ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਸ਼ਹਾਦਤ : ਅਸ਼ਵਨੀ ਗਰਗ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਸ਼ਹਾਦਤ : ਅਸ਼ਵਨੀ ਗਰਗ
Publish Date: Mon, 23 Nov 2026 04:03 PM (IST)
Updated Date: Mon, 23 Nov 2026 04:04 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿੱਖ ਧਰਮ ਦੇ ਨੌਵੇਂ ਗੁਰੂ, ਮਹਾਨ ਤਪੱਸਵੀ, ਤਿਆਗ ਅਤੇ ਕੁਰਬਾਨੀ ਦੇ ਪ੍ਰਤੀਕ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 351ਵੇਂ ਸ਼ਹੀਦੀ ਦਿਹਾੜੇ ਮੌਕੇ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ (ਚੰਡੀਗੜ੍ਹ), ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ, ਸਹਿਣਸ਼ੀਲਤਾ ਅਤੇ ਨਿਰਸਵਾਰਥ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਇਸੇ ਮਹਾਨ ਕੁਰਬਾਨੀ ਸਦਕਾ ਗੁਰੂ ਸਾਹਿਬ ਨੂੰ ਸਮੁੱਚੀ ਦੁਨੀਆ ਵਿੱਚ ‘ਹਿੰਦ ਦੀ ਚਾਦਰ’ ਵਜੋਂ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਅਸ਼ਵਨੀ ਕੁਮਾਰ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਨੂੰ ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਨਾਨਕੀ ਜੀ ਦੇ ਘਰ ਹੋਇਆ। ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮਲ ਰੱਖਿਆ ਗਿਆ ਸੀ। ਬਹਾਦਰੀ ਅਤੇ ਯੁੱਧ ਕਲਾ ਵਿੱਚ ਵਿਸ਼ੇਸ਼ ਮੁਹਾਰਤ ਕਾਰਨ ਉਨ੍ਹਾਂ ਨੂੰ ‘ਤੇਗ ਬਹਾਦਰ’ ਦਾ ਨਾਮ ਪ੍ਰਾਪਤ ਹੋਇਆ। ਗੁਰੂ ਸਾਹਿਬ ਦਾ ਸਮੁੱਚਾ ਜੀਵਨ ਸਾਦਗੀ, ਨਿਮਰਤਾ, ਸਿਮਰਨ, ਤਿਆਗ ਅਤੇ ਅਧਿਆਤਮਿਕਤਾ ਨਾਲ ਭਰਪੂਰ ਸੀ। ਉਨ੍ਹਾਂ ਦੀ ਪਾਵਨ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ, ਜੋ ਮਨੁੱਖ ਨੂੰ ਸੰਸਾਰਕ ਮੋਹ-ਮਾਇਆ ਤੋਂ ਉੱਪਰ ਉੱਠ ਕੇ ਪਰਮਾਤਮਾ ਦੇ ਭਾਣੇ ਵਿੱਚ ਰਹਿਣ, ਨਿਡਰਤਾ ਅਤੇ ਸੱਚ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਯਾਤਰਾਵਾਂ ਕਰਕੇ ਲੋਕਾਂ ਨੂੰ ਨਾਮ ਸਿਮਰਨ, ਆਪਸੀ ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਸਥਾਪਨਾ ਕਰਕੇ ਇਸ ਨੂੰ ਧਾਰਮਿਕ ਅਤੇ ਅਧਿਆਤਮਿਕ ਸਰਗਰਮੀਆਂ ਦਾ ਮਹੱਤਵਪੂਰਨ ਕੇਂਦਰ ਬਣਾਇਆ। ਅਸ਼ਵਨੀ ਕੁਮਾਰ ਗਰਗ ਨੇ ਕਿਹਾ ਕਿ ਜਦੋਂ ਮੁਗਲ ਹਕੂਮਤ ਵੱਲੋਂ ਲੋਕਾਂ ਉੱਤੇ ਜ਼ਬਰਦਸਤੀ ਧਰਮ ਪਰਿਵਰਤਨ ਦਾ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਅੱਗੇ ਫਰਿਆਦ ਕੀਤੀ ਤਾਂ ਗੁਰੂ ਜੀ ਨੇ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਅਤੇ ਆਜ਼ਾਦੀ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਦਿੱਲੀ ਦੇ ਚਾਂਦਨੀ ਚੌਕ ਵਿਖੇ ਦਿੱਤੀ ਗਈ ਉਨ੍ਹਾਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਵਿਲੱਖਣ ਮਿਸਾਲ ਹੈ, ਜਿੱਥੇ ਕਿਸੇ ਨੇ ਆਪਣੇ ਧਰਮ ਲਈ ਹੀ ਨਹੀਂ, ਸਗੋਂ ਦੂਜਿਆਂ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਵੀ ਆਪਣਾ ਜੀਵਨ ਨਿਛਾਵਰ ਕਰ ਦਿੱਤਾ। ਇਸ ਮੌਕੇ ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ , ਮੈਂਬਰ ਜਗਮੇਲ ਸਿੰਘ ਬਰਾੜ, ਅਲਾਇੰਸ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਅਤੇ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੀ ਅਕਾਦਮਿਕ ਮੁਖੀ ਸਾਨੀਆ ਨਰੂਲਾ ਨੇ ਵੀ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਹਰ ਮਨੁੱਖ ਲਈ ਸਦੀਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਸਾਨੂੰ ਸੱਚ, ਇਨਸਾਫ਼, ਨਿਡਰਤਾ, ਮਨੁੱਖੀ ਏਕਤਾ ਅਤੇ ਦੂਜਿਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।