- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਮੀ ਦਾ ਛੇਵੀਂ ਵਾਰ ਪ੍ਰਧਾਨ ਬਣਨਾ ਨੇਕ ਨੀਤੀ ਤੇ ਇਮਾਨਦਾਰੀ ਦਾ ਨਤੀਜਾ : ਮਨਤਾਰ ਸਿੰਘ ਬਰਾੜ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬੇਹੱਦ ਮਿਹਨਤੀ, ਇਮਾਨਦਾਰ ਅਤੇ ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੇ ਮੁੜ ਇਸ ਅਹਿਮ ਅਹੁਦੇ ’ਤੇ ਬਿਰਾਜਮਾਨ ਹੋਣ ਨਾਲ ਸਿੱਖ ਕੌਮ ਅਤੇ ਪੰਥ ਦੀਆਂ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਦਾ ਮੌਕਾ ਮਿਲੇਗਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਵਾਰ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਕੌਮ ਨੂੰ ਇਕਜੁੱਟ ਕਰਨ, ਪੰਥਕ ਮਸਲਿਆਂ ਨੂੰ ਉਭਾਰਨ ਅਤੇ ਧਾਰਮਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਵੀ ਵਿਸ਼ੇਸ਼ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਵੱਲੋਂ ਹੁਣ ਤੱਕ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਸਦਕਾ ਹੀ ਉਨ੍ਹਾਂ ਨੂੰ ਮੁੜ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਅਨੁਸਾਰ, ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਇਹ ਉਨ੍ਹਾਂ ਦੀ ਨੇਕ ਨੀਤੀ, ਇਮਾਨਦਾਰੀ, ਮਿਹਨਤ ਅਤੇ ਪੰਥ ਪ੍ਰਤੀ ਸਮਰਪਣ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉੱਚ-ਵਿੱਦਿਆ ਪ੍ਰਾਪਤ, ਅਗਾਂਹਵਧੂ ਸੋਚ ਵਾਲੇ, ਮਿਹਨਤੀ ਅਤੇ ਧਾਰਮਿਕ ਬਿਰਤੀ ਦੇ ਮਾਲਕ ਹਨ, ਜਿਨ੍ਹਾਂ ਨੇ ਆਪਣੀ ਸੂਝ-ਬੂਝ ਅਤੇ ਤਜਰਬੇ ਨਾਲ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਨੂੰ ਨਵੀਂ ਦਿਸ਼ਾ ਦੇਣ ਦੇ ਯਤਨ ਕੀਤੇ ਹਨ। ਅੰਤ ਵਿੱਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਆਪਣੀ ਅਗਵਾਈ ਹੇਠ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਪੰਥਕ ਏਕਤਾ ਲਈ ਹੋਰ ਵੀ ਤਨਦੇਹੀ ਨਾਲ ਕਾਰਜ ਕਰਦੇ ਰਹਿਣਗੇ।