- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਪ੍ਰੇਮ, ਸੇਵਾ ਤੇ ਬਰਾਬਰਤਾ ਦਾ ਮਾਰਗ ਦਿਖਾਉਂਦੀਆਂ ਹਨ : ਸਾਧਵੀ ਸੰਗਲਤਾ ਭਾਰਤੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਵਯ ਜੋਯਤੀ ਜਾਗ੍ਰਿਤੀ ਸੰਸਥਾਨ ਵੱਲੋਂ ਮੋਗਾ ਰੋਡ ਸਥਿਤ ਕੋਟਕਪੂਰਾ ਆਸ਼ਰਮ ਵਿਖੇ ਵਿਸ਼ੇਸ਼ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ, ਅਧਿਆਤਮਿਕ ਸੰਦੇਸ਼ ਅਤੇ ਮਨੁੱਖਤਾ ਦੀ ਭਲਾਈ ਲਈ ਦਰਸਾਏ ਮਾਰਗ ਬਾਰੇ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮ ਦੌਰਾਨ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੀ ਸ਼ਿਸ਼ ਸਾਧਵੀ ਸੰਗਲਤਾ ਭਾਰਤੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਕਿਸੇ ਇੱਕ ਵਰਗ ਜਾਂ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ, ਸਾਂਝ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਮਨੁੱਖ ਨੂੰ ਜਾਤ-ਪਾਤ, ਊਚ-ਨੀਚ ਅਤੇ ਧਾਰਮਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਨੂੰ ਪਹਿਲ ਦੇਣ ਦੀ ਪ੍ਰੇਰਨਾ ਦਿੱਤੀ। ਸਾਧਵੀ ਸੰਗਲਤਾ ਭਾਰਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਸਿਧਾਂਤ ਅੱਜ ਵੀ ਮਨੁੱਖੀ ਜੀਵਨ ਲਈ ਬੇਹੱਦ ਮਹੱਤਵਪੂਰਨ ਹੈ। ਇਹ ਸਿੱਖਿਆ ਮਨੁੱਖ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਪਰਮਾਤਮਾ ਦੀ ਯਾਦ ਵਿੱਚ ਜੁੜਨ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਇਨ੍ਹਾਂ ਸਿਧਾਂਤਾਂ ਨੂੰ ਸਿਰਫ਼ ਵਿਚਾਰਾਂ ਤੱਕ ਸੀਮਤ ਰੱਖਣ ਦੀ ਬਜਾਏ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਏ ਤਾਂ ਸਮਾਜ ਵਿੱਚ ਕਈ ਬੁਰਾਈਆਂ ਆਪਣੇ ਆਪ ਖ਼ਤਮ ਹੋ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਇਕ ਪਰਮਾਤਮਾ ਦੀ ਹੋਂਦ ਦਾ ਸੰਦੇਸ਼ ਦਿੰਦਿਆਂ ਸਮਝਾਇਆ ਕਿ ਪ੍ਰਮਾਤਮਾ ਸਮੁੱਚੀ ਸ੍ਰਿਸ਼ਟੀ ਵਿੱਚ ਵਿਆਪਕ ਹੈ ਅਤੇ ਹਰ ਮਨੁੱਖ ਅੰਦਰ ਉਸੇ ਜੋਤ ਦਾ ਵਾਸ ਹੈ। ਇਸ ਲਈ ਕਿਸੇ ਨਾਲ ਵੀ ਭੇਦਭਾਵ ਕਰਨਾ ਗੁਰੂ ਸਾਹਿਬ ਦੀ ਵਿਚਾਰਧਾਰਾ ਦੇ ਉਲਟ ਹੈ। ਅਸਲ ਅਧਿਆਤਮਿਕਤਾ ਮਨੁੱਖ ਨੂੰ ਆਪਣੇ ਅੰਦਰ ਪਰਮਾਤਮਾ ਦੀ ਹੋਂਦ ਦਾ ਅਹਿਸਾਸ ਕਰਵਾਉਣ ਦੇ ਨਾਲ-ਨਾਲ ਦੂਜਿਆਂ ਪ੍ਰਤੀ ਦਇਆ, ਨਿਮਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਮਾਜ ਵੱਖ-ਵੱਖ ਤਰ੍ਹਾਂ ਦੇ ਵਖਰੇਵਿਆਂ ਅਤੇ ਆਪਸੀ ਟਕਰਾਅ ਦਾ ਸਾਹਮਣਾ ਕਰ ਰਿਹਾ ਹੈ, ਅਜਿਹੇ ਸਮੇਂ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਹੋਰ ਵੀ ਵਧੇਰੇ ਲੋੜ ਹੈ। ਮਨੁੱਖ ਨੂੰ ਆਪਣੀ ਸੋਚ ਅਤੇ ਵਿਹਾਰ ਵਿੱਚ ਬਦਲਾਅ ਲਿਆ ਕੇ ਪ੍ਰੇਮ, ਸਹਿਣਸ਼ੀਲਤਾ ਅਤੇ ਪਰਉਪਕਾਰ ਨੂੰ ਮਹੱਤਵ ਦੇਣਾ ਚਾਹੀਦਾ ਹੈ। ਇਸ ਮੌਕੇ ਭਜਨ-ਕੀਰਤਨ ਰਾਹੀਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸਮੁੱਚਾ ਆਸ਼ਰਮ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਅੰਤ ਵਿੱਚ ਸੰਗਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਅਤੇ ਮਨੁੱਖਤਾ ਦੀ ਸੇਵਾ ਲਈ ਯਤਨਸ਼ੀਲ ਰਹਿਣ ਦਾ ਸੰਕਲਪ ਲਿਆ।