- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਧੀ ਰਾਤ ਨੂੰ ਥਾਣਿਆਂ ਦੀ ਚੈਕਿੰਗ ਕਰਨ ਨਿਕਲੇ ਆਈਜੀ ਨੀਰੀ ਜਗਦਲੇ, ਨਾਕਿਆਂ ’ਤੇ ਵੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਵਿੱਚ ਜਲਦ ਹੀ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜ਼ਿਲ੍ਹੇ ਵਿੱਚ ਚੈਕਿੰਗ ਅਤੇ ਨਾਕਾਬੰਦੀ ਵਧਾ ਦਿੱਤੀ ਗਈ ਹੈ। ਇਸੇ ਲੜੀ ਤਹਿਤ ਸ਼ੁੱਕਰਵਾਰ ਦੀ ਰਾਤ ਨੂੰ ਫਰੀਦਕੋਟ ਰੇਂਜ ਦੀ ਆਈਜੀ ਨੀਲਾਂਬਰੀ ਜਗਦਲੇ ਨੇ ਅੱਧੀ ਰਾਤ ਨੂੰ ਅਚਾਨਕ ਵੱਖ-ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਆਈਜੀ ਨੇ ਵਿਸ਼ੇਸ਼ ਨਾਕਾਬੰਦੀ ਵਾਲੀਆਂ ਥਾਵਾਂ ’ਤੇ ਪਹੁੰਚ ਕੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਜਾਂਚੀ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੈਟਰੋਲਿੰਗ ਪਾਰਟੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਘਟਨਾ ਜਾਂ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਪਹੁੰਚ ਕੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਆਈਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਉਨ੍ਹਾਂ ਦੇ ਅਧੀਨ ਆਉਂਦੇ ਤਿੰਨਾਂ ਜ਼ਿਲ੍ਹਿਆਂ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਹਿਤ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਆਉਣ-ਜਾਣ ਵਾਲੇ ਹਰੇਕ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਥਾਣਿਆਂ ਦੀ ਅਚਨਚੇਤ ਚੈਕਿੰਗ ਕਰਕੇ ਇਹ ਵੀ ਜਾਂਚ ਕੀਤੀ ਕਿ ਰਾਤ ਸਮੇਂ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਕਿੰਨੇ ਚੌਕਸ ਹਨ ਅਤੇ ਥਾਣਿਆਂ ਵਿੱਚ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਮੌਜੂਦ ਹਨ ਜਾਂ ਨਹੀਂ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਆਈਜੀ ਨੇ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਰਾਤ ਸਮੇਂ ਅਚਾਨਕ ਨਾਕਾਬੰਦੀ ਅਤੇ ਥਾਣਿਆਂ ਦੀ ਚੈਕਿੰਗ ਕਰਨ ਦਾ ਮੁੱਖ ਮਕਸਦ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।