- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਰੈਲੀ’ : ਗੋਬਿੰਦਰ ਵਾਲੀਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਗੋਬਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਆਮ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਗੋਬਿੰਦਰ ਸਿੰਘ ਵਾਲੀਆ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਇਸ ਦੀ ਵਿਚਾਰਧਾਰਾ, ਸਿਆਸੀ ਸਫ਼ਰ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਹਲਕਾ ਜੈਤੋ ਸਮੇਤ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਵਰਕਰਾਂ ਦੀ ਸ਼ਮੂਲੀਅਤ ਪਾਰਟੀ ਦੇ ਸੰਗਠਨਾਤਮਕ ਤਾਣੇ-ਬਾਣੇ ਅਤੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਹੋਵੇਗੀ।