- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਬੀਆਈ ਬਰਗਾੜੀ ਬ੍ਰਾਂਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਨੂੰ ਸਾਮਾਨ ਭੇਟ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਟੇਟ ਬੈਂਕ ਆਫ਼ ਇੰਡੀਆ ਦੀ ਬਰਗਾੜੀ ਬ੍ਰਾਂਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਨੂੰ ਲੋੜੀਂਦਾ ਸਾਮਾਨ ਭੇਟ ਕੀਤਾ ਗਿਆ। ਇਸ ਉਪਰਾਲੇ ਤਹਿਤ ਬੈਂਕ ਵੱਲੋਂ ਸਕੂਲ ਨੂੰ ਵਾਟਰ ਕੂਲਰ, ਵਾਟਰ ਫਿਲਟਰ, ਪ੍ਰਿੰਟਰ, ਪ੍ਰੋਜੈਕਟਰ, ਪੱਖੇ, ਮੇਜ਼, ਕੁਰਸੀਆਂ, ਇਨਵਰਟਰ ਅਤੇ ਅਲਮਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਬੈਂਕ ਦੇ ਬ੍ਰਾਂਚ ਮੈਨੇਜਰ ਨੀਰਜ ਗੁਲਾਟੀ ਅਤੇ ਅਨਿਲ ਦੀ ਅਗਵਾਈ ਹੇਠ ਬੈਂਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਹ ਸਾਮਾਨ ਸਕੂਲ ਮੁਖੀ ਹਰਵਿੰਦਰ ਸਿੰਘ ਨੂੰ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿੱਚ ਸੌਂਪਿਆ। ਇਸ ਮੌਕੇ ਬੈਂਕ ਅਧਿਕਾਰੀਆਂ ਦੇ ਇਸ ਉਪਰਾਲੇ ਦੀ ਹਾਜ਼ਰ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਜਗਤਾਰ ਸਿੰਘ ਮਾਨ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਸੰਸਥਾਵਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤਾ ਜਾ ਰਿਹਾ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ। ਅਜਿਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਅਤੇ ਸਕੂਲਾਂ ਦਾ ਵਾਤਾਵਰਨ ਤੇ ਦਿੱਖ ਵੀ ਹੋਰ ਬਿਹਤਰ ਬਣਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵੀ ਸਹੂਲਤਾਂ ਅਤੇ ਸਿੱਖਿਆ ਦੇ ਪੱਧਰ ਪੱਖੋਂ ਨਵੀਆਂ ਉਚਾਈਆਂ ਛੂਹ ਰਹੇ ਹਨ। ਇਸ ਮੌਕੇ ਸਕੂਲ ਮੁਖੀ ਹਰਵਿੰਦਰ ਸਿੰਘ ਨੇ ਸਮੂਹ ਸਕੂਲ ਸਟਾਫ਼ ਅਤੇ ਨਗਰ ਨਿਵਾਸੀਆਂ ਵੱਲੋਂ ਬੈਂਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਦਿੱਤਾ ਗਿਆ ਇਹ ਸਾਮਾਨ ਵਿਦਿਆਰਥੀਆਂ ਅਤੇ ਸਕੂਲ ਦੇ ਰੋਜ਼ਾਨਾ ਕੰਮਕਾਜ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਬੈਂਕ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ, ਗੀਤਾ ਰਾਣੀ, ਸਮੁਨ ਰਾਣੀ, ਕੁਲਵਿੰਦਰ ਕੌਰ, ਲਖਵੀਰ ਕੌਰ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਗੋਂਦਾਰਾ, ਪੰਚ ਸਿਮਰਨ ਸਿੰਘ, ਪੰਚ ਪੁੰਨਾ ਸਿੰਘ, ਅੰਗਰੇਜ਼ ਸਿੰਘ ਅਤੇ ਗਿਆਨੀ ਮਹਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।