- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਆਪ’ ਦੀ ਇਤਿਹਾਸਕ ‘ਖੁਸ਼ਹਾਲ ਪੰਜਾਬ ਰੈਲੀ’

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਵਿਸ਼ਾਲ ਰੈਲੀ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਪਾਰਟੀ ਵੱਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਭਰ ਤੋਂ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਸਥਾਪਿਤ ਕਰੇਗੀ ਅਤੇ ਸੂਬੇ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਰੈਲੀਆਂ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਏਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਸਿਆਸੀ ਸਫ਼ਰ, ਲੋਕਾਂ ਵੱਲੋਂ ਪਾਰਟੀ ਨੂੰ ਦਿੱਤੇ ਗਏ ਪਿਆਰ ਅਤੇ ਵਿਸ਼ਵਾਸ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਸਿੱਖਿਆ, ਸਿਹਤ ਸੇਵਾਵਾਂ, ਬਿਜਲੀ, ਰੁਜ਼ਗਾਰ ਅਤੇ ਆਮ ਲੋਕਾਂ ਦੀ ਭਲਾਈ ਨਾਲ ਸਬੰਧਤ ਖੇਤਰਾਂ ਵਿੱਚ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਅਤੇ ਲੋਕ-ਪੱਖੀ ਨੀਤੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸੂਬੇ ਨੂੰ ਤਰੱਕੀ ਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਵਿਧਾਨ ਸਭਾ ਹਲਕਾ ਜੈਤੋ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ, ਵਰਕਰਾਂ, ਸਮਰਥਕਾਂ ਅਤੇ ਇਲਾਕਾ ਵਾਸੀਆਂ ਨੂੰ ਇਸ ਇਤਿਹਾਸਕ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਸਰਪੰਚ ਕੁਲਦੀਪ ਸਿੰਘ ਗਿੱਲ, ਸਰਪੰਚ ਹਰਦੀਪਕ ਸਿੰਘ ਢਿੱਲੋਂ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ‘ਆਪ’ ਆਗੂ ਰੁਪਿੰਦਰ ਸਿੰਘ ਜੈਤੋ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲਾ ਇਹ ਵਿਸ਼ਾਲ ਇਕੱਠ ਪਾਰਟੀ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤੀ ਦੇਣ ਦੇ ਨਾਲ-ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ।