- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਜਿੰਦਰ ਸਿੰਘ ਬਾਜਾ ਦੇ ਮੋਢਿਆਂ ’ਤੇ ਸਜੇ ਤਰੱਕੀ ਦੇ ਸਟਾਰਏਐੱਸਆਈ ਤੋਂ ਸਬ-ਇੰਸਪੈਕਟਰ ਬਣੇ ਰਜਿੰਦਰ ਸਿੰਘ ਬਾਜਾ,

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੁਲਿਸ ਵਿਭਾਗ ਵਿੱਚ ਇਮਾਨਦਾਰੀ, ਮਿਹਨਤ, ਲਗਨ, ਅਨੁਸ਼ਾਸਨ ਅਤੇ ਸਮਰਪਣ ਭਾਵਨਾ ਨਾਲ ਨਿਭਾਈਆਂ ਜਾਣ ਵਾਲੀਆਂ ਸ਼ਾਨਦਾਰ ਸੇਵਾਵਾਂ ਦਾ ਫਲ ਜਦੋਂ ਤਰੱਕੀ ਅਤੇ ਮਾਣ-ਸਨਮਾਨ ਦੇ ਰੂਪ ਵਿੱਚ ਮਿਲਦਾ ਹੈ ਤਾਂ ਇਹ ਪਲ ਸਬੰਧਤ ਮੁਲਾਜ਼ਮ ਦੇ ਨਾਲ-ਨਾਲ ਉਸ ਦੇ ਪਰਿਵਾਰ ਅਤੇ ਸਾਥੀਆਂ ਲਈ ਵੀ ਖ਼ੁਸ਼ੀ ਤੇ ਮਾਣ ਦਾ ਸਬੱਬ ਬਣ ਜਾਂਦਾ ਹੈ। ਅਜਿਹਾ ਹੀ ਖ਼ੁਸ਼ੀ ਭਰਿਆ ਮੌਕਾ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਏਐੱਸਆਈ ਰਜਿੰਦਰ ਸਿੰਘ ਬਾਜਾ ਨੂੰ ਪੁਲਿਸ ਵਿਭਾਗ ਵੱਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੁਲਿਸ ਵਿਭਾਗ ਦੇ ਸਾਥੀਆਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਨੇ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੌਕੇ ਦੌਰਾਨ ਰਜਿੰਦਰ ਸਿੰਘ ਬਾਜਾ ਦੇ ਮੋਢਿਆਂ ’ਤੇ ਸਬ-ਇੰਸਪੈਕਟਰ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਤਰੱਕੀ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਰਜਿੰਦਰ ਸਿੰਘ ਬਾਜਾ ਭਵਿੱਖ ਵਿੱਚ ਵੀ ਆਪਣੀ ਕਾਰਜਸ਼ੈਲੀ ਅਤੇ ਸਮਰਪਣ ਭਾਵਨਾ ਨਾਲ ਵਿਭਾਗ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਜ਼ਿਕਰਯੋਗ ਹੈ ਕਿ ਰਜਿੰਦਰ ਸਿੰਘ ਬਾਜਾ ਪਿਛਲੇ ਲੰਮੇ ਸਮੇਂ ਤੋਂ ਫ਼ਰੀਦਕੋਟ ਵਿਖੇ ਸੈਸ਼ਨ ਕੋਰਟ ਪੈਰਵੀ ਬ੍ਰਾਂਚ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਡਿਊਟੀ ਪ੍ਰਤੀ ਵਫ਼ਾਦਾਰੀ, ਅਨੁਸ਼ਾਸਨ, ਮਿਹਨਤ ਅਤੇ ਜ਼ਿੰਮੇਵਾਰੀ ਨੂੰ ਹਮੇਸ਼ਾ ਤਰਜੀਹ ਦਿੱਤੀ। ਆਪਣੇ ਤਜਰਬੇ, ਸੂਝ-ਬੂਝ ਅਤੇ ਕਾਰਜਕੁਸ਼ਲਤਾ ਸਦਕਾ ਉਨ੍ਹਾਂ ਨੇ ਵਿਭਾਗ ਵਿੱਚ ਇੱਕ ਚੰਗੀ ਪਛਾਣ ਬਣਾਈ ਹੈ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਮਿਲੀ ਇਹ ਤਰੱਕੀ ਉਨ੍ਹਾਂ ਦੀ ਮਿਹਨਤ ਦਾ ਸਨਮਾਨ ਹੈ। ਰਜਿੰਦਰ ਸਿੰਘ ਬਾਜਾ ਦੀ ਇਸ ਪ੍ਰਾਪਤੀ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ, ਪੁਲਿਸ ਵਿਭਾਗ ਦੇ ਸਾਥੀਆਂ ਅਤੇ ਸ਼ੁਭਚਿੰਤਕਾਂ ਵੱਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਸਭ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜਤਾਈ ਕਿ ਉਹ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਵੀ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪੁਲਿਸ ਵਿਭਾਗ ਦਾ ਮਾਣ ਹੋਰ ਵਧਾਉਣਗੇ। ਇਸ ਮੌਕੇ ਐੱਸਐੱਸਪੀ ਦੇ ਰੀਡਰ ਸਬ-ਇੰਸਪੈਕਟਰ ਨਿਰਮਲ ਸਿੰਘ ਵੀ ਹਾਜ਼ਰ ਸਨ।