ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਤਤਪਰ : ਹਰਦੀਪਕ ਢਿੱਲੋਂ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਤਤਪਰ : ਹਰਦੀਪਕ ਢਿੱਲੋਂ
Publish Date: Sun, 22 Nov 2026 03:39 PM (IST)
Updated Date: Sun, 22 Nov 2026 03:40 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਨ੍ਹਾਂ ਯਤਨਾਂ ਨਾਲ ਜਿੱਥੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਣਗੇ, ਉੱਥੇ ਹੀ ਨਸ਼ਾ ਮੁਕਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਰਾਹ ਵੀ ਪੱਧਰਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਅਗਵਾਈ ਕਰਨ ਦੀ ਯੋਗਤਾ ਵੀ ਪੈਦਾ ਕਰਦੀਆਂ ਹਨ। ਖੇਡਾਂ ਨਾਲ ਜੁੜਿਆ ਨੌਜਵਾਨ ਜਿੱਥੇ ਆਪਣੇ ਭਵਿੱਖ ਪ੍ਰਤੀ ਗੰਭੀਰ ਹੁੰਦਾ ਹੈ, ਉੱਥੇ ਹੀ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਹੁੰਦਾ ਹੈ। ਸਰਪੰਚ ਹਰਦੀਪਕ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਵਿਕਾਸ ਹੋਣ ਨਾਲ ਪੇਂਡੂ ਖਿਡਾਰੀਆਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਅਭਿਆਸ ਕਰਨ ਦੀਆਂ ਸਹੂਲਤਾਂ ਮਿਲ ਸਕਣਗੀਆਂ। ਪਹਿਲਾਂ ਖਿਡਾਰੀਆਂ ਨੂੰ ਸਿਖਲਾਈ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਖ਼ਰਚ ਹੁੰਦੇ ਸਨ। ਪਿੰਡ ਪੱਧਰ ਤੇ ਬਿਹਤਰ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਮੁੰਡਿਆਂ ਅਤੇ ਕੁੜੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਵਧੇਰੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਕਬੱਡੀ, ਫੁੱਟਬਾਲ, ਹਾਕੀ, ਅਥਲੈਟਿਕਸ ਅਤੇ ਹੋਰ ਖੇਡਾਂ ਪ੍ਰਤੀ ਬੇਹੱਦ ਉਤਸ਼ਾਹ ਹੈ। ਜੇਕਰ ਖਿਡਾਰੀਆਂ ਨੂੰ ਯੋਗ ਕੋਚ, ਖੇਡਾਂ ਦਾ ਸਾਮਾਨ, ਨਿਯਮਤ ਅਭਿਆਸ ਅਤੇ ਵਧੀਆ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਮੌਕੇ ਮਿਲਣ ਤਾਂ ਉਹ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਅਖੀਰ ਵਿੱਚ ਸਰਪੰਚ ਹਰਦੀਪਕ ਸਿੰਘ ਢਿੱਲੋਂ ਨੇ ਕਿਹਾ ਕਿ ਖੇਡ ਸਹੂਲਤਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਹੀ ਦੇਖ-ਭਾਲ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਉਣੀ ਵੀ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਖੇਡਾਂ ਨੂੰ ਮਿਲ ਰਹੀ ਹੱਲਾਸ਼ੇਰੀ ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਹੋਰ ਮਜ਼ਬੂਤ ਹੋਵੇਗਾ ਅਤੇ ਪਿੰਡਾਂ ਵਿੱਚ ਛੁਪੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਦਾ ਸੁਨਹਿਰੀ ਮੌਕਾ ਮਿਲੇਗਾ।