- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਦੀ ਮੋਗਾ ਰੈਲੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ : ‘ਆਪ’ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਲੈ ਕੇ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਵਲੰਟੀਅਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਗੱਲਬਾਤ ਕਰਦਿਆਂ ਡਬਲ ਐੱਮ.ਏ., ਬੀ.ਐੱਡ., ਐੱਮ.ਐੱਡ., ਐੱਮ.ਫਿਲ., ਪੀਐੱਚ.ਡੀ., ਨੈਸ਼ਨਲ ਐਵਾਰਡੀ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਡਾਇਰੈਕਟਰ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ ਅਤੇ ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ‘ਤੋਤਾ’ ਨੇ ਕਿਹਾ ਕਿ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਇਹ ਸੂਬਾ ਪੱਧਰੀ ਰੈਲੀ ਪਾਰਟੀ ਦੇ ਸਿਆਸੀ ਸਫ਼ਰ ਅਤੇ ਪੰਜਾਬ ਪ੍ਰਤੀ ਉਸ ਦੀਆਂ ਨੀਤੀਆਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਅਹਿਮ ਮੰਚ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਹੋਵੇਗੀ। ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਵੱਖ-ਵੱਖ ਪੱਧਰਾਂ ਦੇ ਆਗੂਆਂ ਅਤੇ ਵਿੰਗਾਂ ਦੇ ਨੁਮਾਇੰਦਿਆਂ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੈਤੋ ਅਤੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ ਤਿਆਰੀਆਂ ਨੂੰ ਲੈ ਕੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਰੈਲੀ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸੇਵਾਵਾਂ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਅਨੁਸਾਰ ਇਹ ਰੈਲੀ ਪਾਰਟੀ ਦੀ ਵਿਚਾਰਧਾਰਾ, ਹੁਣ ਤੱਕ ਦੇ ਸਿਆਸੀ ਸਫ਼ਰ ਅਤੇ ਪੰਜਾਬ ਦੇ ਵਿਕਾਸ ਸਬੰਧੀ ਨਜ਼ਰੀਏ ਨੂੰ ਸਾਂਝਾ ਕਰਨ ਦਾ ਮੌਕਾ ਹੋਵੇਗੀ। ਅੰਤ ਵਿੱਚ ‘ਆਪ’ ਆਗੂਆਂ ਨੇ ਵਿਧਾਨ ਸਭਾ ਹਲਕਾ ਜੈਤੋ ਸਮੇਤ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ, ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਰੈਲੀ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।