- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਅਕਾਲੀ ਆਗੂਆਂ ਵੱਲੋਂ ਵਧਾਈ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਅਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸ਼੍ਰੋਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਪਿੰਡ ਰੋੜੀਕਪੂਰਾ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚੁਣਿਆ ਜਾਣਾ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ, ਤਜਰਬੇ, ਸੂਝ-ਬੂਝ ਅਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਤੇ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਸੇਵਾ ਅਤੇ ਜ਼ਿੰਮੇਵਾਰੀ ਬੇਹੱਦ ਅਹਿਮ ਹੈ। ਇਹ ਸੰਸਥਾ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖ ਧਰਮ ਦੇ ਸਿਧਾਂਤਾਂ ਤੇ ਰਵਾਇਤਾਂ ਦੀ ਰਾਖੀ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਆ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਵਿਸ਼ਾਲ ਤਜਰਬੇ ਅਤੇ ਦੂਰਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਕਮੇਟੀ ਦੀ ਮਾਣ-ਮਰਿਆਦਾ ਨੂੰ ਹੋਰ ਉੱਚਾ ਚੁੱਕਣ ਦੇ ਨਾਲ-ਨਾਲ ਸਿੱਖ ਕੌਮ ਦੇ ਧਾਰਮਿਕ, ਸਮਾਜਿਕ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਸੁਹਿਰਦ ਯਤਨ ਜਾਰੀ ਰੱਖਣਗੇ। ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮਹਾਨ ਵਿਰਸੇ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਵਿਆਪਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਜਥੇਦਾਰ ਸ਼ੇਰ ਸਿੰਘ ਮੰਡ, ਸੂਬਾ ਸਿੰਘ ਬਾਦਲ, ਪਰਗਟ ਸਿੰਘ ਬਰਾੜ, ਨਿਰਮਲ ਸਿੰਘ ਵੜਿੰਗ, ਗੁਰਵਿੰਦਰ ਸਿੰਘ ਬਰਾੜ ਅਤੇ ਕੁਲਵੰਤ ਸਿੰਘ ਬਰਾੜ ਨੇ ਵਿਸ਼ਵਾਸ ਜਤਾਇਆ ਕਿ ਨਵੀਂ ਜ਼ਿੰਮੇਵਾਰੀ ਸੰਭਾਲਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਪੰਥਕ ਏਕਤਾ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਉਣਗੇ।