- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ’ ਆਗੂਆਂ ਵੱਲੋਂ ਪੰਜਾਬ ਵਾਸੀਆਂ ਨੂੰ ਜਨਗਣਨਾ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਗਣਨਾ ਦੇ ਕਾਰਜ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ, ਆਰਥਿਕ ਤਰੱਕੀ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਬੇਹੱਦ ਮਹੱਤਵਪੂਰਨ ਪ੍ਰਕਿਰਿਆ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਘਰਾਂ ਦੀ ਗਿਣਤੀ ਕੀਤੀ ਗਈ ਸੀ, ਜਦਕਿ ਦੂਜੇ ਪੜਾਅ ਦੌਰਾਨ ਲੋਕਾਂ ਦੀ ਗਿਣਤੀ ਅਤੇ ਆਬਾਦੀ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਜਨਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਲੋਕ ਸਬੰਧਤ ਸਰਕਾਰੀ ਵੈੱਬਸਾਈਟ se.census.gov.in ’ਤੇ ਜਾ ਕੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਜਾਣਕਾਰੀ ਭਰਨ ਤੋਂ ਬਾਅਦ ਉਨ੍ਹਾਂ ਨੂੰ 11 ਅੰਕਾਂ ਦਾ ਵਿਸ਼ੇਸ਼ ਸਵੈ-ਜਨਗਣਨਾ ਕੋਡ ਪ੍ਰਾਪਤ ਹੋਵੇਗਾ, ਜਿਸ ਨੂੰ ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਸਾਂਝਾ ਕੀਤਾ ਜਾ ਸਕਦਾ ਹੈ। ‘ਆਪ’ ਆਗੂਆਂ ਨੇ ਦੱਸਿਆ ਕਿ ਜਿਹੜੇ ਲੋਕ ਆਨਲਾਈਨ ਸਵੈ-ਜਨਗਣਨਾ ਦੀ ਸਹੂਲਤ ਦਾ ਲਾਭ ਨਹੀਂ ਲੈਣਾ ਚਾਹੁੰਦੇ, ਉਨ੍ਹਾਂ ਦੀ ਸਹੂਲਤ ਲਈ ਜਨਗਣਨਾ ਕਰਮਚਾਰੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਲੋੜੀਂਦੀ ਜਾਣਕਾਰੀ ਇਕੱਠੀ ਕਰਨਗੇ। ਧਰਮਜੀਤ ਸਿੰਘ ਰਾਮੇਆਣਾ ਅਤੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਸਹੀ ਅੰਕੜੇ ਸਰਕਾਰ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਤਿਆਰ ਕਰਨ, ਸਰੋਤਾਂ ਦੀ ਉਚਿਤ ਵੰਡ ਕਰਨ ਅਤੇ ਬਜਟ ਦੀ ਬਿਹਤਰ ਯੋਜਨਾਬੰਦੀ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਦੇਸ਼ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਆਬਾਦੀ ਨਾਲ ਸਬੰਧਤ ਸਹੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ‘ਆਪ’ ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਨੂੰ ਆਪਣੀ ਸਮਾਜਿਕ ਅਤੇ ਰਾਸ਼ਟਰੀ ਜ਼ਿੰਮੇਵਾਰੀ ਸਮਝਦਿਆਂ ਇਸ ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਦੇਸ਼ ਦੇ ਵਿਕਾਸ ਅਤੇ ਇਸ ਨੂੰ ਵਿਕਸਿਤ ਰਾਸ਼ਟਰ ਬਣਾਉਣ ਲਈ ਸਹੀ ਅੰਕੜੇ ਪ੍ਰਾਪਤ ਕੀਤੇ ਜਾ ਸਕਣ।