- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਵਿੱਚ ਅਕਾਲੀ ਦਲ ਨੇ ਮਹਿਲਾ ਵਰਗ ਵਿੱਚ ਵਧਾਈ ਸਰਗਰਮੀ, ਕਈ ਬੀਬੀਆਂ ਪਾਰਟੀ ਵਿੱਚ ਸ਼ਾਮਲ

ਜਗਮੀਤ ਸਿੰਘ ਪੰਜਾਬੀ ਜਾਗਰਣ ਕੋਟਕਪੂਰਾ: ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਨਾਲ-ਨਾਲ ਮਹਿਲਾ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੋਟਕਪੂਰਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਵੱਖ-ਵੱਖ ਇਲਾਕਿਆਂ ਦੀਆਂ ਕਈ ਮਹਿਲਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਆਗੂਆਂ ਨੇ ਇਸ ਨੂੰ ਹਲਕੇ ਵਿੱਚ ਪਾਰਟੀ ਦੇ ਵਧ ਰਹੇ ਜਥੇਬੰਦਕ ਆਧਾਰ ਲਈ ਅਹਿਮ ਦੱਸਿਆ। ਇਹ ਸਮਾਗਮ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਧਰਮਪਤਨੀ ਅਮਨਜੀਤ ਕੌਰ ਬਰਾੜ, ਉਨ੍ਹਾਂ ਦੀ ਨੂੰਹ ਡਾ. ਗੁਰਮੇਹਰ ਸ਼ੇਰਗਿੱਲ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੰਗਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਮਹਿਲਾਵਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਨਜੀਤ ਕੌਰ ਬਰਾੜ, ਡਾ. ਗੁਰਮੇਹਰ ਸ਼ੇਰਗਿੱਲ ਅਤੇ ਮਨਜੀਤ ਕੌਰ ਨੰਗਲ ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਲਈ ਮਹਿਲਾਵਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਮਹਿਲਾਵਾਂ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ ਅਤੇ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਵਾਲੀਆਂ ਨਵੀਆਂ ਮਹਿਲਾ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮਰੱਥਾ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਆਗੂਆਂ ਨੇ ਉਮੀਦ ਜਤਾਈ ਕਿ ਨਵੀਆਂ ਮਹਿਲਾ ਵਰਕਰਾਂ ਦੇ ਸਹਿਯੋਗ ਨਾਲ ਕੋਟਕਪੂਰਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਹੋ ਰਿਹਾ ਵਾਧਾ ਵਰਕਰਾਂ ਲਈ ਉਤਸ਼ਾਹ ਦਾ ਵਿਸ਼ਾ ਹੈ। ਇਸ ਮੌਕੇ ਐਮਸੀ ਜੰਗੀਰ ਸਿੰਘ, ਸਾਬਕਾ ਏਐਸਆਈ ਜਗਰੂਪ ਸਿੰਘ, ਬੀਬੀ ਕਮਲੇਸ਼ ਕੌਰ, ਹੈਪੀ ਖਾਰਾ ਅਤੇ ਰਾਜਾ ਖਾਰਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।