ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਦਾ ਸਾਥ ਜ਼ਰੂਰੀ ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਦਾ ਸਾਥ ਜ਼ਰੂਰੀ-
Publish Date: Sun, 22 Nov 2026 03:42 PM (IST)
Updated Date: Sun, 22 Nov 2026 03:46 PM (IST)
-ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਦਾ ਸਾਥ ਜ਼ਰੂਰੀ-ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਹੁੰਦੀ ਹੈ ਪ੍ਰਭਾਵਿਤ, ਜ਼ਹਿਰੀਲੇ ਧੂੰਏਂ ਕਾਰਨ ਵਧਦੇ ਹਨ ਸੜਕ ਹਾਦਸੇ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਕਿਸਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਵਿੱਚ ਜ਼ਹਿਰੀਲੀਆਂ ਗੈਸਾਂ ਅਤੇ ਧੂੰਆਂ ਫੈਲਦਾ ਹੈ, ਉੱਥੇ ਹੀ ਇਸ ਦਾ ਮਾੜਾ ਪ੍ਰਭਾਵ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਜੀਵ-ਜੰਤੂਆਂ ਤੇ ਵੀ ਪੈਂਦਾ ਹੈ। ਇਸ ਗੰਭੀਰ ਸਮੱਸਿਆ ਦੇ ਮੱਦੇਨਜ਼ਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪੰਜਾਬੀ ਜਾਗਰਣ ਵੱਲੋਂ ਵੀ ਆਮ ਲੋਕਾਂ, ਬੁੱਧੀਜੀਵੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨਾਲ ਵਿਚਾਰ-ਚਰਚਾ ਕਰਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਇਸ ਮੁਹਿੰਮ ਵਿੱਚ ਭਾਈਵਾਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਪਰਾਲੀ ਸਾੜਨ ਨਾਲ ਕਿਸਾਨਾਂ ਦਾ ਵੀ ਹੁੰਦਾ ਹੈ ਨੁਕਸਾਨ : ਉਮੇਂਦਰ ਦੱਤ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਕਿਸਾਨਾਂ ਦੇ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਅੱਗ ਕਾਰਨ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਤੱਤਾਂ ਦੇ ਨਾਲ-ਨਾਲ ਕਿਸਾਨਾਂ ਦੇ ਮਿੱਤਰ ਕੀੜੇ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਸਿਹਤ ਖ਼ਰਾਬ ਹੁੰਦੀ ਹੈ ਅਤੇ ਫ਼ਸਲ ਦੇ ਝਾੜ ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਮੇਂਦਰ ਦੱਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਨ ਤੇ ਖੇਤੀਬਾੜੀ ਦੀ ਬਿਹਤਰੀ ਲਈ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਸਾਫ਼ ਵਾਤਾਵਰਨ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਡਾ. ਪਰਮਿੰਦਰ ਤੱਗੜ ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ਕਿਹਾ ਕਿ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਨ ਦਾ ਖ਼ਮਿਆਜ਼ਾ ਹਰ ਵਰਗ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪ੍ਰਦੂਸ਼ਣ ਅੱਜ ਪੂਰੀ ਦੁਨੀਆ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਪੰਜਾਬ ਵਿੱਚ ਵੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਮੇਂ ਸਿਰ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਹੋਰ ਵੀ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ। ਡਾ. ਪਰਮਿੰਦਰ ਸਿੰਘ ਤੱਗੜ ਨੇ ਸਮੂਹ ਪੰਜਾਬ ਵਾਸੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਦਾ ਟੀਚਾ ਮਿੱਥਣ। ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਪੰਜਾਬ ਨੂੰ ਮੁੜ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਪਰਾਲੀ ਦੇ ਧੂੰਏਂ ਕਾਰਨ ਵਾਪਰਦੇ ਹਨ ਸੜਕ ਹਾਦਸੇ : ਸ਼ੇਖਰ ਸ਼ਰਮਾ ਉੱਘੇ ਸਮਾਜ ਸੇਵੀ ਸ਼ੇਖਰ ਸ਼ਰਮਾ ਜੈਤੋ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਦੇ ਕਈ ਕਾਰਨ ਹਨ ਪਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲਣ ਵਾਲਾ ਜ਼ਹਿਰੀਲਾ ਧੂੰਆਂ ਲੋਕਾਂ ਲਈ ਵੱਡੀ ਮੁਸੀਬਤ ਬਣਦਾ ਹੈ। ਸੰਘਣੇ ਧੂੰਏਂ ਕਾਰਨ ਸੜਕਾਂ ਤੇ ਦੂਰ ਤੱਕ ਦਿਖਾਈ ਨਹੀਂ ਦਿੰਦਾ, ਜਿਸ ਕਰਕੇ ਕਈ ਵਾਰ ਗੰਭੀਰ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਸ਼ੇਖਰ ਸ਼ਰਮਾ ਜੈਤੋ ਨੇ ਕਿਹਾ ਕਿ ਪੰਜਾਬ ਦਾ ਵਾਤਾਵਰਨ ਦਿਨੋਂ-ਦਿਨ ਖ਼ਰਾਬ ਹੋ ਰਿਹਾ ਹੈ। ਇਸ ਸਮੱਸਿਆ ਨੂੰ ਰੋਕਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਜਾਗਰੂਕਤਾ ਨਾਲ ਆ ਰਿਹੈ ਸੁਧਾਰ, ਪਰ ਅਜੇ ਹੋਰ ਯਤਨਾਂ ਦੀ ਲੋੜ : ਡਾ. ਗੁਰਚਰਨ ਭਗਤੂਆਣਾ ਉੱਘੇ ਸਮਾਜ ਸੇਵੀ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਪੰਜਾਬ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਲੰਮੇ ਸਮੇਂ ਤੋਂ ਬਣੀ ਹੋਈ ਹੈ। ਪ੍ਰਦੂਸ਼ਣ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਲੋਕਾਂ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਦੇ ਮੁਕਾਬਲੇ ਕੁਝ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ, ਜੋ ਲੋਕਾਂ ਵਿੱਚ ਵਧ ਰਹੀ ਜਾਗਰੂਕਤਾ ਦਾ ਨਤੀਜਾ ਹੈ। ਹਾਲਾਂਕਿ ਇਸ ਦਿਸ਼ਾ ਵਿੱਚ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ। ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਸਿਰਫ਼ ਸਰਕਾਰੀ ਯਤਨਾਂ ਨਾਲ ਇਸ ਸਮੱਸਿਆ ਦਾ ਹੱਲ ਸੰਭਵ ਨਹੀਂ, ਸਗੋਂ ਲੋਕਾਂ ਨੂੰ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਪਵੇਗਾ। ਸਮੂਹ ਸ਼ਖ਼ਸੀਅਤਾਂ ਨੇ ਇਸ ਗੱਲ ਤੇ ਸਹਿਮਤੀ ਪ੍ਰਗਟਾਈ ਕਿ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਲੋੜ ਅਤੇ ਜ਼ਿੰਮੇਵਾਰੀ ਹੈ।