਾਂਤਾਂ ਅਤੇ ਲੋਕਾਂ ਨਾਲ ਜੁੜੇ ਸਿਆਸੀ ਸਫ਼ਰ ਨੂੰ ਯਾਦ ਕਰਨ ਦਾ ਅਹਿਮ ਮੌਕਾ ਹੈ। ਇਸ ਮੌਕੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਜੈਤੋ ਵਿੱਚ ਵੀ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਬਣਾਇਆ ਜਾ ਰਿਹਾ ਹੈ, ਤਾਂ ਜੋ ਹਲਕੇ ਵਿੱਚੋਂ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਆਪਣੇ ਸਾਥੀਆਂ ਸਮੇਤ ਮੋਗਾ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਰੈਲੀ ਦੀਆਂ ਤਿਆਰੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਅੰਤ ਵਿੱਚ ਧਰਮਜੀਤ ਸਿੰਘ ਰਾਮੇਆਣਾ ਨੇ ਸਮੂਹ ਜੈਤੋ ਹਲਕਾ ਵਾਸੀਆਂ ਨੂੰ 26 ਨਵੰਬਰ ਨੂੰ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।