- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਵਿਖੇ ਨਿਰੰਕਾਰੀ ਮਿਸ਼ਨ ਦੇ ਖੂਨਦਾਨ ਕੈਂਪ 'ਚ 101 ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਜਗਮੀਤ ਸਿੰਘ ਪੰਜਾਬੀ ਜਾਗਰਣ ਕੋਟਕਪੂਰਾ : ਕੋਟਕਪੂਰਾ ਦੇ ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ 101 ਸ਼ਰਧਾਲੂਆਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਆਪਣਾ ਯੋਗਦਾਨ ਪਾਇਆ। ਕੈਂਪ ਦਾ ਉਦਘਾਟਨ ਫਿਰੋਜ਼ਪੁਰ ਜ਼ੋਨ ਦੇ ਜ਼ੋਨਲ ਇੰਚਾਰਜ ਐੱਨਐੱਸ ਗਿੱਲ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਅਜਿਹਾ ਉਪਰਾਲਾ ਹੈ, ਜਿਸ ਦਾ ਲਾਭ ਕਿਸੇ ਵੀ ਧਰਮ, ਜਾਤ ਜਾਂ ਵਰਗ ਦੇ ਲੋੜਵੰਦ ਵਿਅਕਤੀ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸੇ ਭਾਵਨਾ ਤਹਿਤ ਮਿਸ਼ਨ ਦੇ ਸ਼ਰਧਾਲੂ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ ਕਿਸੇ ਲੋੜਵੰਦ ਮਰੀਜ਼ ਲਈ ਸਮੇਂ ਸਿਰ ਮਿਲਿਆ ਖੂਨ ਉਸ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਦੀ ਇਸ ਮੁਹਿੰਮ ਦੀ ਸ਼ੁਰੂਆਤ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਨੇ ਸਾਲ 1986 ਵਿੱਚ ਕੀਤੀ ਸੀ। ਉਨ੍ਹਾਂ ਦਾ ਸੰਦੇਸ਼ 'ਮਨੁੱਖ ਦਾ ਖੂਨ ਨਾਲੀਆਂ ਵਿੱਚ ਨਹੀਂ, ਸਗੋਂ ਨਸਾਂ ਵਿੱਚ ਵਹਿਣਾ ਚਾਹੀਦਾ ਹੈ' ਅੱਜ ਵੀ ਸ਼ਰਧਾਲੂਆਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਖੂਨਦਾਨ ਕਰਨ ਵਾਲੇ ਸਾਰੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਕੋਟਕਪੂਰਾ ਬ੍ਰਾਂਚ ਦੇ ਸੰਯੋਜਕ ਸੁਰਿੰਦਰ ਅਰੋੜਾ ਨੇ ਜ਼ੋਨਲ ਇੰਚਾਰਜ ਐੱਨਐੱਸ ਗਿੱਲ, ਖੂਨਦਾਨ ਕਰਨ ਵਾਲੇ ਸ਼ਰਧਾਲੂਆਂ ਅਤੇ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਤੋਂ ਡਾ. ਧਰਮਿੰਦਰ ਦੀ ਅਗਵਾਈ ਹੇਠ ਪਹੁੰਚੀ ਮੈਡੀਕਲ ਟੀਮ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਸਦਕਾ ਸਾਧ-ਸੰਗਤ ਵੱਲੋਂ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਮਨੁੱਖੀ ਸੰਵੇਦਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।