ਮਾਸਕ ਤੇ ਐਨਕਾਂ ਲਾ ਕੇ ਹੀ ਘਰੋਂ ਬਾਹਰ ਨਿਕਲੋ : ਡਾ. ਵਰਿੰਦਰ ਕੁਮਾਰ ਮਾਸਕ ਅਤੇ ਐਨਕਾਂ ਲਾ ਕੇ ਹੀ ਘਰੋਂ ਬਾਹਰ ਨਿਕਲੋ : ਡਾ. ਵਰਿੰਦਰ ਕੁਮਾਰ
Publish Date: Sun, 22 Nov 2026 03:41 PM (IST)
Updated Date: Sun, 22 Nov 2026 03:43 PM (IST)
ਪਰਾਲੀ ਦੇ ਧੂੰਏਂ ਨਾਲ ਅੱਖਾਂ ਤੇ ਸਾਹ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਿਆ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਦੇਖਣ ਨੂੰ ਮਿਲ ਰਹੀ ਹੈ ਅਤੇ ਕਈ ਪਿੰਡ ਅਜਿਹੇ ਵੀ ਹਨ, ਜਿੱਥੇ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਨਹੀਂ ਸਾੜੀ ਗਈ, ਪਰ ਇਸ ਦੇ ਬਾਵਜੂਦ ਕੁਝ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ। ਇਸ ਕਾਰਨ ਵਾਤਾਵਰਨ ਵਿੱਚ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਹੈ ਅਤੇ ਸ਼ਾਮ ਪੈਂਦਿਆਂ ਹੀ ਆਸਮਾਨ ਵਿੱਚ ਧੂੰਏਂ ਦੀ ਸੰਘਣੀ ਪਰਤ ਛਾ ਜਾਂਦੀ ਹੈ। ਕਈ ਵਾਰ ਦਿਨ ਵੇਲੇ ਵੀ ਸੜਕਾਂ ਤੇ ਧੁੰਦ ਵਰਗਾ ਮਾਹੌਲ ਬਣ ਜਾਂਦਾ ਹੈ ਅਤੇ ਵਾਹਨ ਚਾਲਕਾਂ ਨੂੰ ਆਪਣੀਆਂ ਗੱਡੀਆਂ ਦੀਆਂ ਲਾਈਟਾਂ ਜਗਾ ਕੇ ਸਫ਼ਰ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿੱਚ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿੱਚ ਕਈ ਤਰ੍ਹਾਂ ਦੀਆਂ ਹਾਨੀਕਾਰਕ ਗੈਸਾਂ ਅਤੇ ਬਰੀਕ ਧੂੜ ਦੇ ਕਣ ਫੈਲਦੇ ਹਨ, ਜੋ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਅੱਖਾਂ ਵਿੱਚ ਜਲਣ, ਖੁਜਲੀ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਦਮੇ ਸਮੇਤ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਪ੍ਰਦੂਸ਼ਿਤ ਹਵਾ ਵਧੇਰੇ ਖ਼ਤਰਨਾਕ ਸਾਬਤ ਹੋ ਸਕਦੀ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਿਰਫ਼ ਮਨੁੱਖੀ ਸਿਹਤ ਹੀ ਪ੍ਰਭਾਵਿਤ ਨਹੀਂ ਹੁੰਦੀ, ਸਗੋਂ ਇਸ ਦਾ ਕੁਦਰਤੀ ਵਾਤਾਵਰਨ ਅਤੇ ਜੀਵ-ਜੰਤੂਆਂ ਤੇ ਵੀ ਮਾੜਾ ਅਸਰ ਪੈਂਦਾ ਹੈ। ਅੱਗ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵ ਨਸ਼ਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਖੇਤਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਲੱਗੇ ਦਰੱਖਤ ਵੀ ਅੱਗ ਦੀ ਲਪੇਟ ਵਿੱਚ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਮਧੂ-ਮੱਖੀਆਂ ਅਤੇ ਹੋਰ ਲਾਭਦਾਇਕ ਕੀਟਾਂ ਦੀ ਗਿਣਤੀ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਮਧੂ-ਮੱਖੀਆਂ ਦੀ ਘਟਦੀ ਗਿਣਤੀ ਕਾਰਨ ਸ਼ਹਿਦ ਉਤਪਾਦਨ ਅਤੇ ਕੁਦਰਤੀ ਪਰਾਗਣ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਛੋਟੇ ਪੰਛੀਆਂ ਅਤੇ ਹੋਰ ਜੀਵਾਂ ਦੇ ਕੁਦਰਤੀ ਵਾਸ-ਸਥਾਨ ਵੀ ਖ਼ਤਰੇ ਵਿੱਚ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਕਿਸਾਨ ਇਸ ਨੂੰ ਆਪਣੇ ਲਈ ਲਾਹੇਵੰਦ ਬਣਾ ਸਕਦੇ ਹਨ। ਪਰਾਲੀ ਨੂੰ ਢੁੱਕਵੀਂ ਵਿਧੀ ਨਾਲ ਯੂਰੀਏ ਦੀ ਸਹਾਇਤਾ ਨਾਲ ਸੋਧ ਕੇ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ ਅਤੇ ਇਸ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਜਦੋਂ ਵਾਤਾਵਰਨ ਵਿੱਚ ਪ੍ਰਦੂਸ਼ਣ ਜ਼ਿਆਦਾ ਹੋਵੇ ਤਾਂ ਬੇਲੋੜਾ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਜੇਕਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਜਾਣਾ ਪਵੇ ਤਾਂ ਮੂੰਹ ਤੇ ਚੰਗੀ ਗੁਣਵੱਤਾ ਵਾਲਾ ਮਾਸਕ ਅਤੇ ਅੱਖਾਂ ਦੀ ਸੁਰੱਖਿਆ ਲਈ ਐਨਕਾਂ ਜ਼ਰੂਰ ਪਹਿਨੀਆਂ ਜਾਣ। ਉਨ੍ਹਾਂ ਖ਼ਾਸ ਤੌਰ ਤੇ ਸਾਹ ਅਤੇ ਦਮੇ ਦੇ ਮਰੀਜ਼ਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਅੰਤ ਵਿੱਚ ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਢੁੱਕਵੀਂ ਵਿਧੀ ਨਾਲ ਪਸ਼ੂਆਂ ਦੇ ਚਾਰੇ ਵਜੋਂ ਵਰਤਣ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਅੱਜ ਚੁੱਕਿਆ ਗਿਆ ਸਹੀ ਕਦਮ ਨਾ ਸਿਰਫ਼ ਸਾਡੀ ਸਿਹਤ ਦੀ ਰੱਖਿਆ ਕਰੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼-ਸੁਥਰਾ ਅਤੇ ਸ਼ੁੱਧ ਵਾਤਾਵਰਨ ਦੇਣ ਵਿੱਚ ਸਹਾਈ ਹੋਵੇਗਾ।