- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਹਨ ਚਾਲਕ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ : ਬਲਰਾਜ ਸਿੰਘ ਭੁੱਲਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਹਿਰ ਅੰਦਰ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਸਮੇਤ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜੈਤੋ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਦੇ ਹੁਕਮਾਂ, ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜੈਤੋ ਟ੍ਰੈਫਿਕ ਪੁਲਿਸ ਦੇ ਇੰਚਾਰਜ ਏਐੱਸਆਈ ਬਲਰਾਜ ਸਿੰਘ ਭੁੱਲਰ ਢੈਪਈ ਨੇ ਸਮੂਹ ਇਲਾਕਾ ਵਾਸੀਆਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੀ ਸੁਰੱਖਿਆ ਦੇ ਨਾਲ-ਨਾਲ ਦੂਜਿਆਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਨੂੰ ਵੀ ਪਹਿਲ ਦੇਣ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਅਤੇ ਘੱਟ ਰੌਸ਼ਨੀ ਕਾਰਨ ਸੜਕਾਂ ’ਤੇ ਵਾਹਨਾਂ ਦੀ ਦਿੱਖ ਘੱਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਸਕੂਲੀ ਵਾਹਨਾਂ ਦੇ ਚਾਲਕ ਆਪਣੇ ਵਾਹਨਾਂ ਦੇ ਅੱਗੇ ਅਤੇ ਪਿੱਛੇ ਢੁੱਕਵੀਂ ਥਾਂ ’ਤੇ ਰਿਫਲੈਕਟਰ ਅਤੇ ਰਿਫਲੈਕਟਿਵ ਟੇਪ ਜ਼ਰੂਰ ਲਗਵਾਉਣ, ਤਾਂ ਜੋ ਧੁੰਦ ਅਤੇ ਹਨੇਰੇ ਵਿੱਚ ਹੋਰ ਵਾਹਨ ਚਾਲਕਾਂ ਨੂੰ ਉਨ੍ਹਾਂ ਦੇ ਵਾਹਨ ਦੂਰੋਂ ਹੀ ਦਿਖਾਈ ਦੇ ਸਕਣ। ਇਸ ਦੇ ਨਾਲ ਹੀ ਵਾਹਨਾਂ ਦੀਆਂ ਲਾਈਟਾਂ ਅਤੇ ਹੋਰ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਦੀ ਸਮੇਂ-ਸਮੇਂ ’ਤੇ ਜਾਂਚ ਵੀ ਕਰਵਾਈ ਜਾਵੇ। ਏਐੱਸਆਈ ਬਲਰਾਜ ਸਿੰਘ ਭੁੱਲਰ ਨੇ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼, ਜਿਵੇਂ ਰਜਿਸਟਰੇਸ਼ਨ ਸਰਟੀਫਿਕੇਟ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਡਰਾਈਵਿੰਗ ਲਾਇਸੈਂਸ ਮੁਕੰਮਲ ਤੇ ਅਪਡੇਟ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਆਲੇ-ਦੁਆਲੇ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ, ਰਫ਼ਤਾਰ ਸੀਮਤ ਰੱਖੀ ਜਾਵੇ ਅਤੇ ਸੜਕ ਪਾਰ ਕਰ ਰਹੇ ਬੱਚਿਆਂ ਤੇ ਪੈਦਲ ਰਾਹਗੀਰਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਲਿਜਾਣ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦਾ ਫਰਜ਼ ਹੈ। ਥੋੜ੍ਹੀ ਜਿਹੀ ਸਾਵਧਾਨੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਨਾਗਰਿਕ ਬਣਨ, ਸੁਰੱਖਿਅਤ ਢੰਗ ਨਾਲ ਵਾਹਨ ਚਲਾਉਣ ਅਤੇ ਸੜਕ ਹਾਦਸਿਆਂ ਦੀ ਰੋਕਥਾਮ ਲਈ ਟ੍ਰੈਫਿਕ ਪੁਲਿਸ ਦਾ ਸਹਿਯੋਗ ਕਰਨ।