ਪੰਜਾਬ ਪ੍ਰਦੇਸ਼ ਚੋਣ ਕਮੇਟੀ ’ਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਪੰਜਾਬ ਪ੍ਰਦੇਸ਼ ਚੋਣ ਕਮੇਟੀ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
Publish Date: Sun, 22 Nov 2026 03:44 PM (IST)
Updated Date: Sun, 22 Nov 2026 03:46 PM (IST)
ਮਨਜਿੰਦਰ ਹੈਪੀ ਨੇ ਕੈਪਟਨ ਸੰਧੂ ਨੂੰ ਦਿੱਤੀ ਮੁਬਾਰਕਬਾਦ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਸੂਬੇ ਵਿੱਚ ਪਾਰਟੀ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਐਲਾਨੀ ਗਈ ਇਸ ਕਮੇਟੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਬਤੌਰ ਮੈਂਬਰ ਸ਼ਾਮਲ ਕਰਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਨਿਯੁਕਤੀ ਦੇ ਹੁਕਮ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਹਨ। ਇਸ ਅਹਿਮ ਜ਼ਿੰਮੇਵਾਰੀ ਲਈ ਚੁਣੇ ਜਾਣ ਉਪਰੰਤ ਕੈਪਟਨ ਸੰਦੀਪ ਸਿੰਘ ਸੰਧੂ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਉੱਪਰ ਭਰੋਸਾ ਪ੍ਰਗਟਾਉਂਦਿਆਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਪਣੀ ਨਿਯੁਕਤੀ ਲਈ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਭਾਰਤੀ ਰਾਸ਼ਟਰੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਸੌਂਪੀਆਂ ਜਾਣ ਵਾਲੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਬੇਹੱਦ ਕਰੀਬੀ ਅਤੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’, ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਨੇ ਕੈਪਟਨ ਸੰਧੂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦੀ ਨਿਯੁਕਤੀ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਨੇ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਵਿੱਚ ਮਿਲੀ ਇਹ ਅਹਿਮ ਜ਼ਿੰਮੇਵਾਰੀ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ, ਸਮਰਪਣ ਅਤੇ ਤਜਰਬੇ ਨੂੰ ਮਿਲਿਆ ਮਾਣ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਗਤੀਵਿਧੀਆਂ ਲਈ ਸਰਗਰਮ ਰਹੇ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕੈਪਟਨ ਸੰਧੂ ਆਪਣੀ ਨਵੀਂ ਜ਼ਿੰਮੇਵਾਰੀ ਵੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਉਨ੍ਹਾਂ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਇਸ ਨਿਯੁਕਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਸਫ਼ਲਤਾਵਾਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।