- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਜਰਬੇ ਦੇ ਆਧਾਰ ’ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦਿੱਤੀ ਜਾਵੇ : ਡਾ. ਹਰਪਾਲ ਡੇਲਿਆਂਵਾਲੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਹਾਕਿਆਂ ਤੋਂ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਉਨ੍ਹਾਂ ਦੇ ਤਜਰਬੇ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਮਾਨਤਾ ਦਿੱਤੀ ਜਾਵੇ ਅਤੇ ਬਣਦੇ ਸਰਟੀਫਿਕੇਟ ਜਾਰੀ ਕੀਤੇ ਜਾਣ। ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਡਾ. ਹਰਪਾਲ ਸਿੰਘ ਡੇਲਿਆਂਵਾਲੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਮੇ ਸਮੇਂ ਤੋਂ ਆਮ ਲੋਕਾਂ ਨੂੰ ਸਸਤੀਆਂ ਅਤੇ ਸੁਖਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਇਹ ਸਾਥੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਸੂਬੇ ਵਿੱਚ ਕੋਈ ਗੰਭੀਰ ਬਿਮਾਰੀ ਫੈਲੀ ਹੈ ਤਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਲੋਕਾਂ ਦੀ ਸੇਵਾ ਲਈ ਆਪਣਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਸਰਕਾਰ ਦੀਆਂ ਸਿਹਤ ਅਤੇ ਲੋਕ ਭਲਾਈ ਮੁਹਿੰਮਾਂ ਵਿੱਚ ਵੀ ਸਹਿਯੋਗ ਦਿੱਤਾ ਹੈ। ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵੀ ਇਹ ਸਾਥੀ ਯਤਨਸ਼ੀਲ ਹਨ। ਡਾ. ਹਰਪਾਲ ਸਿੰਘ ਡੇਲਿਆਂਵਾਲੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਾਨਤਾ ਸਬੰਧੀ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਦੌਰਾਨ ਤਜਰਬੇ ਅਤੇ ਯੋਗਤਾ ਦੇ ਆਧਾਰ ’ਤੇ ਮਾਨਤਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਭਰੋਸੇ ਤਹਿਤ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਪੱਧਰ ’ਤੇ ਆਪਣੇ ਮੈਂਬਰਾਂ ਦੇ ਯੋਗਤਾ ਅਤੇ ਤਜਰਬੇ ਸਬੰਧੀ ਸਰਟੀਫਿਕੇਟ ਇਕੱਠੇ ਕਰਕੇ ਸਿਹਤ ਵਿਭਾਗ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਜਲਦ ਠੋਸ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਯੋਗਤਾ ਤੇ ਤਜਰਬੇ ਦੀ ਪਾਰਦਰਸ਼ੀ ਜਾਂਚ ਉਪਰੰਤ ਯੋਗ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਿਯਮਾਂ ਅਨੁਸਾਰ ਮਾਨਤਾ ਅਤੇ ਸਰਟੀਫਿਕੇਟ ਜਾਰੀ ਕਰਨੇ ਚਾਹੀਦੇ ਹਨ। ਅੰਤ ਵਿੱਚ ਡਾ. ਹਰਪਾਲ ਸਿੰਘ ਡੇਲਿਆਂਵਾਲੀ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਇਸ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਵੱਲ ਵਿਸ਼ੇਸ਼ ਧਿਆਨ ਦੇ ਕੇ ਆਪਣੇ ਭਰੋਸੇ ਨੂੰ ਅਮਲੀ ਰੂਪ ਦੇਣ।