ਨਵਾਂ ਸਿੱਖਣ ਦੀ ਲਗਨ ਹੀ ਮੰਜ਼ਿਲ ਤੱਕ ਪਹੁੰਚਾਉਂਦੀ ਹੈ : ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨਵਾਂ ਸਿੱਖਣ ਦੀ ਲਗਨ ਹੀ ਮੰਜ਼ਿਲ ਤੱਕ ਪਹੁੰਚਾਉਂਦੀ ਹੈ : ਪ੍ਰਿੰਸੀਪਲ ਗੁਰਸੇਵਕ ਕੌਰ ਮਾਨ
Publish Date: Sun, 22 Nov 2026 03:38 PM (IST)
Updated Date: Sun, 22 Nov 2026 03:40 PM (IST)
ਨਵਾਂ ਸਿੱਖਣ ਦੀ ਲਗਨ ਹੀ ਮੰਜ਼ਿਲ ਤੱਕ ਪਹੁੰਚਾਉਂਦੀ ਹੈ : ਪ੍ਰਿੰਸੀਪਲ ਗੁਰਸੇਵਕ ਕੌਰ ਮਾਨਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਛੂਹਣ ਲਈ ਮਨੁੱਖ ਅੰਦਰ ਕੁਝ ਨਵਾਂ ਸਿੱਖਣ ਅਤੇ ਨਵਾਂ ਕਰਨ ਦੀ ਚਾਹਤ ਤੇ ਉਤਸੁਕਤਾ ਹੋਣੀ ਬੇਹੱਦ ਜ਼ਰੂਰੀ ਹੈ। ਗਿਆਨ ਪ੍ਰਾਪਤ ਕਰਨ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਗੁਆਉਣਾ ਚਾਹੀਦਾ, ਕਿਉਂਕਿ ਨਿਰੰਤਰ ਸਿੱਖਣ ਦੀ ਪ੍ਰਕਿਰਿਆ ਹੀ ਮਨੁੱਖ ਨੂੰ ਆਪਣੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਵੱਲ ਲੈ ਕੇ ਜਾਂਦੀ ਹੈ। ਵਿਸ਼ੇਸ਼ ਤੌਰ ਤੇ ਵਿਦਿਆਰਥੀ ਜੀਵਨ ਅਜਿਹਾ ਸੁਨਹਿਰੀ ਸਮਾਂ ਹੁੰਦਾ ਹੈ, ਜਿਸ ਦੌਰਾਨ ਬੱਚਿਆਂ ਅੰਦਰ ਨਵੀਆਂ ਚੀਜ਼ਾਂ ਸਿੱਖਣ, ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਭਵਿੱਖ ਲਈ ਮਜ਼ਬੂਤ ਨੀਂਹ ਰੱਖਣ ਦੀਆਂ ਅਸੀਮ ਸੰਭਾਵਨਾਵਾਂ ਹੁੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨ ਦੇ ਨਾਲ-ਨਾਲ ਆਪਣੇ ਗਿਆਨ ਵਿੱਚ ਵਾਧਾ ਕਰਨਾ ਵੀ ਲਾਜ਼ਮੀ ਹੈ। ਸਹੀ ਮਾਰਗਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਮਨੁੱਖ ਸਾਰੀ ਉਮਰ ਆਪਣੇ ਤਜਰਬਿਆਂ ਤੇ ਯਤਨਾਂ ਰਾਹੀਂ ਨਵੀਆਂ ਗੱਲਾਂ ਸਿੱਖਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਤੋਂ ਘਬਰਾਉਣ ਦੀ ਬਜਾਏ ਉਨ੍ਹਾਂ ਦਾ ਹੌਸਲੇ ਤੇ ਦ੍ਰਿੜ੍ਹਤਾ ਨਾਲ ਸਾਹਮਣਾ ਕਰਨਾ ਚਾਹੀਦਾ ਹੈ। ਹਰ ਮੁਸ਼ਕਲ ਮਨੁੱਖ ਨੂੰ ਕੋਈ ਨਾ ਕੋਈ ਨਵਾਂ ਸਬਕ ਸਿਖਾਉਂਦੀ ਹੈ। ਜੇਕਰ ਕਿਸੇ ਵੀ ਕੰਮ ਨੂੰ ਪੂਰੀ ਮਿਹਨਤ, ਲਗਨ ਅਤੇ ਇਕਾਗਰਤਾ ਨਾਲ ਕੀਤਾ ਜਾਵੇ ਤਾਂ ਸਫ਼ਲਤਾ ਦੀ ਮੰਜ਼ਿਲ ਜ਼ਰੂਰ ਹਾਸਲ ਕੀਤੀ ਜਾ ਸਕਦੀ ਹੈ। ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ, ਰੋਜ਼ਾਨਾ ਅਖ਼ਬਾਰ ਪੜ੍ਹਨ ਅਤੇ ਇੰਟਰਨੈੱਟ ਦੀ ਸਹੀ ਤੇ ਉਸਾਰੂ ਵਰਤੋਂ ਕਰਕੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ। ਸਿੱਖਿਆ ਨਾਲ ਸਮਾਜਿਕ ਕੁਰੀਤੀਆਂ ਤੇ ਪਵੇਗੀ ਠੱਲ੍ਹ : ਸਾਨੀਆ ਨਰੂਲਾ ਇਸ ਮੌਕੇ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੀ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦਾ ਅਹਿਮ ਆਧਾਰ ਹੈ ਅਤੇ ਕਿਸੇ ਵੀ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਹਰ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਹੋਰ ਇੱਛਾਵਾਂ ਅਤੇ ਗ਼ੈਰ-ਜ਼ਰੂਰੀ ਖ਼ਰਚਿਆਂ ਨੂੰ ਸੀਮਤ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਨੀਆ ਨਰੂਲਾ ਨੇ ਕਿਹਾ ਕਿ ਸਿੱਖਿਆ ਦੇ ਵੱਧ ਤੋਂ ਵੱਧ ਪਸਾਰ ਨਾਲ ਹੀ ਸਮਾਜ ਵਿੱਚ ਫੈਲੇ ਅੰਧਵਿਸ਼ਵਾਸ, ਸਮਾਜਿਕ ਬੁਰਾਈਆਂ ਅਤੇ ਹੋਰ ਕੁਰੀਤੀਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੀ ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜਿਕ ਬੁਰਾਈਆਂ ਅਤੇ ਅਪਰਾਧਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਸਿੱਖਿਆ ਸੰਸਥਾਵਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੀਆਂ ਕਦਰਾਂ-ਕੀਮਤਾਂ, ਨੈਤਿਕਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਬੱਚੇ ਨੂੰ ਸਹੀ ਅਤੇ ਮਿਆਰੀ ਸਿੱਖਿਆ ਦਿਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਜੋ ਇੱਕ ਪੜ੍ਹੇ-ਲਿਖੇ, ਜਾਗਰੂਕ ਅਤੇ ਵਿਕਸਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।