- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਸ਼ਹਾਲ ਪੰਜਾਬ ਰੈਲੀ’ ਨੂੰ ਸਫ਼ਲ ਬਣਾਉਣ ਲਈ ਲੋਕ ਵੱਡੀ ਗਿਣਤੀ ’ਚ ਪਹੁੰਚਣ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਸੂਬਾ ਪੱਧਰੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪੰਜਾਬ ਵਾਸੀਆਂ ਨੂੰ ਇਸ ਵਿਸ਼ਾਲ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਦੇ ਸੰਕਲਪ ਨੂੰ ਸਮਰਪਿਤ ਹੋਵੇਗੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਚੋਣਾਂ ਸਮੇਂ ਕੀਤੀਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਵਾਅਦੇ ਕਰਨ ਤੱਕ ਹੀ ਆਪਣੇ ਆਪ ਨੂੰ ਸੀਮਤ ਨਹੀਂ ਰੱਖਿਆ, ਸਗੋਂ ਉਨ੍ਹਾਂ ਨੂੰ ਅਮਲੀ ਰੂਪ ਦੇ ਕੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਹਨ। ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ, ਮਹਿਲਾ ਸਸ਼ਕਤੀਕਰਨ, ਖੇਤੀਬਾੜੀ ਅਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਕੰਮ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ‘ਖੁਸ਼ਹਾਲ ਪੰਜਾਬ ਰੈਲੀ’ ਇਨ੍ਹਾਂ ਪ੍ਰਾਪਤੀਆਂ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੇ ਸੰਕਲਪ ਨੂੰ ਲੋਕਾਂ ਨਾਲ ਸਾਂਝਾ ਕਰਨ ਦਾ ਮੰਚ ਬਣੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਬਿਜਲੀ, 1090 ਆਮ ਆਦਮੀ ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸਹੂਲਤਾਂ ਅਤੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਮਹਿਲਾਵਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ, ਨੌਜਵਾਨਾਂ ਨੂੰ 72 ਹਜ਼ਾਰ ਸਰਕਾਰੀ ਨੌਕਰੀਆਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 3100 ਨਵੇਂ ਖੇਡ ਸਟੇਡੀਅਮਾਂ ਦੀ ਵਿਵਸਥਾ ਵੀ ਸਰਕਾਰ ਦੇ ਅਹਿਮ ਉਪਰਾਲਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦਾ ਗਠਨ ਕਰਨਾ ਵੀ ਇੱਕ ਮਹੱਤਵਪੂਰਨ ਕਦਮ ਹੈ। ਇਸ ਤੋਂ ਇਲਾਵਾ ਨਹਿਰਾਂ ਦੀ ਸਫ਼ਾਈ ਅਤੇ ਮੁਰੰਮਤ ਕਰਵਾਉਣ, ਨਹਿਰੀ ਪਾਣੀ ਦੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਖੇਤਾਂ ਦੇ ਆਖਰੀ ਸਿਰੇ ਤੱਕ ਪਾਣੀ ਪਹੁੰਚਾਉਣ ਲਈ ਵੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ-ਪੱਖੀ ਉਪਰਾਲਿਆਂ ਨਾਲ ਕਿਸਾਨਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਲਾਭ ਪਹੁੰਚ ਰਿਹਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕਰਨ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਰੈਲੀ ਅਹਿਮ ਸਾਬਤ ਹੋਵੇਗੀ। ਉਨ੍ਹਾਂ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।