- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਫੰਡਾਂ ਦੀ ਵਰਤੋਂ ’ਚ ਭਾਈ ਸਰਬਜੀਤ ਸਿੰਘ ਖਾਲਸਾ ਮੋਹਰੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕ ਸਭਾ ਮੈਂਬਰਾਂ ਵੱਲੋਂ ਆਪਣੇ ਸੰਸਦੀ ਹਲਕਿਆਂ ਵਿੱਚ ਵਿਕਾਸ ਕਾਰਜਾਂ ਲਈ ਮਿਲਣ ਵਾਲੇ ਸੰਸਦੀ ਸਥਾਨਕ ਖੇਤਰ ਵਿਕਾਸ ਫੰਡ (MPL14S) ਦੀ ਵਰਤੋਂ ਦੇ ਮਾਮਲੇ ਵਿੱਚ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਪੰਜਾਬ ਭਰ ਵਿੱਚ ਮੋਹਰੀ ਬਣ ਕੇ ਸਾਹਮਣੇ ਆਏ ਹਨ। 20 ਨਵੰਬਰ 2026 ਤੱਕ ਉਪਲਬਧ ਅੰਕੜਿਆਂ ਅਨੁਸਾਰ ਉਨ੍ਹਾਂ ਦੇ ਸੰਸਦੀ ਹਲਕੇ ਵਿੱਚ ਲਗਭਗ 11.70 ਕਰੋੜ ਰੁਪਏ ਦੇ ਵਿਕਾਸ ਫੰਡਾਂ ਦੀ ਅਦਾਇਗੀ ਹੋ ਚੁੱਕੀ ਹੈ। ਇਸ ਨਾਲ ਉਹ ਪੰਜਾਬ ਦੇ ਲੋਕ ਸਭਾ ਮੈਂਬਰਾਂ ਵਿੱਚ ਪਹਿਲੇ ਸਥਾਨ ’ਤੇ ਹਨ। ਵਿਕਾਸ ਫੰਡਾਂ ਦੀ ਵਰਤੋਂ ਦੇ ਮਾਮਲੇ ਵਿੱਚ ਫ਼ਰੀਦਕੋਟ ਦੇ ਸੰਸਦ ਮੈਂਬਰ ਵੱਲੋਂ ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਸੰਸਦ ਮੈਂਬਰਾਂ ਨਾਲੋਂ ਵੀ ਵੱਧ ਰਕਮ ਦੇ ਵਿਕਾਸ ਕਾਰਜਾਂ ਲਈ ਅਦਾਇਗੀ ਕਰਵਾਈ ਗਈ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਲਗਭਗ 9.88 ਕਰੋੜ ਰੁਪਏ ਦੀ ਵਰਤੋਂ ਨਾਲ ਦੂਜੇ ਸਥਾਨ ’ਤੇ ਹਨ, ਜਦਕਿ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਲਗਭਗ 9.78 ਕਰੋੜ ਰੁਪਏ ਦੀ ਵਰਤੋਂ ਨਾਲ ਤੀਜੇ ਸਥਾਨ ’ਤੇ ਹਨ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ 9.19 ਕਰੋੜ ਰੁਪਏ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ 8.93 ਕਰੋੜ ਰੁਪਏ ਦੀ ਵਰਤੋਂ ਨਾਲ ਕ੍ਰਮਵਾਰ ਚੌਥੇ ਅਤੇ ਪੰਜਵੇਂ ਸਥਾਨ ’ਤੇ ਹਨ। ਇਸ ਸੂਚੀ ਵਿੱਚ ਪੰਜਾਬ ਦੇ ਹੋਰਨਾਂ ਲੋਕ ਸਭਾ ਹਲਕਿਆਂ ਦੇ ਸੰਸਦ ਮੈਂਬਰਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਜੀਤ ਸਿੰਘ ਔਜਲਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਫ਼ਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸੰਸਦੀ ਸਥਾਨਕ ਖੇਤਰ ਵਿਕਾਸ ਫੰਡਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਹਲਕਿਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਅਤੇ ਜਨਤਕ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਇਨ੍ਹਾਂ ਫੰਡਾਂ ਤਹਿਤ ਸੰਸਦ ਮੈਂਬਰ ਆਪਣੇ ਹਲਕਿਆਂ ਵਿੱਚ ਸੜਕਾਂ ਦੀ ਉਸਾਰੀ ਤੇ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸਿਹਤ ਸਹੂਲਤਾਂ, ਸਟਰੀਟ ਲਾਈਟਾਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਦੀ ਸਿਫ਼ਾਰਸ਼ ਕਰ ਸਕਦੇ ਹਨ। ਇਨ੍ਹਾਂ ਕੰਮਾਂ ਦੀ ਮਨਜ਼ੂਰੀ ਅਤੇ ਲਾਗੂ ਕਰਨ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਦੀ ਹੁੰਦੀ ਹੈ। ਸੰਸਦੀ ਵਿਕਾਸ ਫੰਡਾਂ ਦੀ ਵਰਤੋਂ ਦੇ ਇਹ ਅੰਕੜੇ ਵੱਖ-ਵੱਖ ਸੰਸਦ ਮੈਂਬਰਾਂ ਵੱਲੋਂ ਆਪਣੇ ਹਲਕਿਆਂ ਦੇ ਵਿਕਾਸ ਲਈ ਕੀਤੀਆਂ ਸਿਫ਼ਾਰਸ਼ਾਂ ਅਤੇ ਉਨ੍ਹਾਂ ਦੇ ਅਮਲ ਦੀ ਸਥਿਤੀ ਨੂੰ ਦਰਸਾਉਂਦੇ ਹਨ। ਹਾਲਾਂਕਿ, ਫੰਡਾਂ ਦੀ ਵਰਤੋਂ ਜਾਂ ਅਦਾਇਗੀ ਦੀ ਰਕਮ ਨੂੰ ਹੀ ਕਿਸੇ ਸੰਸਦ ਮੈਂਬਰ ਦੀ ਕਾਰਗੁਜ਼ਾਰੀ ਦਾ ਇਕਲੌਤਾ ਮਾਪਦੰਡ ਨਹੀਂ ਮੰਨਿਆ ਜਾ ਸਕਦਾ। ਵਿਕਾਸ ਕਾਰਜਾਂ ਦੀ ਗੁਣਵੱਤਾ, ਉਨ੍ਹਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਅਤੇ ਇਨ੍ਹਾਂ ਦਾ ਆਮ ਲੋਕਾਂ ਨੂੰ ਮਿਲਣ ਵਾਲਾ ਅਸਲ ਲਾਭ ਵੀ ਓਨਾ ਹੀ ਮਹੱਤਵਪੂਰਨ ਹੈ। ਇਸ ਲਈ ਫੰਡਾਂ ਦੀ ਪਾਰਦਰਸ਼ੀ ਵਰਤੋਂ ਦੇ ਨਾਲ-ਨਾਲ ਵਿਕਾਸ ਕਾਰਜਾਂ ਦੇ ਨਤੀਜਿਆਂ ਦਾ ਮੁਲਾਂਕਣ ਕਰਨਾ ਵੀ ਜ਼ਰੂਰੀ ਹੈ।